ਰਾਜਪਾਲ ਵੱਲੋਂ ਚੰਨੀ ਖਿਲਾਫ ਜਾਂਚ ਦੇ ਹੁਕਮ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਹੀ ਗੈਰਕਾਨੂੰਨੀ ਖਣਨ ਦੇ ਮੁੱਦੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਚੋਣਾਂ ਦੌਰਾਨ ਪੜਤਾਲ ਦੇ ਇਨ੍ਹਾਂ ਹੁਕਮਾਂ ਨਾਲ ਨਵਾਂ ਵਿਵਾਦ ਛਿੜ ਗਿਆ ਹੈ। ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ 18 ਜਨਵਰੀ ਨੂੰ ਚਰਨਜੀਤ ਸਿੰਘ ਦੇ ਚੰਨੀ ਦੇ ਕਰੀਬੀ ਰਿਸ਼ਤੇਦਾਰ ਸਮੇਤ ਹੋਰ ਕਈ ਥਾਵਾਂ ‘ਤੇ ਛਾਪੇ ਮਾਰੇ ਗਏ ਸੀ। ਰਾਜਪਾਲ ਨੇ 24 ਜਨਵਰੀ ਨੂੰ ‘ਆਪ` ਦੇ ਮੰਗ ਪੱਤਰ ਦੇ ਹਵਾਲੇ ਨਾਲ ਗ਼ੈਰਕਾਨੂੰਨੀ ਖਣਨ ਦੇ ਮੁੱਦੇ ਨੂੰ ਲੈ ਕੇ ਡੀ.ਜੀ.ਪੀ. ਵੀ ਕੇ ਭੰਵਰਾ ਨੂੰ ਉੱਚ ਪੱਧਰੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਪੜਤਾਲ ਰਿਪੋਰਟ ਸੌਂਪਣ ਲਈ ਵੀ ਕਿਹਾ ਹੈ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਦਾ ਇਕ ਵਫਦ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿਚ 24 ਜਨਵਰੀ ਨੂੰ ਪੰਜਾਬ ਦੇ ਰਾਜਪਾਲ ਨੂੰ ਮਿਲਿਆ ਸੀ ਅਤੇ ਮੰਗ ਪੱਤਰ ਸੌਂਪ ਕੇ ਰੇਤ ਮਾਫ਼ੀਆ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਮੰਗ ਪੱਤਰ `ਚ ਈਡੀ ਵੱਲੋਂ ਮੁੱਖ ਮੰਤਰੀ ਦੇ ਰਿਸ਼ਤੇਦਾਰ `ਤੇ ਮਾਰੇ ਗਏ ਛਾਪਿਆਂ ਅਤੇ 10 ਕਰੋੜ ਦੀ ਨਗਦੀ ਦਾ ਹਵਾਲਾ ਵੀ ਦਿੱਤਾ ਗਿਆ ਸੀ। ਉਂਜ ਮੁੱਖ ਮੰਤਰੀ ਅਤੇ ਕਾਂਗਰਸ ਨੇ ਕਿਹਾ ਹੈ ਕਿ ਇਹ ਛਾਪੇ ਬਦਲਾਖੋਰੀ ਤਹਿਤ ਮਾਰੇ ਗਏ ਹਨ।
ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਰਾਜਪਾਲ ਦੇ ਇਨ੍ਹਾਂ ਹੁਕਮਾਂ ‘ਤੇ ਇਤਰਾਜ਼ ਜਤਾਇਆ ਹੈ। ਜਾਖੜ ਨੇ ਕਿਹਾ ਕਿ ਜ਼ਾਹਿਰਾ ਤੌਰ ‘ਤੇ ਸੁਪਰੀਮ ਕੋਰਟ ਨੇ ਵੀ ਡਰੱਗ ਕੇਸ ਦਾ ਫੈਸਲਾ ਕਰਨ ਸਮੇਂ ਚੋਣ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਿਆ ਪਰ ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਪੜਤਾਲ ਦੇ ਹੁਕਮ ਜਾਰੀ ਕਰਨ ਲਈ ਚੋਣਾਂ ਦੇ ਸਮੇਂ ਨੂੰ ਚੁਣਿਆ ਹੈ।