ਕਾਂਗਰਸ ਤੇ ਅਕਾਲੀ ਦਲ ਲਈ ਮੁੱਛ ਦਾ ਸਵਾਲ ਬਣੀ ਅੰਮ੍ਰਿਤਸਰ ਪੂਰਬੀ ਸੀਟ

ਅੰਮ੍ਰਿਤਸਰ: ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਅਕਾਲੀ ਦਲ ਨੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਨੂੰ ਮੈਦਾਨ ‘ਚ ਉਤਾਰਿਆ ਹੈ। ਮਜੀਠੀਆ ਦੇ ਨਾਂ ਦਾ ਐਲਾਨ ਹੁੰਦੇ ਹੀ ਅੰਮ੍ਰਿਤਸਰ ਪੂਰਬੀ ਪੰਜਾਬ ਦੀ ਸਭ ਤੋਂ ਹਾਈ ਪ੍ਰੋਫਾਈਲ ਅਤੇ ਚਰਚਿਤ ਸੀਟ ਬਣ ਗਈ ਹੈ।

ਇਹ ਸੀਟ ਹੁਣ ਸਿਰਫ ਸਿਆਸੀ ਰੰਜਿਸ਼ ਤੱਕ ਸੀਮਤ ਨਾ ਰਹਿ ਕੇ ਦੋਵਾਂ ਪਾਰਟੀਆਂ ਲਈ ਮੁੱਛ ਦਾ ਵੀ ਸਵਾਲ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਆਗੂ ਅਤੇ ਵਰਕਰ ਲੰਬੇ ਸਮੇਂ ਤੋਂ ਮਜੀਠੀਆ ਨੂੰ ਸਿੱਧੂ ਖ਼ਿਲਾਫ ਮੈਦਾਨ ‘ਚ ਉਤਾਰਨ ਦੀ ਮੰਗ ਕਰ ਰਹੇ ਸਨ। ਬਿਕਰਮ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਦੀ ਖਹਿਬਾਜ਼ੀ ਕਾਫੀ ਪੁਰਾਣੀ ਹੈ ਅਤੇ ਉਹ ਲਗਾਤਾਰ ਇਕ-ਦੂਜੇ ‘ਤੇ ਬਿਆਨੀ ਹਮਲੇ ਕਰ ਹਨ। ਨਵਜੋਤ ਸਿੰਘ ਸਿੱਧੂ ਜਦੋਂ ਭਾਜਪਾ ਦਾ ਹਿੱਸਾ ਸਨ ਤਾਂ ਉਨ੍ਹਾਂ ਨੇ ਆਪਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਸਵਾਲ ਉਠਾਉਣੇ ਸ਼ੁਰੂ ਕੀਤੇ ਸਨ। ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ਗੀ ਕਾਰਨ ਹੀ ਭਾਜਪਾ ਨੇ ਨਵਜੋਤ ਸਿੰਘ ਸਿੱਧੂ ਨੂੰ 2014 ‘ਚ ਅੰਮ੍ਰਿਤਸਰ ਤੋਂ ਲੋਕ ਸਭਾ ਟਿਕਟ ਨਹੀਂ ਦਿੱਤੀ ਸੀ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ‘ਚ ਸ਼ਾਮਲ ਹੋ ਕੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ ਡਰੱਗਜ ਮਾਮਲੇ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ। ਮਜੀਠੀਆ ਖ਼ਿਲਾਫ ਪੰਜਾਬ ਸਰਕਾਰ ਵੱਲੋਂ ਡਰੱਗਜ ਮਾਮਲੇ ‘ਚ ਦਰਜ ਕਰਵਾਈ ਗਈ ਐਫ.ਆਈ.ਆਰ. ਵਿਚ ਵੀ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਹੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਤੇ ਮਜੀਠੀਆ ਖ਼ਿਲਾਫ ਕਾਰਵਾਈ ਕਰਨ ਲਈ ਦਬਾਅ ਬਣਾਇਆ ਸੀ। ਦੱਸਣਯੋਗ ਹੈ ਕਿ ਸਾਲ 2012 ‘ਚ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਤੋਂ ਭਾਜਪਾ ਦੀ ਟਿਕਟ ‘ਤੇ ਜੇਤੂ ਰਹੇ ਸਨ। 15 ਜਨਵਰੀ 2017 ਨੂੰ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋਏ ਨਵਜੋਤ ਸਿੰਘ ਸਿੱਧੂ ਨੇ ਇਥੋਂ ਚੋਣ ਲੜੀ ਅਤੇ ਭਾਜਪਾ ਦੇ ਉਮੀਦਵਾਰ ਨੂੰ 42,809 ਵੋਟਾਂ ਨਾਲ ਹਰਾਇਆ। ਸਿੱਧੂ ਨੂੰ ਕੁੱਲ ਵੋਟਾਂ 60,477 ਪਈਆਂ ਤੇ ਉਹ 60.68 ਫੀਸਦੀ ਵੋਟਾਂ ਨਾਲ ਜੇਤੂ ਰਹੇ ਸਨ।
ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ ਵਿਚ ਸਖਤ ਮੁਕਾਬਲੇ ਲਈ ਤਿਆਰ ਰਹੇ। ਉਨ੍ਹਾਂ ਅਕਾਲੀ ਵਰਕਰਾਂ ਨੂੰ ਕਿਹਾ ਕਿ ਸ੍ਰੀ ਸਿੱਧੂ ਨਾਲ ਲੋਹਾ ਲੈਣ ਲਈ ਤਿਆਰ ਰਹਿਣ ਅਤੇ ਤਿਆਰੀ ਸ਼ੁਰੂ ਕਰ ਦੇਣ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਲਕੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਹਰਾ ਕੇ ਉਸ ਦੇ ‘ਅਹਿਮ` ਨੂੰ ਤੋੜਨਗੇ। ਉਨ੍ਹਾਂ ਸਿੱਧੂ `ਤੇ ਦੋੋੋਸ਼ ਲਾਇਆ ਕਿ ਸਥਾਨਕ ਸਰਕਾਰਾਂ ਦਾ ਮੰਤਰੀ ਹੁੰਦਿਆਂ ਵੀ ਉਨ੍ਹਾਂ ਹਲਕੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਕਾਂਗਰਸ ਸਰਕਾਰ ਨੇ ਝੂਠੇ ਕੇਸ ਵਿਚ ਫਸਾ ਕੇ ਸਿਆਸੀ ਮੰਤਵ ਨਾਲ ਨਿਸ਼ਾਨਾ ਬਣਾਇਆ ਹੈ।