35 ਹਜ਼ਾਰ ਮੁਲਾਜ਼ਮ ਪੱਕੇ ਕਰਨ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਇਸ ਬਾਰੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਬਾਰੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਅਗਲੇ ਵਿਧਾਨ ਸਭਾ ਸੈਸ਼ਨ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਬਿੱਲ ਪਾਸ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸ਼ਹਿਰ ਅਤੇ ਚੌਰਾਹੇ ਵਿਚ ਕੁੱਚੇ ਮੁਲਾਜ਼ਮਾਂ ਦਾ ਧਰਨਾ ਚਲਦਾ ਹੈ। ‘ਆਪ` ਨੇ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਧਰਨਿਆਂ ਤੋਂ ਮੁਕਤ ਕੀਤਾ ਜਾਵੇਗਾ। ਉਸੇ ਕੜੀ ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰੀ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਫਾਰਸ਼ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਬਣੀ ਵਜ਼ਾਰਤ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਅਤੇ ਨਿਆਂ, ਸਥਾਨਕ ਸਰਕਾਰਾਂ ਸਣੇ 27 ਵਿਭਾਗ ਆਪਣੇ ਕੋਲ ਰੱਖੇ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਖਜ਼ਾਨਾ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ, ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਡਾ. ਵਿਜੈ ਸਿੰਗਲਾ ਨੂੰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ।
ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦਿੱਤੇ ਹਨ। ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਮਿਲਿਆ ਹੈ। ਬ੍ਰਹਮ ਸ਼ੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਕ ਮਾਮਲੇ, ਖਾਣਾਂ ਤੇ ਭੂ-ਵਿਗਿਆਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।