ਕਿਸਾਨਾਂ ਵੱਲੋਂ ਮੁੜ ਮੋਰਚਾ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਇਕ ਵਾਰ ਮੁੜ ਕੇਂਦਰ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦੀ ਤਿਆਰੀ ਖਿੱਚ ਲਈ। ਚੋਣ ਨਤੀਜਿਆਂ ਤੋਂ ਬਾਅਦ ਇਸ ਪਾਸੇ ਵੱਡਾ ਐਲਾਨ ਹੋ ਸਕਦਾ ਹੈ। ਯਾਦ ਰਹੇ ਕਿ ਕੇਂਦਰ ਸਰਕਾਰ ਨੇ ਦਿੱਲੀ ਦੀਆਂ ਸਰਹੱਦਾਂ ਉਤੇ ਸੰਘਰਸ਼ ਖਤਮ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਬਕਾਇਆ ਮੰਗਾਂ ਪੂਰੀਆਂ ਕਰਨ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਬਾਅਦ ਵਿਚ ਇਸ ਪਾਸੇ ਚੁੱਪ ਵੱਟ ਲਈ।

ਹੁਣ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਬਕਾਇਆ ਮੰਗਾਂ ਪੂਰੀਆਂ ਕਰਵਾਉਣ ਲਈ 14 ਮਾਰਚ ਨੂੰ ਹੋਣ ਵਾਲੀ ਕਿਸਾਨ ਜਥੇਬੰਦੀਆਂ ਦੀ ਵਿਸਾਲ ਮੀਟਿੰਗ ਵਿਚ ਦੇਸ ਵਿਆਪੀ ਅੰਦੋਲਨ ਦਾ ਸੱਦਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਲਈ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਮਿਲਣ ਦੀ ਬਜਾਇ ਜ਼ਮਾਨਤ ਦੇਣ, ਦੇਸ਼ ਭਰ ਵਿਚ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ ਆਦਿ ਮੰਗਾਂ ਪੂਰੀਆਂ ਕਰਾਉਣ ਲਈ ਸਰਕਾਰ ਦੀ ਘੇਰੇਬੰਦੀ ਕੀਤੀ ਜਾਵੇਗੀ।