ਮੋਦੀ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨਾਅਰਾ ਬੁਲੰਦ

ਜਲੰਧਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੇ ਗਏ ਨਾਅਰੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨੂੰ ਪੂਰੇ ਜੋਰ ਨਾਲ ਉਭਾਰਿਆ। ਉਨ੍ਹਾਂ ਇਥੇ ਪੀ.ਏ.ਪੀ. ਗਰਾਊਂਡ ਵਿਚ ਕੀਤੀ ਚੋਣ ਰੈਲੀ ‘ਚ ਕਿਹਾ ਕਿ ਨਵਾਂ ਪੰਜਾਬ ਕਰਜ਼ੇ, ਮਾਫੀਆ ਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ, ਸਾਰਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਬਣੇਗੀ।

ਨਰਿੰਦਰ ਮੋਦੀ ਨੇ ਆਪਣੇ ਸਾਰੇ ਭਾਸ਼ਣ ਵਿਚ ਹਮਲਾਵਰ ਰੁਖ ਅਪਣਾਉਂਦਿਆਂ ਵਿਰੋਧੀਆਂ ‘ਤੇ ਨਿਸ਼ਾਨੇ ਲਾਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਪੰਜਾਬ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਰਾਸਤ ਨੂੰ ਸੰਭਾਲਿਆ ਜਾਵੇਗਾ ਤੇ ਇਸ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੋਰਿਆ ਜਾਵੇਗਾ। ਉਨ੍ਹਾਂ ਆਪਣੇ ਭਾਸ਼ਣ ਵਿਚ ਵਾਰ-ਵਾਰ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨਾਅਰੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿਚ ਪੂਰੀ ਤਰ੍ਹਾਂ ਨਾਲ ਕਾਨੂੰਨ ਦਾ ਰਾਜ ਹੋਵੇਗਾ। ਇਥੇ ਮਾਫੀਆ ਤੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੋਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਥੇ ਵੀ ‘ਡਬਲ ਇੰਜਣ’ ਵਾਲੀ ਸਰਕਾਰ ਬਣਾਉਣ ਤਾਂ ਜੋ ਕੇਂਦਰ ਤੇ ਸੂਬਾ ਸਰਕਾਰਾਂ ਰਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਸਕਣ।