ਹੋਲਾ ਮਹੱਲਾ ਖਾਲਸਈ ਜਾਹੋ-ਜਲਾਲ ਨਾਲ ਸੰਪੂਰਨ ਹੋਇਆ

ਸ੍ਰੀ ਆਨੰਦਪੁਰ ਸਾਹਿਬ: ਖਾਲਸਾ ਪੰਥ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਪੂਰੇ ਖਾਲਸਈ ਜਾਹੋ-ਜਲਾਲ ਨਾਲ ਸੰਪੂਰਨ ਹੋ ਗਿਆ। 14 ਮਾਰਚ ਤੋਂ ਸ਼ੁਰੂ ਹੋਏ ਹੋਲੇ-ਮਹੱਲੇ ਦੇ ਆਖਰੀ ਦਿਨ ਤਖਤ ਕੇਸਗੜ੍ਹ ਸਾਹਿਬ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਵੀ ਸਜਾਇਆ ਗਿਆ।

ਜ਼ਿਕਰਯੋਗ ਹੈ ਕਿ ਹੋਲੇ-ਮਹੱਲੇ ਦਾ ਤਿਉਹਾਰ 14 ਮਾਰਚ ਤੋਂ 16 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ 17 ਮਾਰਚ ਤੋਂ 19 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ। ਕਰੋਨਾ ਮਹਾਮਾਰੀ ਕਰਕੇ ਬੀਤੇ ਦੋ ਸਾਲਾਂ ਤੋਂ ਇਸ ਤਿਉਹਾਰ ਦੇ ਰੰਗ ਫਿੱਕੇ ਰਹੇ ਸਨ ਪਰ ਇਸ ਵਾਰ ਕਰੋਨਾ ਪਾਬੰਦੀਆਂ ਹਟਾਉਣ ਮਗਰੋਂ ਪਹਿਲੀ ਵਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਇੱਥੇ ਦਰਸ਼ਨਾਂ ਲਈ ਪਹੁੰਚੀ। ਸੰਗਤ ਲਈ ਲੰਗਰਾਂ, ਰਿਹਾਇਸ਼ ਆਦਿ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ‘ਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਸਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਕਈ ਸ਼ਖਸੀਅਤਾਂ ਹਾਜਰ ਹੋਈਆਂ।
ਇਸ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਮੁੱਚੀ ਸਿੱਖ ਕੌਮ ਨੂੰ ਸੰਗਠਿਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਨੂੰ ਵਿਵਾਦਾਂ ‘ਚ ਨਾ ਉਲਝ ਕੇ, ਸਗੋਂ ਸੰਵਾਦ ਰਾਹੀਂ ਸਾਰੇ ਮਸਲੇ ਹੱਲ ਕਰਨੇ ਚਾਹੀਦੇ ਹਨ। ਇਸ ਮੌਕੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਦਸਮ ਪਾਤਸ਼ਾਹ, ਸਾਹਿਬ-ਏ-ਕਮਾਲਿ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਭਾਰਤੀ ਲੋਕਾਈ ਵਿਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਦਿਆਂ ਸਮੇਂ ਦੀ ਜਾਬਰ ਅਤੇ ਜਾਲਮ ਸਰਕਾਰ ਖ਼ਿਲਾਫ ਸੰਘਰਸ਼ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈਸਵੀ ਵਿਚ ਹੋਲਾ ਮਹੱਲਾ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਉਤੇ ਆਰੰਭਤਾ ਕੀਤੀ ਗਈ ਸੀ। ਗੁਰੂ ਸਾਹਿਬ ਵੱਲੋਂ ਖਾਲਸਈ ਫੌਜਾਂ ਦੇ ਦੋ ਮਨਸੂਈ ਦਲਾਂ ਵਿਚ ਸ਼ਸਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ।
ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਘੋੜਿਆਂ ‘ਤੇ ਸਵਾਰ ਹੋ ਕੇ ਮਹੱਲਾ ਕੱਢਿਆ, ਜੋ ਗੁਰਦੁਆਰਾ ਸ਼ਹੀਦੀ ਬਾਗ਼ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਹੁੰਦਾ ਹੋਇਆ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਪਹੁੰਚ ਕੇ ਸੰਪੂਰਨ ਹੋਇਆ। ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਮੁੱਚੇ ਦਲਾਂ ਦੇ ਮੁਖੀਆਂ ਤੇ ਮਹੱਲੇ ‘ਚ ਸ਼ਾਮਲ ਹੋਣ ਪਹੁੰਚੇ ਨਿਹੰਗ ਸਿੰਘਾਂ ਦਾ ਧੰਨਵਾਦ ਕੀਤਾ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤ ਨੂੰ ਅੰਮ੍ਰਿਤ ਛਕ ਕੇ ਸ਼ਸਤਰਧਾਰੀ ਹੋਣ ਦੀ ਅਪੀਲ ਕੀਤੀ। ਤਖਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ ਨੇ ਦੱਸਿਆ ਕਿ ਇਸ ਵਾਰ 25 ਤੋਂ 30 ਲੱਖ ਸ਼ਰਧਾਲੂਆਂ ਨੇ ਵੱਖ-ਵੱਖ ਗੁਰਦੁਆਰਿਆਂ ਵਿਚ ਹਾਜ਼ਰੀ ਲਗਵਾਈ ਹੈ।
ਇਸ ਮੌਕੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਅਰਬਾਂ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਤਖਤ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦੇ ਕਾਰਜ ਸ਼ੁਰੂ ਕਰਵਾਏ ਗਏ। ਜਥੇਦਾਰ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ। ਸ੍ਰੀ ਧਾਮੀ ਨੇ ਦੱਸਿਆ ਕਿ 23 ਸਾਲਾਂ ਬਾਅਦ ਮੁੜ ਸੁੰਦਰੀਕਰਨ ਦੇ ਕਾਰਜ ਆਰੰਭੇ ਗਏ ਹਨ। ਇਨ੍ਹਾਂ ਕਾਰਜਾਂ ਤਹਿਤ ਤਖਤ ਕੇਸਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਨਿਰਮਾਣ, ਜੋੜਾ ਘਰ ਤੇ ਗਠੜੀ ਘਰ ਦਾ ਨਿਰਮਾਣ, ਜਥੇਦਾਰ ਦੀ ਰਿਹਾਇਸ਼, ਸਰੋਵਰ ਤੋਂ ਆਉਂਦੇ ਰਾਹ ‘ਤੇ ਦਰਸ਼ਨੀ ਡਿਓਢੀ, ਸੰਗਤ ਲਈ ਲਿਫਟਾਂ ਲਾਉਣੀਆਂ, ਪੁਰਾਣੀਆਂ ਇਮਾਰਤਾਂ ਦਾ ਨਵੀਨੀਕਰਨ, ਤਖਤ ਕੇਸਗੜ੍ਹ ਸਾਹਿਬ ਤੇ ਗੁਰਦੁਆਰਾ ਮੰਜੀ ਸਾਹਿਬ ਨੂੰ ਆਪਸ ਵਿਚ ਜੋੜਨਾ ਤੇ ਮੰਜੀ ਸਾਹਿਬ ਤੋਂ ਸੀਸਗੰਜ ਸਾਹਿਬ ਤੱਕ ਪੁਲ ਦਾ ਨਿਰਮਾਣ ਸ਼ਾਮਲ ਹੈ।
ਪੰਜਾਬ ਵਾਂਗ ਤਖਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੀ ਜਾਹੋ-ਜਲਾਲ ਨਾਲ ਹੋਲਾ ਮਹੱਲਾ ਮਨਾਇਆ ਗਿਆ। ਇਸ ਸਮਾਗਮ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਤਖਤ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਪੰਥਕ ਸਰੋਕਾਰਾਂ ਲਈ ਦਮਦਮੀ ਟਕਸਾਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਹੋਲੇ ਮੁਹੱਲੇ ਦੇ ਇਤਿਹਾਸ ‘ਤੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਅੰਮ੍ਰਿਤਧਾਰੀ ਹੋਣ ਅਤੇ ਨਸ਼ਿਆਂ ਸਮੇਤ ਹੋਰ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।
ਲਾਡਲੀਆਂ ਫੌਜਾਂ ਨੇ ਸਜਾਇਆ ਮਹੱਲਾ
ਸ੍ਰੀ ਅਨੰਦਪੁਰ ਸਾਹਿਬ: ਹੋਲੇ ਮਹੱਲੇ ਦੀ ਸੰਪੂਰਨਤਾ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤਾਂ ਨਾਲ ਮਹੱਲਾ ਸਜਾਇਆ ਗਿਆ। ਗੁਰਦੁਆਰਾ ਸ਼ਹੀਦੀ ਬਾਗ ਸਾਹਿਬ ਤੋਂ ਆਰੰਭ ਹੋਇਆ ਮਹੱਲਾ ਗੁਰਦੁਆਰਾ ਬਾਬਾ ਅਜੀਤਗੜ੍ਹ ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੁੰਦਾ ਹੋਇਆਂ ਨਵੀਂ ਆਬਾਦੀ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁਰਦੁਆਰਾ ਮਾਤਾ ਜੀਤੋ ਜੀ ਸਾਹਿਬ, ਗੁਰਦੁਆਰਾ ਕਿਲ੍ਹਾ ਹੋਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ, ਜਿੱਥੇ ਨਿਹੰਗ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਹੇਠ ਵੱਖ-ਵੱਖ ਨਿਹੰਗ ਸੰਪਰਦਾਇ ਨਾਲ ਸਬੰਧਤ ਨਿਹੰਗ ਸਿੰਘ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜੇ, ਹਾਥੀਆਂ ਉਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚ ਕੇ ਘੋੜ ਸਵਾਰੀ, ਨੇਜ਼ੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੌਹਰ ਦਿਖਾਏ।