ਐਸ.ਐਸ.ਐਮ. ਨੇ ਮਾਨਸਾ ਤੋਂ ਉਮੀਦਵਾਰ ਨੂੰ ਚੋਣ ਮੈਦਾਨ ਵਿਚੋਂ ਵਾਪਸ ਲਿਆ

ਮਾਨਸਾ: ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਮੰਨਣ ਦੀ ਥਾਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਨੂੰ ਜ਼ਮਾਨਤ ਦਿਵਾਉਣ ਦੇ ਰੋਸ ਵਜੋਂ ਪੰਜਾਬ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਚੋਣਾਂ ‘ਚੋਂ ਆਪਣੇ ਉਮੀਦਵਾਰ ਗੁਰਨਾਮ ਸਿੰਘ ਭੀਖੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਭਾਜਪਾ ਸਮੇਤ ਉਸ ਦੇ ਭਾਈਵਾਲਾਂ ਦੇ ਉਮੀਦਵਾਰਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।

ਗੁਰਨਾਮ ਸਿੰਘ ਭੀਖੀ ਮਾਨਸਾ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ (ਐਸ.ਐਸ.ਐਮ.) ਦੇ ਉਮੀਦਵਾਰ ਵਜੋਂ ਮੈਦਾਨ ਵਿਚ ਉੱਤਰੇ ਹੋਏ ਹਨ ਅਤੇ ਉਹ ਲੰਬੇ ਸਮੇਂ ਪੰਜਾਬ ਕਿਸਾਨ ਯੂਨੀਅਨ ਵਿਚ ਕੰਮ ਕਰਦੇ ਹਨ। ਸੰਯੁਕਤ ਸਮਾਜ ਮੋਰਚਾ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਗੰਭੀਰ ਮਾਮਲੇ ਨੂੰ ਲੈ ਕੇ ਉਨ੍ਹਾਂ ਪੰਜਾਬ ਦੀਆਂ ਖੱਬੀਆਂ ਧਿਰਾਂ ਸਮੇਤ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰਾਂ ਨੂੰ ਵਾਪਸ ਆ ਕੇ ਸੰਘਰਸ਼ ਦੇ ਮੈਦਾਨ ‘ਚ ਕੁੱਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਵਿਰੋਧ ਵਿਚ ਮੋਦੀ ਦੇ ਪੁਤਲੇ ਸਾੜੇ ਜਾਣਗੇ ਅਤੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਪੀ ਸਮੇਤ ਬਾਕੀ ਰਾਜਾਂ ਵਿਚ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ।
ਲੱਖੋਵਾਲ ਯੂਨੀਅਨ ਵੱਲੋਂ ‘ਆਪ’ ਉਮੀਦਵਾਰ ਦੀ ਹਮਾਇਤ
ਚਮਕੌਰ ਸਾਹਿਬ: ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰਾਂ ਨੇ ਹਲਕੇ ਤੋਂ ਆਪ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਨੂੰ ਚੋਣਾਂ ਦੌਰਾਨ ਸਮਰਥਨ ਦੇਣ ਦਾ ਐਲਾਨ ਕੀਤਾ। ਇਹ ਫੈਸਲਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਤਾੜੀ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਕੀਤਾ ਗਿਆ। ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਨੇ ਦੱਸਿਆ ਕਿ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦਾ ਕੋਈ ਉਮੀਦਵਾਰ ਨਹੀਂ ਹੈ, ਇਸ ਲਈ ‘ਆਪ’ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।