ਮੁਕਾਮੀ ਤ੍ਰਾਸਦੀਆਂ ਤੇ ਲਾਤੀਨੀ ਸਿਨੇਮਾ

ਜਤਿੰਦਰ ਮੌਹਰ
ਫੋਨ: 91-97799-34747
ਸਿਨੇਮਾ ਮਨੁੱਖੀ ਸੰਵੇਦਨਾ ਨੂੰ ਪਰਦਾਪੇਸ਼ ਕਰਨ ਦਾ ਮਾਧਿਅਮ ਹੈ ਜੋ ਮਨੁੱਖੀ ਪਿੰਡੇ ਅਤੇ ਰੂਹਾਂ ‘ਤੇ ਹੰਢਾਈਆਂ ਤ੍ਰਾਸਦੀਆਂ ਨਾਲ ਸਮਕਾਲੀ ਸੰਵਾਦ ਰਚਾਉਂਦਾ ਹੈ। ਇਸ ਜ਼ਿੰਮੇਵਾਰ ਸੰਵਾਦ ‘ਚੋਂ ਲੋਕਾਈ ਦੇ ਰੌਸ਼ਨ ਭਵਿੱਖ ਦੀ ਪੈੜ ਮਿਲ ਸਕਦੀ ਹੈ। ਚਾਲੂ ਅਤੇ ਗ਼ੈਰ-ਜ਼ਿੰਮੇਵਾਰ ਫ਼ਿਲਮਾਂ ਬਣਾਉਣ ਦਾ ਰੁਝਾਨ ਬੇਸ਼ੱਕ ਭਾਰੂ ਰੂਪ ‘ਚ ਸਾਹਮਣੇ ਆਉਂਦਾ ਰਿਹਾ ਹੈ, ਪਰ ਸੁਹਿਰਦ ਅਤੇ ਜ਼ਿੰਮੇਵਾਰ ਸਿਨੇਮਾ ਦੀ ਲੰਮੀ ਰਵਾਇਤ ਵੀ ਰਹੀ ਹੈ; ਇਹ ਭਾਵੇਂ ਘੱਟ ਗਿਣਤੀ ਵਿਚ ਹੀ ਕਿਉਂ ਨਾ ਹੋਵੇ। ਇਨ੍ਹਾਂ ਫ਼ਿਲਮਸਾਜ਼ਾਂ ਨੇ ਵਿੱਤੀ, ਸਮਾਜਕ ਅਤੇ ਸਿਆਸੀ ਪਾਬੰਦੀਆਂ ਦੇ ਖ਼ਿਲਾਫ਼ ਲੰਮੀ ਲੜਾਈ ਲੜੀ ਹੈ ਜੋ ਅੱਜ ਵੀ ਜਾਰੀ ਹੈ ਅਤੇ ਅਨੇਕਾਂ ਔਕੜਾਂ ਦੇ ਬਾਵਜੂਦ ਭਵਿੱਖ ਵਿਚ ਜਾਰੀ ਰਹੇਗੀ।
ਵੱਖਰੇ ਵੱਖਰੇ ਮੁਲਕਾਂ ਦੇ ਫ਼ਿਲਮਸਾਜ਼ਾਂ ਨੇ ਮੁਕਾਮੀ ਸੰਵੇਦਨਾਵਾਂ ਅਤੇ ਤ੍ਰਾਸਦੀਆਂ ਨੂੰ ਵਿਸ਼ਾ ਬਣਾ ਕੇ ਫ਼ਿਲਮ-ਕਿਰਤਾਂ ਸਿਰਜੀਆਂ ਹਨ। ਫ਼ਿਲਮਸਾਜ਼ ਜ਼ਿੰਮੇਵਾਰੀ ਅਤੇ ਦਰਦਮੰਦੀ ਦੇ ਅਹਿਸਾਸ ‘ਚੋਂ ਆਪਣੇ ਨੇੜੇ ਦੇ ਲੋਕਾਂ ਦੇ ਦੁੱਖਾਂ ਦੀ ਬਾਤ ਪਾਉਂਦਾ ਹੈ। ਮੁਕਾਮੀ ਤ੍ਰਾਸਦੀ ਨੂੰ ਆਲਮੀ ਹਾਲਾਤ ਦੀ ਕੜੀ ਵਜੋਂ ਪੇਸ਼ ਕਰਨਾ ਫ਼ਿਲਮਸਾਜ਼ ਦਾ ਹਾਸਲ ਹੁੰਦਾ ਹੈ। ਗ਼ੈਰ-ਬੋਲੀ ਅਤੇ ਵੱਖਰੇ ਖਿੱਤੇ ਦਾ ਬੰਦਾ ਦੂਰ-ਦੁਰੇਡੇ ਵਾਪਰੇ ਹਾਦਸੇ ਨਾਲ ਸਾਂਝੀ ਤੰਦ ਲੱਭਦਾ ਹੈ। ਇਸ ਪ੍ਰਸੰਗ ‘ਚ ਲਾਤੀਨੀ ਫ਼ਿਲਮਸਾਜ਼ਾਂ ਦਾ ਜ਼ਿਕਰ ਕਰਨਾ ਬਣਦਾ ਹੈ। ਪਿਛਲੀ ਸਦੀ ‘ਚ ਲਾਤੀਨੀ ਮੁਲਕਾਂ ਨੇ ਸਾਮਰਾਜੀ ਜੰਗਬਾਜ਼ਾਂ ਵਲੋਂ ਥੋਪੀਆਂ ‘ਜਮਹੂਰੀ’ ਅਤੇ ਫ਼ੌਜੀ ਤਾਨਾਸ਼ਾਹੀਆਂ ਦਾ ਕਹਿਰ ਝੱਲਿਆ ਹੈ ਜੋ ਮਨੁੱਖੀ-ਇਤਿਹਾਸ ਦਾ ਕਾਲਾ ਪੰਨਾ ਹੈ। ਕੁਦਰਤੀ ਸੋਮਿਆਂ ਦੀ ਭਾਰੀ ਲੁੱਟ ਇਨ੍ਹਾਂ ਮੁਲਕਾਂ ‘ਚ ਮਚਾਈ ਗਈ। ਲੁੱਟ ਦਾ ਰਾਜ ਜਾਰੀ ਰੱਖਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤੇ ਗਏ। ਸੰਨ 1973 ਵਿਚ ਚਿੱਲੀ ਦੀ ਜਮਹੂਰੀ ਸਰਕਾਰ ਦੇ ਮੁਖੀ ਸਲਾਵਡੋਰ ਅਲਾਂਦੇ ਨੂੰ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ। ਜਨਰਲ ਪਿਨੋਚੇ ਦੇ ਫ਼ੌਜੀ ਨਿਜ਼ਾਮ ਨੇ ਵੱਖਰੀ ਸਿਆਸੀ ਸੋਚ ਰੱਖਣ ਵਾਲੇ ਜੀਆਂ ਨੂੰ ਵਿਉਂਤਬੱਧ ਢੰਗ ਨਾਲ ਕਿਉਟਣਾ ਸ਼ੁਰੂ ਕੀਤਾ। ਮੁਲਕ ਦੇ ਖੇਡ ਮੈਦਾਨਾਂ ਤੋਂ ਲੈ ਕੇ ਐਟਾਕਾਮਾ ਦੇ ਮਾਰੂਥਲ ਨੂੰ ਤਸ਼ੱਦਦਖਾਨਿਆਂ ‘ਚ ਤਬਦੀਲ ਕਰ ਦਿੱਤਾ ਗਿਆ। ਅਮਰੀਕਾ ਦੀ ਸ਼ਹਿ ਹੇਠ ਫ਼ੌਜੀ ਦਹਿਸ਼ਤਗਰਦੀ ਦਾ ਨੰਗਾ ਨਾਚ ਬ੍ਰਾਜ਼ੀਲ, ਅਰਜਨਟੀਨਾ ਅਤੇ ਬਹੁ ਗਿਣਤੀ ਲਾਤੀਨੀ ਮੁਲਕਾਂ ‘ਚ ਨੱਚਿਆ ਗਿਆ। ਬਸਤਾਨਾਂ ਅਤੇ ਫ਼ੌਜੀਆਂ ਨੇ ਤਰੱਕੀ, ਕੌਮਵਾਦ ਅਤੇ ਕਮਿਉਨਿਜ਼ਮ ਦੇ ਖ਼ਤਰੇ ਤੋਂ ਬਚਾਅ ਵਰਗੇ ਤਿੰਨ ਬਦਨਾਮ ਨਾਅਰਿਆਂ ਹੇਠ ਇਹ ਭਿਆਨਕ ਦਹਿਸ਼ਤ-ਚੱਕਰ ਚਲਾਇਆ। ਲਾਤੀਨੀ ਫ਼ਿਲਮਸਾਜ਼ਾਂ ਨੇ ਉਨ੍ਹਾਂ ਦਹਿਸ਼ਤੀ ਸਮਿਆਂ ਬਾਰੇ ਲਗਾਤਾਰ ਫ਼ਿਲਮਾਂ ਬਣਾਈਆਂ ਹਨ ਅਤੇ ਬਣਾ ਰਹੇ ਹਨ। ਇਨ੍ਹਾਂ ਫ਼ਿਲਮਾਂ ਵਿਚ ਦਹਿਸ਼ਤ ਦੇ, ਲਾਤੀਨੀ ਮਾਨਸਿਕਤਾ ਉੱਤੇ ਪਏ ਫ਼ੌਰੀ ਅਤੇ ਚਿਰਕਾਲੀ ਅਸਰ ਨੂੰ ਉਘੜਵੇ ਰੂਪ ‘ਚ ਦੇਖਿਆ ਜਾ ਸਕਦਾ ਹੈ। ਦਿ ਸੀਕਰੇਟ ਇਨ ਦੇਅਰ ਆਈਜ਼, ਨਾਈਟ ਔਫ਼ ਦਿ ਪੈਨਸਿਲਜ਼, ਨੋ, ਦਿ ਆਫ਼ੀਸ਼ੀਅਲ ਸਟੋਰੀ, ਜ਼ੂਜ਼ੂ ਏਂਜਲ, ਪੋਸਟ ਮਾਰਟਮ, ਕਰੌਨੀਕਲ ਔਫ਼ ਐਨ ਐਸਕੇਪ, ਫੀਸਟ ਔਫ਼ ਦਿ ਗੋਟ, ਇਨ ਦਿ ਟਾਈਮ ਔਫ਼ ਬਟਰਫਲਾਈਜ਼, ਪ੍ਰਾਈਵੇਟ ਲਾਈਵਜ਼, ਬੈਟਲ ਔਫ਼ ਚਿਲੀ, ਮਚੂਕਾ, ਸੇਮ ਲਵ ਸੇਮ ਰੇਨ ਅਤੇ ਹੈਡ ਲੈਸ ਵਿਮੈਨ ਵਰਗੀਆਂ ਫ਼ਿਲਮਾਂ ਇਸ ਰੁਝਾਨ ਦੀਆਂ ਨੁਮਾਇੰਦਾ ਅਤੇ ਗੌਲਣਯੋਗ ਕਿਰਤਾਂ ਹਨ। ਇਹ ਫ਼ਿਲਮਾਂ ਚਰਚ ਤੋਂ ਲੈ ਕੇ ਤ੍ਰਾਸਦੀ ਲਈ ਜ਼ਿੰਮੇਵਾਰ ਹਰ ਸਮਾਜਕ ਅਤੇ ਸਿਆਸੀ ਅਦਾਰਿਆਂ ‘ਤੇ ਸਵਾਲ ਉਠਾਉਂਦੀਆਂ ਹਨ।
ਅਰਜਨਟੀਨਾ ਵਿਚ ‘ਗੰਦੀ ਜੰਗ'(1976-86) ਦੇ ਦਿਨਾਂ ‘ਚ ਫ਼ੌਜੀ ਤਾਨਾਸ਼ਾਹੀ ਨੇ ਮੁਲਕ ਦੇ ਹਜ਼ਾਰਾਂ ਖੱਬੇ-ਪੱਖੀ, ਮਜ਼ਦੂਰ ਆਗੂ, ਵਿਦਿਆਰਥੀ ਅਤੇ ਬੁੱਧੀਜੀਵੀ ਕਸਾਈਖਾਨਿਆਂ ‘ਚ ਮਾਰ-ਖਪਾ ਦਿੱਤੇ। ਪਿਛਲੇ ਦਿਨੀਂ ‘ਗੰਦੀ ਜੰਗ’ ਦੇ ਫ਼ੌਜੀ ਤਾਨਾਸ਼ਾਹ ਜਾਰਜ ਰਾਫੇਲ ਵਿਡੈਲਾ ਨੂੰ ‘ਸੋਚੀ ਸਮਝੀ ਸਾਜ਼ਿਸ਼’ ਤਹਿਤ ਕੈਦੀ ਕੁੜੀਆਂ ਦੇ ਬੱਚੇ ਚੋਰੀ ਕਰਨ ਦੇ ਜੁਰਮ ‘ਚ ਪੰਜਾਹ ਸਾਲ ਦੀ ਸਜ਼ਾ ਸੁਣਾਈ ਗਈ। ਵਿਡੈਲਾ ਆਪਣੇ ਰਾਜ ਵੇਲੇ ਕਹਿੰਦਾ ਹੁੰਦਾ ਸੀ ਕਿ ਰਾਜ ਦੀ ਰੱਖਿਆ ਲਈ ਹਰ ਨਾਬਰ ਬੰਦੇ ਨੂੰ ਮਾਰਾਂਗੇ। ਉਸ ਉੱਤੇ ਪੰਜ ਸੌ ਤੋਂ ਵੱਧ ਬੱਚੇ ਚੋਰੀ ਕਰਨ ਦਾ ਇਲਜ਼ਾਮ ਹੈ। ਜੇਲ੍ਹ ਵਿਚ ਬੰਦ ਗਰਭਵਤੀ ਕੁੜੀਆਂ ਦੇ ਬੱਚੇ ਚੋਰੀ ਕਰ ਕੇ ਅਮੀਰਾਂ ਅਤੇ ਅਸਰ-ਰਸੂਖ਼ ਵਾਲੇ ਬੇਔਲਾਦ ਲੋਕਾਂ ਨੂੰ ਵੇਚ ਦਿੱਤੇ ਜਾਂਦੇ ਸਨ। ਬਹੁਤੀਆਂ ਕੁੜੀਆਂ ਸਿਆਸੀ ਕੈਦੀ ਸਨ। ਬੱਚੇ ਦੇ ਜਨਮ ਤੋਂ ਬਾਅਦ ਕੈਦੀ ਕੁੜੀਆਂ ਨੂੰ ਮਾਰ ਦਿੱਤਾ ਜਾਂਦਾ ਸੀ। ਇਨ੍ਹਾਂ ਬੱਚਿਆਂ ਨੂੰ ਆਪਣੇ ਅਸਲੀ ਮਾਂ-ਬਾਪ ਦਾ ਪਤਾ ਤੱਕ ਨਹੀਂ ਹੈ। ਕਈ ਕੇਸਾਂ ‘ਚ ਕਾਤਲਾਂ ਨੇ ਹੀ ਮਕਤੂਲ ਦੇ ਬੱਚੇ ਨੂੰ ਆਪਣਾ ਜੁਆਕ ਬਣਾ ਲਿਆ। ਇਹ ਬੱਚੇ ਮਾਂ-ਪਿਉ ਦੇ ਕਾਤਲਾਂ ਨੂੰ ਹੀ ਮਾਪੇ ਮੰਨੀ ਬੈਠੇ ਹਨ। ਦਾਦੇ-ਦਾਦੀਆਂ ਅੱਜ ਵੀ ਮਾਰ-ਖਪਾਏ ਪੁੱਤਾਂ-ਧੀਆਂ ਅਤੇ ਚੋਰੀ ਕੀਤੇ ਪੋਤੇ-ਪੋਤਰੀਆਂ ਨੂੰ ਲੱਭ ਰਹੇ ਹਨ। ਅਰਜਨਟੀਨੀ ਫ਼ਿਲਮ ‘ਦਿ ਆਫ਼ੀਸ਼ੀਅਲ ਸਟੋਰੀ’ ਅਜਿਹੇ ਹੀ ਪਾਤਰਾਂ ਨੂੰ ਪਰਦਾਪੇਸ਼ ਕਰਦੀ ਹੈ। ਕਈ ਫ਼ਿਲਮਾਂ ਉਨ੍ਹਾਂ ਕਾਲੇ ਸਮਿਆਂ ‘ਚ ਚਰਚ ਦੀ ਸ਼ੱਕੀ ਅਤੇ ਨਾਂਹ-ਪੱਖੀ ਭੂਮਿਕਾ ਨੂੰ ਉਜਾਗਰ ਕਰਦੀਆਂ ਹਨ। ਇਸ ਤੋਂ ਵੀ ਅੱਗੇ ਚਰਚ ਨੇ ਕਾਤਲਾਂ ਨਾਲ ਮਿਲ ਕੇ ਕੰਮ ਕੀਤਾ। ਗੰਦੀ ਜੰਗ ਦੌਰਾਨ ਬੱਸ ਪਾਸ ਲਈ ਸੰਘਰਸ਼ ਕਰਨ ਵਾਲੇ ਹਾਈ ਸਕੂਲ ਦੇ ਮੁੰਡੇ ਕੁੜੀਆਂ ਨੂੰ ਵੀ ਮਾਰ-ਖਪਾ ਦਿੱਤਾ ਗਿਆ। ਤਸ਼ੱਦਦ ਅਤੇ ਕਤਲ ਲਈ ਕਸਾਈਖਾਨਿਆਂ ‘ਚ ਲਿਆਂਦੇ ਇਨ੍ਹਾਂ ਬੱਚਿਆਂ ਲਈ ‘ਨਾਈਟ ਔਫ਼ ਦਿ ਪੈਨਸਿਲਜ਼’ ਸ਼ਬਦ ਵਰਤਿਆ ਜਾਂਦਾ ਸੀ। ਚਰਚ ਅਤੇ ਹਾਕਮਾਂ ਦੀ ਨਜ਼ਰ ਵਿਚ ਇਹ ਮੁੰਡੇ-ਕੁੜੀਆਂ ‘ਵਿਗੜੇ ਹੋਏ ਨਾਸਤਿਕ’ ਸਨ ਜਿਨ੍ਹਾਂ ਨੂੰ ਸਿੱਧੇ ਰਸਤੇ ਪਾਉਣ ਦਾ ਇਹੀ ਤਰੀਕਾ ਸੀ। ਕੁਝ ਸਮਾਂ ਪਹਿਲਾਂ ਨਵੇਂ ਬਣੇ ਪੋਪ ਉੱਤੇ ਤਾਨਾਸ਼ਾਹ ਵਿਡੈਲਾ ਨਾਲ ‘ਕੀਮਤੀ ਸਬੰਧ’ ਰੱਖਣ ਦੇ ਦੋਸ਼ ਲੱਗੇ ਹਨ। ਚਰਚ ਅਤੇ ਨਵੇਂ ਬਣੇ ਪੋਪ ਦੀ ਸਾਜ਼ਿਸ਼ੀ ਭੂਮਿਕਾ ਦੀ ਕੁਝ ਨਿਰਪੱਖ ਰਹੇ ਪਾਦਰੀਆਂ ਨੇ ਪੁਸ਼ਟੀ ਕੀਤੀ ਹੈ ਜਿਨ੍ਹਾਂ ਨੇ ਫ਼ੌਜੀ ਨਿਜ਼ਾਮ ਦੇ ਬੇਕਿਰਕ ਜ਼ੁਲਮ ਦੀ ਮਨੁੱਖੀ ਪੈਂਤੜੇ ਤੋਂ ਵਿਰੋਧਤਾ ਕੀਤੀ ਸੀ। ਫ਼ਿਲਮ ‘ਨਾਈਟ ਔਫ਼ ਦਿ ਪੈਨਸਿਲਜ਼’ ਅਤੇ ‘ਜ਼ੂਜ਼ੂ ਏਂਜਲ’ ਵਿਚ ਅਜਿਹੇ ਵੇਰਵੇ ਮਿਲਦੇ ਹਨ। ਇਹ ਫ਼ਿਲਮਾਂ ਸੱਚੀਆਂ ਕਹਾਣੀਆਂ ‘ਤੇ ਬਣੀਆਂ ਫ਼ਿਲਮਾਂ ਹਨ। ਹੁਣ ਫਿਰ ਇਹ ਸਵਾਲ ਤਾਂ ਪੁੱਛ ਹੀ ਲੈਣਾ ਚਾਹੀਦਾ ਹੈ ਕਿ ਵਿਡੈਲਾ ਨੂੰ ਸਜ਼ਾ ਮਿਲਣ ਤੋਂ ਬਾਅਦ ਹੁਣ ਮੌਜੂਦਾ ਪੋਪ ਦੀ ਜ਼ਿੰਮੇਵਾਰੀ ਕੌਣ ਤੈਅ ਕਰੇਗਾ?
ਅਲਬਾਨੀਅਨ ਲੇਖਕ ਇਸਮਾਈਲ ਕਦਾਰੇ ਕਹਿੰਦਾ ਹੈ ਕਿ ਕਲਾ ਮੂਲ ਰੂਪ ‘ਚ ਤਾਨਾਸ਼ਾਹੀ ਦੀ ਦੁਸ਼ਮਣ ਹੈ। ਫ਼ਿਲਮ ਕਲਾ ਇਸ ਪ੍ਰਸੰਗ ਤੋਂ ਬਾਹਰ ਨਹੀਂ ਹੋ ਸਕਦੀ। ਸਾਡੇ ਪੰਜਾਬੀ ਫ਼ਿਲਮਸਾਜ਼ਾਂ ਦੇ ਸਾਹਮਣੇ ਇਹ ਸਵਾਲ ਉੱਭਰ ਕੇ ਆਉਂਦਾ ਹੈ ਕਿ ਅਸੀਂ ਫ਼ਿਲਮ-ਕਿਰਤਾਂ ਰਾਹੀਂ ਮੁਕਾਮੀ ਤ੍ਰਾਸਦੀਆਂ ਨਾਲ ਕਿਸ ਕਿਸਮ ਦਾ ਸੰਵਾਦ ਰਚਾਇਆ ਹੈ? ਇਹ ਤ੍ਰਾਸਦੀਆਂ ਸਾਡੇ ਸਿਨੇਮੇ ਤੋਂ ਬਾਹਰ ਕਿਉਂ ਹਨ? ਇਹ ਜ਼ਰੂਰ ਕਹਿਣਾ ਬਣਦਾ ਹੈ ਕਿ ਇਨ੍ਹਾਂ ਤ੍ਰਾਸਦੀਆਂ ਦੀ ਗੱਲ ਕਰਦੇ ਹੋਏ ਸਾਨੂੰ ਜ਼ਿੰਮੇਵਾਰੀ ਅਤੇ ਪੜਚੋਲਮੁਖੀ ਪਹੁੰਚ ਰੱਖਣੀ ਪਵੇਗੀ। ਹਰ ਗੱਲ ਸ਼ਰਧਾ ਜਾਂ ਭਾਵੁਕਤਾ ਨਾਲ ਨਹੀਂ ਨਿਬੇੜੀ ਜਾ ਸਕਦੀ।

Be the first to comment

Leave a Reply

Your email address will not be published.