ਸਿੱਖ ਕਤਲੇਆਮ: ਹਾਈ ਕੋਰਟ ਵੱਲੋਂ ‘ਸਿੱਟ` ਦੀ ਕਾਰਵਾਈ ਰਿਪੋਰਟ ਤਲਬ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਵੱਲੋਂ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿਚ ਦਿੱਤੇ ਗਏ ਹੁਕਮਾਂ ਮਗਰੋਂ ਕਾਂਗਰਸੀ ਆਗੂ ਕਮਲਨਾਥ ਦਾ ਜੇਲ੍ਹ ਜਾਣ ਦਾ ਰਸਤਾ ਸਾਫ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਨੋਟਿਸ ਜਾਰੀ ਕਰਦਿਆਂ ਹੁਣ ਤੱਕ ਦੀ ਕਾਰਵਾਈ ਰਿਪੋਰਟ ਤਲਬ ਕਰ ਲਈ ਹੈ। ਕੇਸ ਦੀ ਅਗਲੀ ਸੁਣਵਾਈ 28 ਮਾਰਚ ਨੂੰ ਹੋਵੇਗੀ।
ਇਕ ਸਾਂਝੇ ਬਿਆਨ ਵਿਚ ਹਰਮੀਤ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮਲਨਾਥ 1984 ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦੋ ਸਿੱਖਾਂ ਨੂੰ ਮਾਰਨ ਵਾਲੀ ਭੀੜ ਦੀ ਅਗਵਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਫੀ ਦੇਰ ਤੋਂ ਇਸ ਮਾਮਲੇ ਦੀ ਪੈਰਵੀ ਕਰ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਕਾਂਗਰਸੀ ਆਗੂ ਕਮਲਨਾਥ ਕਥਿਤ ਸਿੱਧਾ ਸਿੱਧਾ ਦੋਸ਼ੀ ਹੈ, ਪਰ ਕਾਂਗਰਸ ਪਾਰਟੀ ਵੱਲੋਂ ਹੁਣ ਤੱਕ ਕੀਤੀ ਜਾਂਦੀ ਪੁਸ਼ਤਪਨਾਹੀ ਕਰਕੇ ਬਚਦਾ ਰਿਹਾ ਹੈ, ਪਰ ਹੁਣ ਉਸ ਦਾ ਜੇਲ੍ਹ ਜਾਣਾ ਤੈਅ ਹੈ।
ਉਧਰ, ਭਾਜਪਾ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਕਤਲੇਆਮ ਨਾਲ ਜੁੜੇ ਕੇਸ ਵਿਚ ਹਾਈ ਕੋਰਟ ਵੱਲੋਂ ‘ਸਿੱਟ` ਤੋਂ ਮੰਗੀ ਕਾਰਵਾਈ ਰਿਪੋਰਟ ਨੂੰ ਵੱਡੀ ਸਫਲਤਾ ਕਰਾਰ ਦਿੱਤਾ ਹੈ।
ਸਿਰਸਾ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੌਰਾਨ ਪਾਰਲੀਮੈਂਟ ਸਟਰੀਟ ਪੁਲਿਸ ਥਾਣੇ ਵਿਚ ਦਰਜ ਕੇਸ ਦੇ ਸਬੰਧ ਵਿਚ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ‘ਸਿੱਟ` ਨੂੰ ਕਮਲਨਾਥ ਖਿਲਾਫ ਕਾਰਵਾਈ ਕਰਨ ਅਤੇ ਉਸ ਨੂੰ ਗ੍ਰਿਫਤਾਰ ਕਰਨ ਦੀ ਹਦਾਇਤ ਕੀਤੀ ਜਾਵੇ।