ਚੰਡੀਗੜ੍ਹ: ਹਰਿਆਣਾ ਦੀ ਭਾਜਪਾ ਸਰਕਾਰ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਉਤੇ ਮਿਹਰਬਾਨ ਹੈ।
ਚੋਣ ਮਾਹੌਲ ਵਿਚ ਫਰਲੋ ਦੇਣ ਪਿੱਛੋਂ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਵੀ ਦੇ ਦਿੱਤੀ ਗਈ ਹੈ। ਉਸ ਨੂੰ ਤਿੰਨ ਹਫਤਿਆਂ ਦੀ ਛੁੱਟੀ ਮਿਲੀ ਸੀ ਤੇ ਉਹ 7 ਫਰਵਰੀ ਨੂੰ ਸੁਨਾਰੀਅਨ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਦੀ ਫਰਲੋ ਦੀ ਮਨਜ਼ੂਰੀ ਦੇ ਨਾਲ-ਨਾਲ ਹਰਿਆਣਾ ਸਰਕਾਰ ਨੇ ਉਸ ਦੀ ਜ਼ੈੱਡ ਪਲੱਸ ਸੁਰੱਖਿਆ ਨੂੰ ਵੀ ਮਨਜ਼ੂਰੀ ਦਿੱਤੀ ਸੀ ਪਰ ਇਸ ਦਾ ਖੁਲਾਸਾ ਹੁਣ ਹੋਇਆ ਹੈ। ਇਸ ਪਿੱਛੇ ਤਰਕ ਇਹ ਦਿੱਤਾ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਖਾਲਿਸਤਾਨ ਦੇ ਸਮਰਥਕਾਂ ਤੋਂ ਖ਼ਤਰਾ ਹੈ। ਦਰਅਸਲ, ਡੇਰਾ ਮੁਖੀ ਦੀ ਫਰਲੋ ਨੂੰ ਚੁਣੌਤੀ ਦਿੰਦੀ ਪਟੀਸ਼ਨ ਹਾਈਕੋਰਟ ‘ਚ ਦਾਇਰ ਕੀਤੀ ਗਈ ਸੀ। ਹਾਈਕੋਰਟ ਵੱਲੋਂ ਫਰਲੋ ਦੇ ਇਸ ਮਾਮਲੇ ਦੀ ਤੁਰੰਤ ਸੁਣਾਈ ਦੀ ਬੇਨਤੀ ਉਤੇ ਇਸ ਮਾਮਲੇ ਦੀ ਤਿੰਨ ਦਿਨਾਂ ਵਿਚ ਰਿਪੋਰਟ ਮੰਗੀ ਸੀ। ਸੁਣਵਾਈ ਦੌਰਾਨ ਹਾਈਕੋਰਟ ‘ਚ ਪੇਸ਼ ਕੀਤੇ ਦਸਤਾਵੇਜ਼ਾਂ ਤੋਂ ਖੁਲਾਸਾ ਹੋਇਆ ਕਿ ਡੇਰਾ ਮੁਖੀ ਨੂੰ ਜ਼ੈੱਡ ਪਲੱਸ ਸੁਰੱਖਿਆ ਦੇ ਕੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ।