ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ `ਤੇ ਪਾਣੀ ਦਾ ਸੰਕਟ

ਚੰਡੀਗੜ੍ਹ: ਪੰਜਾਂ ਦਰਿਆਵਾਂ ਵਾਲੇ ਪੰਜਾਬ ਦੀ ਧਰਤੀ ਪਾਣੀ ਦੇ ਡੂੰਘੇ ਸੰਕਟ ਵਿਚੋਂ ਲੰਘ ਰਹੀ ਹੈ। ਕੇਂਦਰੀ ਭੂ-ਜਲ ਬੋਰਡ ਦੀ 2019 ਵਿਚ ਆਈ ਰਿਪੋਰਟ ਨੇ ਬੜੇ ਭਿਆਨਕ ਅੰਕੜੇ ਪੇਸ਼ ਕੀਤੇ ਹਨ।

ਰਿਪੋਰਟ ਮੁਤਾਬਕ ਧਰਤੀ ਹੇਠਲੇ ਤਿੰਨ ਪੱਤਣਾਂ ਦਾ ਪਾਣੀ ਮੁੱਕ ਚੱਲਿਆ ਹੈ। ਇਨ੍ਹਾਂ ਪੱਤਣਾਂ ‘ਚ 320 ਅਰਬ ਘਣ ਮੀਟਰ ਪਾਣੀ ਹੈ ਤੇ ਹਰੇਕ ਸਾਲ ਮੀਹਾਂ ਰਾਹੀਂ 21 ਅਰਬ ਘਣ ਮੀਟਰ ਪਾਣੀ ਧਰਤੀ ‘ਚ ਸਿੰਮਦਾ ਹੈ। ਰਿਪੋਰਟ ਅਨੁਸਾਰ ਪੰਜਾਬੀ ਹਰ ਸਾਲ 35 ਅਰਬ ਘਣ ਮੀਟਰ ਪਾਣੀ ਧਰਤੀ ਹੇਠੋਂ ਕੱਢ ਰਹੇ ਹਨ। ਇਸ ਤਰ੍ਹਾਂ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਸਿਰਫ 17 ਸਾਲਾਂ ਦਾ ਹੀ ਬਚਿਆ ਹੈ। ਆਈ.ਆਈ.ਟੀ. ਖੜਗਪੁਰ, ਅਮਰੀਕਾ ਦੀ ਨਾਸਾ ਏਜੰਸੀ, ਪੰਜਾਬ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੇ ਗਏ ਅਧਿਐਨਾਂ ਅਨੁਸਾਰ ਪੰਜਾਬ ਬੜੀ ਤੇਜ਼ੀ ਨਾਲ ਰੇਗਿਸਤਾਨ ਬਣਨ ਵੱਲ ਵੱਧ ਰਿਹਾ ਹੈ। ਪੰਜਾਬ ਵਿਚ ਇਸ ਵੇਲੇ 15 ਲੱਖ ਤੋਂ ਵੱਧ ਟਿਊਬਵੈੱਲ ਹਨ, ਜਿਨ੍ਹਾਂ ਵਿਚ 14 ਲੱਖ 20 ਹਜ਼ਾਰ ‘ਤੇ ਬਿਜਲੀ ਦੀਆਂ ਮੋਟਰਾਂ ਤੇ ਬਾਕੀਆਂ ‘ਤੇ ਡੀਜ਼ਲ ਇੰਜਣ ਲੱਗੇ ਹੋਏ ਹਨ। ਇਨ੍ਹਾਂ ਟਿਊਬਵੈੱਲਾਂ ਰਾਹੀਂ ਪਾਣੀ ਕੱਢਣ ਲਈ ਸਾਢੇ 7 ਹਾਰਸ ਪਾਵਰ ਤੋਂ 12 ਹਾਰਸ ਪਾਵਰ ਤੱਕ ਦੀਆਂ ਮੋਟਰਾਂ ਲੱਗੀਆਂ ਹੋਈਆਂ ਹਨ। ਝੋਨੇ ਦੀ ਬਿਜਾਈ ਸਮੇਂ 15 ਜੂਨ ਤੋਂ 30 ਸਤੰਬਰ ਤੱਕ 8-8 ਘੰਟੇ ਚੱਲਦੀਆਂ ਮੋਟਰਾਂ ਧਰਤੀ ਹੇਠਲੇ ਪਾਣੀ ਦੇ ਅਥਾਹ ਭੰਡਾਰ ਨੂੰ ਲਗਾਤਾਰ ਖਤਮ ਕਰ ਰਹੀਆਂ ਹਨ।