ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਖਿਲਾਫ ਕਮਰ ਕੱਸੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੇ ਹੀ ਦਿਨ ਸੂਬੇ ‘ਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵੱਡਾ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿਚ ਵੀ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ‘ ਨੰਬਰ ਜਾਰੀ ਕੀਤਾ ਜਾਵੇਗਾ ਜਿਸ ‘ਤੇ ਲੋਕ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਦੀ ਆਡੀਓ ਜਾਂ ਵੀਡੀਓ ਭੇਜ ਸਕਣਗੇ।

ਉਸ ਦੀ ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੈਲਪਲਾਈਨ ਨੰਬਰ ਮੁੱਖ ਮੰਤਰੀ ਦਾ ਨਿੱਜੀ ਨੰਬਰ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਸੂਬੇ ਨੂੰ ਸੰਵਾਰਨ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ (ਆਪ) ਦੀ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਹਰ ਪਾਸੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ, ਜਿਸ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ। ਸਮਾਜ ਵਿਚ ਪੱਸਰੇ ਭ੍ਰਿਸ਼ਟਾਚਾਰ ਦਾ ਖਾਤਮਾ ਜ਼ਰੂਰੀ ਹੈ। ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ 99 ਫ਼ੀਸਦ ਅਧਿਕਾਰੀ ਇਮਾਨਦਾਰ ਹਨ ਜਦਕਿ ਇਕ ਫ਼ੀਸਦ ਅਧਿਕਾਰੀ ਹੀ ਬੇਈਮਾਨ ਹਨ। ਇਕ ਫ਼ੀਸਦ ਭ੍ਰਿਸ਼ਟ ਅਧਿਕਾਰੀਆਂ ਕਰਕੇ 99 ਫ਼ੀਸਦ ਇਮਾਨਦਾਰ ਅਧਿਕਾਰੀਆਂ ਨੂੰ ਬਦਨਾਮ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ, ‘ਮੈਂ ਇਮਾਨਦਾਰ ਅਧਿਕਾਰੀਆਂ ਦੇ ਨਾਲ ਖੜ੍ਹਾ ਹਾਂ।`
ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਪੁਰਾਣੀਆਂ ਸਰਕਾਰਾਂ ਨੇ ਪੈਸੇ ਕਮਾਉਣ ਦਾ ਜਰੀਆ ਬਣਾ ਰੱਖਿਆ ਸੀ ਪਰ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਕੋਈ ਵੀ ਆਗੂ ਪੁਲਿਸ ਵਾਲਿਆਂ ਨੂੂੰ ਪੈਸਿਆਂ ਲਈ ਫੋਨ ਨਹੀਂ ਕਰੇਗਾ ਅਤੇ ਨਾ ਹੀ ਤਬਾਦਲੇ ਲਈ ਤੰਗ ਪਰੇਸ਼ਾਨ ਕਰੇਗਾ। ਹੁਣ ਹਫਤਾ ਵਸੂਲੀ ਲਈ ਕੋਈ ਵੀ ਆਗੂ ਅਧਿਕਾਰੀਆਂ ਨੂੰ ਪਰੇਸ਼ਾਨ ਨਹੀਂ ਕਰੇਗਾ ਅਤੇ ਲੋਕਾਂ ਦੇ ਕੰਮ ਇਮਾਨਦਾਰੀ ਨਾਲ ਹੋਣਗੇ। ਉਨ੍ਹਾਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਅਜਿਹਾ ਪ੍ਰਬੰਧ ਬਣਾਇਆ ਜਾ ਸਕੇ, ਜਿੱਥੇ ਲੋਕਾਂ ਦੇ ਕੰੰਮ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਹੋ ਸਕਣ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਦੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ 49 ਦਿਨਾਂ ਦੀ ਸਰਕਾਰ ਬਣੀ ਸੀ ਤਾਂ ਅਰਵਿੰਦ ਕੇਜਰੀਵਾਲ ਨੇ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ` ਨੰਬਰ ਜਾਰੀ ਕੀਤਾ ਸੀ। ਉਸ ਦੇ ਨਤੀਜੇ ਵਜੋਂ ਅੱਜ ਦਿੱਲੀ ਵਿਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ।
ਦਿੱਲੀ ਵਾਂਗ ਪੰਜਾਬ `ਚੋਂ ਵੀ ਭ੍ਰਿਸ਼ਟਾਚਾਰ ਖਤਮ ਕਰਾਂਗੇ: ਕੇਜਰੀਵਾਲ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੌਮੀ ਰਾਜਧਾਨੀ ‘ਚ ਭ੍ਰਿਸ਼ਟਾਚਾਰ ਦਾ ਸਫਾਇਆ ਕੀਤਾ ਹੈ ਅਤੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀ ਹੁਣ ਪੰਜਾਬ ‘ਚ ਇਮਾਨਦਾਰੀ ਨਾਲ ਸਰਕਾਰ ਚਲਾਉਣਗੇ। ਕੇਜਰੀਵਾਲ ਨੇ ਆਨਲਾਈਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਗਲੀ ਵਾਰ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਇਨਕਾਰ ਨਾ ਕਰਨਾ। ਆਪਣਾ ਮੋਬਾਈਲ ਫੋਨ ਕੱਢੋ ਅਤੇ ਇਸ ਨੂੰ ਰਿਕਾਰਡ ਕਰਕੇ ਉਸ ਨੰਬਰ ‘ਤੇ ਭੇਜ ਦਿਓ ਜੋ ਜਾਰੀ ਕੀਤਾ ਜਾਵੇਗਾ। ਇਹ ਉਨ੍ਹਾਂ (ਮਾਨ) ਦਾ ਨਿੱਜੀ ਵੱਟਸਐਪ ਨੰਬਰ ਹੋਵੇਗਾ।
ਨਵਜੋਤ ਸਿੱਧੂ ਨੇ ਭਗਵੰਤ ਨੂੰ ਵਾਅਦਾ ਚੇਤੇ ਕਰਵਾਇਆ
ਚੰਡੀਗੜ੍ਹ: ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਕੇ ਚੇਤੇ ਕਰਵਾਇਆ ਕਿ ਲੋਕਾਂ ਦੀਆਂ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ ਤੇ ਉਨ੍ਹਾਂ ਨੇ ਮਾਫੀਆ ਰਾਜ ਖਤਮ ਕਰਨ ਦਾ ਜੋ ਵਾਅਦਾ ਕੀਤਾ ਹੈ, ਉਸ ਦੀ ਲੋਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਆਸ ਹੈ ਕਿ ਨਵੇਂ ਮੁੱਖ ਮੰਤਰੀ ਨੇ ਜੋ ਵਾਅਦੇ ਤੇ ਦਾਅਵੇ ਕੀਤੇ ਹਨ, ਉਸ ਨਾਲ ਪੰਜਾਬ ਖੁਸ਼ਹਾਲੀ ਦੇ ਰਾਹ ਪਵੇਗਾ।