ਨਸ਼ਾ ਤਸਕਰੀ: ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਿਆ

ਪਟਿਆਲਾ: ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਦਰਜ ਕੀਤੇ ਗਏ ਕੇਸ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਕਰ ਦਿੱਤਾ ਗਿਆ ਹੈ। ਉਸ ਨੂੰ ਪੁਲਿਸ ਦੇ ਸਖਤ ਸੁਰੱਖਿਆ ਪਹਿਰੇ ਹੇਠ ਇਥੇ ਲਿਆਂਦਾ ਗਿਆ ਤੇ ਮੁੱਢਲੀ ਦਸਤਾਵੇਜ਼ੀ ਕਾਰਵਾਈ ਤੋਂ ਮੁਕੰਮਲ ਕਰਨ ‘ਤੇ ਮਜੀਠੀਆ ਨੂੰ ਜੇਲ੍ਹ ਅੰਦਰ ਭੇਜ ਦਿੱਤਾ ਗਿਆ ਸੀ।

ਜ਼ਿਕਰਯੋਗ ਕਿ ਪੰਜਾਬ ਦੀ ਚੰਨੀ ਸਰਕਾਰ ਨੇ ਆਪਣੇ ਅੰਤਲੇ ਦਿਨਾਂ ਦੌਰਾਨ ਹੀ 21 ਦਸੰਬਰ 2021 ਨੂੰ ਮਜੀਠੀਆ ਖਿਲਾਫ਼ ਡੀ.ਜੀ.ਪੀ. ਦੇ ਹੁਕਮਾਂ ਅਨੁਸਾਰ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿਚ ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਇਹ ਕੇਸ ਦਰਜ ਕੀਤਾ ਸੀ, ਜਿਸ ਦੌਰਾਨ ਐਸ.ਟੀ.ਐਫ਼ ਵੱੱਲੋਂ ਨਸ਼ਾ ਤਸਕਰੀ ਮਾਮਲੇ ‘ਚ ਸਾਲ 2018 ਨੂੰ ਹਾਈ ਕੋਰਟ ‘ਚ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ। ਪਹਿਲੀ ਦਸੰਬਰ 2021 ਨੂੰ ਇਹ ਸਟੇਟਸ ਰਿਪੋਰਟ ਪੰੰਜਾਬ ਦੇ ਨਵੇਂ ਐਡਵੋਕੇਟ ਜਨਰਲ ਦਪਿੰਦਰ ਸਿੰਘ ਪਟਵਾਲੀਆ ਕੋਲ ਵੀ ਭੇਜੀ ਗਈ ਸੀ ਅਤੇ ਕਾਨੂੰਨੀ ਰਾਇ ਲੈਣ ਮਗਰੋਂ ਮਜੀਠੀਆ ਖਿਲਾਫ਼ ਕੇਸ ਦਰਜ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਮਗਰੋਂ ਮਜੀਠੀਆ ਨੇ ਜਦੋਂ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਤਾਂ ਹਾਈ ਕੋਰਟ ਨੇ ਸ਼ਰਤਾਂ ਦੇ ਆਧਾਰ ‘ਤੇ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਮਜੀਠੀਆ ਦੇ ਵਕੀਲਾਂ ਵੱਲੋਂ ਸੁਪਰੀਮ ਕੋਰਟ ‘ਚ ਪਹੁੰਚ ਕਰਨ ‘ਤੇ ਮਜੀਠੀਆ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਗਈ ਸੀ, ਜਿਸ ਦੇ ਚੱਲਦਿਆਂ ਹੀ ਮਜੀਠੀਆ 24 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਏ ਤੇ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।