ਸ਼੍ਰੋਮਣੀ ਕਮੇਟੀ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ ਹੈ, ਜੋ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਵਿੱਤੀ ਵਰ੍ਹੇ ਸਾਲ 2022-23 ਦਾ ਬਜਟ ਪਾਸ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਚਾਲੂ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ‘ਚ ਕੈਨੇਡਾ ਤੇ ਅਮਰੀਕਾ ਦੇ ਸਿੱਖ ਆਗੂਆਂ ਵੱਲੋਂ ਇਸ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕੀਤਾ ਗਿਆ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸੰਜੀਦਗੀ ਨਾਲ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗ ਦੇ ਮਾਹੌਲ ਦਰਮਿਆਨ ਯੂਕਰੇਨ ਤੋਂ ਵਾਪਸ ਮੁੜਦੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧੀ ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਦਿੱਲੀ ਹਵਾਈ ਅੱਡੇ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਜਾਣ ਵਾਲੇ ਇਨ੍ਹਾਂ ਬੱਚਿਆਂ ਨੂੰ ਬੱਸ ਵਿਚ ਖਾਣ-ਪੀਣ ਦੀਆਂ ਸੇਵਾਵਾਂ ਦੀ ਦਿੱਤੀਆਂ ਜਾਣਗੀਆਂ ਅਤੇ ਦਿੱਲੀ ਵਿਖੇ ਬੱਚਿਆਂ ਦਾ ਸਹਿਯੋਗ ਕਰਨ ਲਈ ਦਿੱਲੀ ਸਿੱਖ ਮਿਸ਼ਨ ਦਾ ਸਟਾਫ਼ ਕਾਰਜ ਕਰੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਆਈ.ਟੀ.ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੋਧਾਂ ਅਤੇ ਸੇਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਵਿੰਗ ਨੂੰ ਚੁਸਤ ਦਰੁਸਤ ਬਣਾਉਣ ਲਈ ਕਮੇਟੀ ਕਾਇਮ ਕੀਤੀ ਗਈ ਸੀ, ਜਿਸ ਦੀ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਿੱਖ ਮਸਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ, ਜਿਨ੍ਹਾਂ ਬਾਰੇ ਵਿਚਾਰ-ਚਰਚਾ ਅਤੇ ਪ੍ਰਮਾਣਿਕ ਜਾਣਕਾਰੀ ਦੇਣ ਲਈ ਪ੍ਰੋਗਰਾਮ ਬਣਾਏ ਜਾਣਗੇ। ਇਸ ਦੇ ਨਾਲ ਹੀ ਭਰੋਸੇਯੋਗ ਸਿੱਖ ਖਬਰਾਂ ਦੇ ਬੁਲਿਟਿਨ ਤਿਆਰ ਕੀਤੇ ਜਾਣਗੇ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਪ੍ਰੋਗਰਾਮ ਵੀ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ। ਇਹ ਪਾਵਨ ਸਰੂਪ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦੀਆਂ ਸੰਗਤਾਂ ਲਈ ਵਿਸ਼ੇਸ਼ ਬੱਸ ਰਾਹੀਂ ਭੇਜੇ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਦੀ ਰਿਹਾਈ ਜਲਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ‘ਤੇ ਸਰਕਾਰਾਂ ਦੀ ਉਦਾਸੀਨਤਾ ਮਾੜੀ ਗੱਲ ਹੈ ਅਤੇ ਸਿੱਖਾਂ ਨੂੰ ਦੇਸ਼ ਦੇ ਸੰਵਿਧਾਨ ਅਨੁਸਾਰ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕੇ ਸਜ਼ਾ ਪੂਰੀਆਂ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਇਥੋਂ ਤੱਕ ਕਿ ਕਈਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ।