ਚੰਡੀਗੜ੍ਹ: ਪੰਜਾਬ ਵਿਚ ਵੱਧ ਰਹੀ ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਦੇਖਦਿਆਂ ਸੂਬੇ ਵਿਚੋਂ ਹਜ਼ਾਰਾਂ ਨੌਜਵਾਨ ਨਿੱਤ ਵਿਦੇਸ਼ ਜਾ ਰਹੇ ਹਨ। ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਵਿਦਿਆਰਥੀਆਂ ਨੂੰ ਰੋਕਣ ਦੀ ਥਾਂ ਵਿਦੇਸ਼ ਭੇਜਣ ਲਈ ਵਾਅਦਿਆਂ ਦੇ ਪਿਟਾਰੇ ਖੋਲ੍ਹ ਦਿੱਤੇ ਹਨ।
ਪੰਜਾਬ ਵਿਚ ਬਾਰ੍ਹਵੀਂ ਜਮਾਤ ਤੋਂ ਬਾਅਦ ‘ਸਟੂਡੈਂਟ ਵੀਜ਼ਾ` ਦਾ ਰੁਝਾਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਨੌਜਵਾਨਾਂ ਤੋਂ ਖਾਲੀ ਹੋਇਆ ਜਾਪਦਾ ਹੈ। ਪਿਛਲੇ ਪੰਜ ਸਾਲਾਂ ਵਿਚ ਪੌਣੇ ਤਿੰਨ ਲੱਖ ਦੇ ਕਰੀਬ ਨੌਜਵਾਨ ਪੰਜਾਬ ਛੱਡ ਚੁੱਕੇ ਹਨ।
ਮੌਜੂਦਾ ਸਮੇਂ ਪੰਜਾਬ ਵਿਚ ਕਾਬਜ਼ ਕਾਂਗਰਸ ਪਾਰਟੀ ਨੇ ਤਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਰੁਜ਼ਗਾਰ ਅਤੇ ਵਿਦੇਸ਼ਾਂ ਵਿੱਚ ਪੜ੍ਹਾਈ ਨੂੰ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਸੀ। ਉਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ `ਚ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ਸਾਫ ਹੈ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਵਿਚ ਰੱਖਣ ਦੀ ਥਾਂ ਵਿਦੇਸ਼ ਭੇਜਣਾ ਚਾਹੁੰਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਵੀ ਸਰਕਾਰ ਆਉਣ `ਤੇ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼ ਵਿਚ ਪੜ੍ਹਾਈ ਅਤੇ ਆਈਲੈਟਸ ਦੀ ਕੋਚਿੰਗ ਲਈ 10 ਲੱਖ ਰੁਪਏ ਵਿਆਜ ਰਹਿਤ ਕਰਜ਼ਾ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ।
ਉੱਧਰ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਨੌਜਵਾਨਾਂ ਦੇ ਪਲਾਇਨ ਨੂੰ ਰੋਕਣ ਦੀ ਗੱਲ ਕੀਤੀ ਜਾ ਰਹੀ ਹੈ। ‘ਆਪ` ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵੀ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਪੰਜਾਬ ਵਿਚ ਹੀ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਦੀ ਗੱਲ ਕਰ ਰਹੀ ਹੈ। ਬਿਊਰੋ ਆਫ ਇਮੀਗ੍ਰੇਸ਼ਨ ਦੀ ਰਿਪੋਰਟ ਅਨੁਸਾਰ ਸਟੱਡੀ ਵੀਜ਼ੇ `ਤੇ 2016 ਤੋਂ 2021 ਤੱਕ 2.62 ਲੱਖ ਵਿਦਿਆਰਥੀ ਵਿਦੇਸ਼ ਜਾ ਚੁੱਕੇ ਸਨ। ਇਨ੍ਹਾਂ ਸਾਲਾਂ ਦੌਰਾਨ ਪੰਜਾਬ ਵਿਚੋਂ ਰੋਜ਼ਾਨਾ ਔਸਤਨ 140 ਵਿਦਿਆਰਥੀ ਵਿਦੇਸ਼ ਪੜ੍ਹਨ ਲਈ ਜਹਾਜ਼ ਚੜ੍ਹ ਚੁੱਕੇ ਸਨ।
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਵਿਦੇਸ਼ ਜਾਣ ਨਾਲ ਪੰਜਾਬ ਦੀ ਜਵਾਨੀ ਅਤੇ ਪੈਸੇ ਨੂੰ ਖੋਰਾ ਲੱਗ ਰਿਹਾ ਹੈ। ਇਸ ਲਈ ‘ਆਪ` ਦਾ ਮੁੱਖ ਮਕਸਦ ਹੈ ਕਿ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਵਧੀਆ ਸਿੱਖਿਆ ਮੁਹੱਈਆ ਕਰਵਾ ਕੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ 10 ਲੱਖ ਰੁਪਏ ਤੱਕ ਬਿਨਾਂ ਵਿਆਜ ਤੋਂ ਦੇਣ ਲਈ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਵਿਦਿਆਰਥੀ ਦੇਸ਼ ਜਾਂ ਵਿਦੇਸ਼ ਵਿਚ ਸਿੱਖਿਆ ਹਾਸਲ ਕਰ ਸਕੇਗਾ।