ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਨੇ ਭਾਜਪਾ ਸਰਕਾਰ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਪਿਛਲੇ ਸੱਤ ਸਾਲਾਂ ਤੋਂ ਕੇਂਦਰ ਦੀ ਸੱਤਾ ‘ਤੇ ਕਾਬਜ਼ ਹੈ, ਪਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਲਈ ਅਜੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਸਿਰ ਦੋਸ਼ ਮੜ੍ਹੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਤਿਹਾਸ ਸਿਰ ਠੀਕਰਾ ਭੰਨਣ ਨਾਲ ਕਿਸੇ ਦੇ ਪਾਪ ਘੱਟ ਨਹੀਂ ਹੁੰਦੇ। ਪਿਛਲੇ ਮਹੀਨੇ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕਥਿਤ ਚੂਕ ਦੇ ਹਵਾਲੇ ਨਾਲ ਸਿੰਘ ਨੇ ਕਿਹਾ, ”ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਨਾਂ ‘ਤੇ (ਪੰਜਾਬ ਦੇ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬੇ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਅੰਦੋਲਨ, ਵਿਦੇਸ਼ ਨੀਤੀ, ਮਹਿੰਗਾਈ ਤੇ ਬੇਰੁਜ਼ਗਾਰੀ ਸਣੇ ਹੋਰ ਮੁੱਦਿਆਂ ‘ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਮਨਮੋਹਨ ਸਿੰਘ ਨੇ ਕਿਹਾ ਕਿ ਭਾਜਪਾ ਦਾ ਰਾਸ਼ਟਰਵਾਦ ‘ਫਰਜ਼ੀ‘ ਤੇ ਬਰਤਾਨਵੀ ਸ਼ਾਸਕਾਂ ਦੀ ‘ਫੁੱਟ ਪਾਓ ਤੇ ਰਾਜ ਕਰੋ‘ ਦੀ ਨੀਤੀ ‘ਤੇ ਆਧਾਰਿਤ ਹੈ। ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਪੰਜਾਬੀ ‘ਚ ਦਿੱਤਾ ਵੀਡੀਓ ਸੁਨੇਹਾ ਚਲਾਇਆ ਗਿਆ, ਜਿਸ ਵਿਚ ਉਨ੍ਹਾਂ ਉਪਰੋਕਤ ਗੱਲਾਂ ਕਹੀਆਂ। ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੌਰਾਨ ਵੀ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ।“ ਉਨ੍ਹਾਂ ਕਿਹਾ ਕਿ ਕੁੱਲ ਆਲਮ ਪੰਜਾਬੀਆਂ ਦੀ ਬਹਾਦਰੀ, ਦੇਸ਼ ਭਗਤੀ ਤੇ ਬਲਿਦਾਨ ਨੂੰ ਸਲਾਮ ਕਰਦਾ ਹੈ, ਪਰ ਐਨ.ਡੀ.ਏ. ਸਰਕਾਰ ਇਨ੍ਹਾਂ ਵਿਚੋਂ ਕਿਸੇ ਦੀ ਗੱਲ ਨਹੀਂ ਕਰਦੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਨੂੰ ਵੋਟ ਪਾਉਣ ਕਿਉਂਕਿ ਪੰਜਾਬ ਦਾ ਵਿਕਾਸ, ਇਸ ਦੀ ਖੇਤੀ ਤੇ ਬੇਰੁਜ਼ਗਾਰੀ ਜਿਹੇ ਮੁੱਦਿਆਂ ਨੂੰ ਕਾਂਗਰਸ ਹੀ ਮੁਖ਼ਾਤਬ ਹੋ ਸਕਦੀ ਹੈ।‘