ਸੁਮੇਧ ਸੈਣੀ ਅਦਾਲਤ ਸਾਹਮਣੇ ਨਹੀਂ ਹੋਏ ਪੇਸ਼

ਫਰੀਦਕੋਟ: ਬਹਿਬਲ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨਿੱਜੀ ਤੌਰ ‘ਤੇ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਪੇਸ਼ੀ ਤੇ ਗ੍ਰਿਫਤਾਰੀ ਉਪਰ ਰੋਕ ਲਾਈ ਹੋਈ ਸੀ ਪਰ ਸੁਪਰੀਮ ਕੋਰਟ ਨੇ ਪਿਛਲੇ ਹਫਤੇ ਹੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਆਧਾਰਹੀਣ ਕਰਾਰ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਨਿਰਦੇਸ਼ ਦਿੱਤੇ ਸਨ ਕਿ ਸੁਮੇਧ ਸੈਣੀ ਨੂੰ ਮਿਲੀ ਬਲੈਂਕਟ ਬੇਲ ਉਪਰ ਪੁਨਰ-ਵਿਚਾਰ ਕੀਤਾ ਜਾਵੇ।

ਸਾਬਕਾ ਡੀ.ਜੀ.ਪੀ. ਨੇ ਫਰੀਦਕੋਟ ਦੀ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਸਾਬਕਾ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਉਸ ਦੀ ਪਟੀਸ਼ਨ ‘ਤੇ ਪੁਨਰ ਵਿਚਾਰ ਕਰ ਸਕਦੀ ਹੈ। ਇਸ ਲਈ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਦੀ ਹਾਜਰੀ ਮੁਆਫ਼ ਕਰਨ ਤੋਂ ਬਾਅਦ ਅਗਲੀ ਸੁਣਵਾਈ 25 ਮਾਰਚ ਰੱਖੀ ਹੈ। ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਐਸ.ਪੀ. ਬਿਕਰਮ ਸਿੰਘ ਅਤੇ ਬਾਕੀ ਮੁਲਜ਼ਮ ਵੀ ਹਾਜਰ ਸਨ।
ਪੀੜਤਾਂ ਨੂੰ ਛੇਤੀ ਇਨਸਾਫ ਮਿਲੇ: ਖਹਿਰਾ
ਕੋਟਕਪੁਰਾ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਿੰਡ ਬਹਿਬਲ ਕਲਾਂ ਵਿਚ ਜਾਰੀ ਧਰਨੇ ‘ਚ ਪੁੱਜੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛੇ ਮਹੀਨੇ ਦਾ ਸਮਾਂ ਦਿੱਤਾ। ਸ੍ਰੀ ਖਹਿਰਾ ਨੇ ਕਿਹਾ ਕਿ ਉਹ ਸੁਖਰਾਜ ਸਿੰਘ ਨੂੰ ਮਿਲਣ ਅਤੇ ਮਦਦ ਕਰਨ ਦੇ ਉਦੇਸ਼ ਨਾਲ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕਰਨ ਵਾਲੇ ਸਾਬਕਾ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਉਦੋਂ ਕੈਪਟਨ ਅਤੇ ਬਾਦਲ ਦੇ ਰਲੇ ਹੋਣ ਦੇ ਦੋਸ਼ ਲਾਉਂਦਿਆਂ ਨੌਕਰੀ ਤੋਂ ਅਸਤੀਫਾ ਦਿੱਤਾ ਸੀ।