ਬੇਅਦਬੀ ਕਾਂਡ: ਉਮੀਦਵਾਰਾਂ ਨੂੰ ਝੱਲਣਾ ਪੈ ਰਿਹਾ ਹੈ ਲੋਕ ਰੋਹ

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿਚ ਇਨਸਾਫ ਦੀ ਮੰਗ ਲਈ ਪਿਛਲੇ ਸਵਾ ਮਹੀਨੇ ਤੋਂ ਕੋਟਕਪੂਰਾ-ਬਾਜਾਖਾਨਾ ਮਾਰਗ ‘ਤੇ ਸਥਿਤ ਪਿੰਡ ਬਹਿਬਲ ਕਲਾਂ ਵਿਚ ਧਰਨੇ ‘ਤੇ ਬੈਠੇ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀ ਵਾਲਾ ਅਤੇ ਪ੍ਰਬੰਧਕਾਂ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਵੋਟਾਂ ਮੰਗਣ ਆਉਣ ਵਾਲੇ ਉਮੀਦਵਾਰਾਂ ਨੂੰ ਬੇਅਦਬੀ ਮਾਮਲੇ ਸਬੰਧੀ ਸਵਾਲ ਪੁੱਛੇ ਜਾਣ ਅਤੇ ਮੀਡੀਆ ਵਿਚ ਬਿਆਨ ਜਾਰੀ ਕਰਕੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਜਾਵੇ।

ਮੌਕੇ ‘ਤੇ ਮੌਜੂਦ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ਨੇ ਮੰਚ ਤੋਂ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ‘ਆਪ‘ ਦੀ ਸਰਕਾਰ ਬਣਨ ਉਤੇ ਜੇ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦਿਵਾ ਸਕੇ ਤਾਂ ਉਹ ਹਮੇਸ਼ਾ ਲਈ ਸਿਆਸਤ ਛੱਡ ਦੇਣਗੇ। ਮੰਚ ‘ਤੇ ਸੁਖਰਾਜ ਸਿੰਘ ਨੇ ਦੋਸ਼ ਲਾਇਆ ਕਿ ਪਿਛਲੇ ਸਾਢੇ ਛੇ ਸਾਲ ਤੋਂ ਬੇਅਦਬੀ ਕਾਂਡ ਮਾਮਲੇ ‘ਚ ਇਨਸਾਫ ਲਈ ਉਹ ਸੜਕਾਂ ‘ਤੇ ਰੁਲ ਰਹੇ ਹਨ ਪਰ ਕਿਸੇ ਨੇ ਉਨ੍ਹਾਂ ਦਾ ਦਰਦ ਨਹੀਂ ਸਮਝਿਆ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੰਗ ਕੀਤੀ ਕਿ ਭਵਿੱਖ ਵਿਚ ਜਿਸ ਪਾਰਟੀ ਦੀ ਸਰਕਾਰ ਬਣਦੀ ਹੈ, ਉਹ ਬਰਗਾੜੀ ਬੇਅਦਬੀ ਕਾਂਡ ਦਾ ਇਨਸਾਫ ਸਿੱਖ ਕੌਮ ਨੂੰ ਦੇਵੇ। ਇਸ ਮੌਕੇ ਲੋਕ ਭਲਾਈ ਇਨਸਾਫ ਮੋਰਚੇ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਂਝੀ ਨੇ ਵੀ ਸੰਬੋਧਨ ਕੀਤਾ।
ਉਧਰ, ‘ਆਪ` ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ `ਤੇ ਪਿਛਲੇ 7 ਸਾਲਾਂ ਤੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ ਮੰਗ ਰਹੀਆਂ ਸੰਗਤਾਂ ‘ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਸ਼ਹੀਦ ਕੀਤਾ ਗਿਆ। ਇਨ੍ਹਾਂ ਘਟਨਾਵਾਂ ਨੂੰ ਸੱਤ ਸਾਲ ਬੀਤ ਗਏ ਪਰ ਸੰਗਤ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ. ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ ਦਾ ਗਠਨ ਕੀਤਾ ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲ ਸਕੀ।
ਸ੍ਰੀ ਚੀਮਾ ਨੇ ਕਿਹਾ ਕਿ ਬੇਅਦਬੀ ਅਤੇ ਗੋਲੀਬਾਰੀ ਮਾਮਲੇ ਦੀ ਜਾਂਚ ਦੀ ਦਿਸ਼ਾ ਇਕ ਰਾਜਨੀਤਕ ਪਰਿਵਾਰ ਅਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ, ਜਿਸ ਕਰਕੇ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ ਕਿਉਂਕਿ ਬਾਦਲ ਅਤੇ ਕੈਪਟਨ ਦਾ ਇਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ।
ਡੇਰਾ ਮੁਖੀ ਨੇ ਬਾਦਲਾਂ ਨਾਲ ਰਲ ਕੇ ਬੇਅਦਬੀ ਕਰਵਾਈ: ਮਾਨ
ਮਹਿਲ ਕਲਾਂ: ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਪਿੰਡ ਠੀਕਰੀਵਾਲਾ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਲ 2015 ‘ਚ ਬਰਗਾੜੀ ਵਿਚ ਡੇਰਾ ਸਿਰਸਾ ਮੁਖੀ ਨੇ ਬਾਦਲਾਂ ਨਾਲ ਸਾਜ਼ਿਸ਼ ਘੜ ਕੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ। ਇਸ ਮਾਮਲੇ ਵਿਚ ਇਨਸਾਫ ਲੈਣ ਲਈ ਪਿਛਲੇ 200 ਦਿਨ ਤੋਂ ਬਰਗਾੜੀ ਵਿਚ ਮੋਰਚਾ ਲਾਇਆ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਅਦਾਕਾਰ ਦੀਪ ਸਿੱਧੂ ਨੇ ਵੀ ਸ਼ਹੀਦ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ।