ਸਿੱਖਾਂ ਨਾਲ ਭਾਜਪਾ ਦੀ ਨੇੜਤਾ ਤੋਂ ਵਿਰੋਧੀ ਧਿਰਾਂ ਚਿੰਤਤ: ਸ਼ਾਹ

ਪਟਿਆਲਾ: ਪਟਿਆਲਾ ਵਿਚ ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਜਪਾ ਅਤੇ ਸਿੱਖ ਸਫਾਂ ਦਰਮਿਆਨ ਮੋਹ ਤੇ ਸਾਂਝ ਵਧਣ ਨੇ ਵਿਰੋਧੀ ਰਾਜਸੀ ਧਿਰਾਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ। ਗ੍ਰਹਿ ਮੰਤਰੀ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਸ਼ਿੱਦਤ ਤੇ ਸ਼ਰਧਾ ਭਾਵਨਾ ਨਾਲ ਸਿੱਖਾਂ ਦੇ, ਤੇ ਖਾਸ ਕਰਕੇ ਪੰਥਕ ਮਸਲਿਆਂ ਦਾ ਹੱਲ ਕਰਨ ‘ਚ ਲੱਗੀ ਹੋਈ ਹੈ।

ਜਦਕਿ ਭਾਜਪਾ ਲਈ ਵਧ ਰਹੀ ਹਮਾਇਤ ਕਾਰਨ ਵਿਰੋਧੀ ਧਿਰਾਂ ਸਾਜ਼ਿਸ਼ ਕਰਨ ਵਿਚ ਲੱਗੀਆਂ ਹੋਈਆਂ ਹਨ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ, 26 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਉਣ ਦੇ ਰੂਪ ਵਿਚ ਕਈ ਕਦਮ ਚੁੱਕੇ ਹਨ। ਉਨ੍ਹਾਂ ਕਾਲੀ ਸੂਚੀ ਵਿਚੋਂ ਨਾਂ ਹਟਾਉਣ ਦਾ ਜ਼ਿਕਰ ਵੀ ਕੀਤਾ।
ਅਮਿਤ ਸ਼ਾਹ ਨੇ ਸੂਬੇ ਦੀਆਂ ਸਨਅਤਾਂ ਲਈ ਕਈ ਵੱਡੇ ਐਲਾਨ ਕੀਤੇ। ਸ਼ਾਹ ਨੇ ਇਸ ਮੌਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਨਾਅਰਾ ਵੀ ਦਿੱਤਾ ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਵੀ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿਚ ਐਨ.ਡੀ.ਏ. ਦੀ ਸਰਕਾਰ ਬਣਨ ‘ਤੇ ਤੁਰਤ ਪੰਜਾਬ ਦੇ ਕਿਸਾਨਾਂ ਦਾ 50 ਹਜ਼ਾਰ ਤੱਕ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਸ਼ਾ ਮੁਕਤ ਪੰਜਾਬ ਲਈ, ਸੂਬੇ ਦੇ ਚਾਰ ਵੱਡੇ ਸ਼ਹਿਰਾਂ ਵਿਚ ਨਾਰਕੋਟਿਕਸ ਬਿਊਰੋ ਬਣਾਏ ਜਾਣਗੇ, ਹਰ ਸ਼ਹਿਰ ਵਿਚ ਐਸ.ਟੀ.ਐਫ. ਹੋਵੇਗਾ। ਸੂਬੇ ਦੀ ਜੋ ਸਨਅਤ ਬਾਹਰਲੇ ਸੂਬਿਆਂ ਵਿਚ ਚਲੀ ਗਈ ਹੈ, ਉਸ ਨੂੰ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਜੇ ਸਨਅਤਕਾਰ ਤੇ ਲੋਕ ਭਾਜਪਾ ਨੂੰ ਜਿਤਾਉਣਗੇ ਤਾਂ ਲੁਧਿਆਣਾ ਦੇ ਸਾਈਕਲ ਉਦਯੋਗ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਸੂਬੇ ਦੀਆਂ ਸਨਅਤਾਂ ਨੂੰ ਚਾਰ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ। ਰੈਲੀ ਦੌਰਾਨ ਸ਼ਾਹ ਨੇ ਲੁਧਿਆਣਾ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਦੇ ਉਮੀਦਵਾਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਤੇ ਉਨ੍ਹਾਂ ਦੇ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ ਹੈ। ਉਨ੍ਹਾਂ ਪੰਜਾਬ ਨੂੰ ਭਾਰਤ ਦੇ ਜਿਗਰ ਦਾ ਟੁਕੜਾ ਦੱਸਦੇ ਹੋਏ ਕਿਹਾ ਕਿ ਪੰਜਾਬ ਬਿਨਾਂ ਦੇਸ਼ ਦਾ ਸਨਮਾਨ ਨਹੀਂ। ਰੈਲੀ ਦੌਰਾਨ ਅਮਿਤ ਸ਼ਾਹ ਨੇ ਪਾਕਿਸਤਾਨ ਵਿਚ ਕੀਤੀ ਸਰਜੀਕਲ ਸਟ੍ਰਾਈਕ ‘ਤੇ ਵੀ ਗੱਲ ਕੀਤੀ। ਉਨ੍ਹਾਂ ਨਾਲ ਹੀ ਕਿਹਾ ਕਿ ਜੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਇੱਥੇ ਸਿੱਖਾਂ ਤੇ ਹਿੰਦੂਆਂ ਦਾ ਧਰਮ ਬਦਲਾਉਣ ਵਾਲੇ ਲੋਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਏਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ। ਸ਼ਾਹ ਨੇ ਇਸ ਮੌਕੇ ਕਰਤਾਰਪੁਰ ਲਾਂਘੇ, ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ 300 ਥਾਵਾਂ ‘ਤੇ ਮਨਾਉਣ ਦਾ ਜ਼ਿਕਰ ਕੀਤਾ।