ਅਕਾਲੀ ਦਲ ਨੂੰ ਮੁੜ ਪੈਰਾਂ ਸਿਰ ਕਰਨ ਲਈ ਯਤਨ ਤੇਜ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਹਾਲ ਹੀ ‘ਚ ਹੋਈਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਦੇ ਕਾਰਨਾਂ ਬਾਰੇ ਚਰਚਾ ਕਰਨ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂਆਂ ‘ਤੇ ਆਧਾਰਿਤ 16 ਮੈਂਬਰੀ ਇਕ ਕਮੇਟੀ ਦਾ ਗਠਨ ਕੀਤਾ ਹੈ।

ਪਾਰਟੀ ਦੇ ਬੁਲਾਰੇ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ‘ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਖਾਤੇ ਮਹਿਜ਼ ਤਿੰਨ ਵਿਧਾਨ ਸਭਾ ਹਲਕੇ ਆਏ ਹਨ ਤੇ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ ਹਨ। ਇਥੋਂ ਤੱਕ ਕਿ ਬਾਦਲ ਪਰਿਵਾਰ ਦੇ ਸਾਰੇ ਮੈਂਬਰ ਵੀ ਚੋਣ ਹਾਰ ਗਏ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਕਮੇਟੀ ਹਰ ਪੱਧਰ ‘ਤੇ ਤਾਲਮੇਲ ਕਰ ਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ, ਕਮੇਟੀ ਦੇ ਸੁਝਾਵਾਂ ਦੇ ਆਧਾਰ ‘ਤੇ ਜਥੇਬੰਦਕ ਢਾਂਚੇ ਵਿੱਚ ਵੱਡੇ ਫੈਸਲੇ ਲੈਣ ਦੀ ਗੱਲ ਕਹੀ ਗਈ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਗਠਿਤ ਕਮੇਟੀ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਯਾਲੀ, ਡਾ. ਸੁਖਵਿੰਦਰ ਸੁੱਖੀ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਰੌਬਿਨ ਬਰਾੜ ਦੇ ਨਾਮ ਸ਼ਾਮਲ ਹਨ। ਚੇਤੇ ਰਹੇ ਕਿ ਸਾਲ 2017 ਦੀਆਂ ਚੋਣਾਂ ਵਿਚ ਅਕਾਲੀ ਦਲ ਨੂੰ ਸਿਰਫ 15 ਸੀਟਾਂ ਮਿਲੀਆਂ ਜਿਸ ਕਾਰਨ ਪਾਰਟੀ ਵਿਰੋਧੀ ਧਿਰ ਦਾ ਰੁਤਬਾ ਵੀ ਹਾਸਲ ਨਹੀਂ ਕਰ ਸਕੀ। ਪਾਰਟੀ ਨੂੰ ਵੱਡੇ ਆਧਾਰ ਵਾਲੇ ਮਾਲਵਾ ਖਿੱਤੇ ਵਿਚ 69 ਵਿਚੋਂ ਇਕ ਹੀ ਸੀਟ ਹਾਸਲ ਹੋਈ। ਇਸੇ ਤਰ੍ਹਾਂ ਦੁਆਬਾ ਅਤੇ ਮਾਝਾ ਖੇਤਰ ਵਿਚੋਂ ਵੀ ਇਕੋ-ਇਕ ਸੀਟ ਮਿਲੀ। ਵਿਧਾਨ ਸਭਾ ਚੋਣਾਂ ‘ਚ ਹੋਈ ਕਰਾਰੀ ਹਾਰ ਤੋਂ ਬਾਅਦ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਸੀ ਕਿ ਜੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਜੇਕਰ ਸਬਕ ਸਿੱਖਿਆ ਹੁੰਦਾ ਤਾਂ ਅੱਜ ਇਹ ਭਿਆਨਕ ਸਿਆਸੀ ਤਰਾਸਦੀ ਨਾ ਦੇਖਣੀ ਪੈਂਦੀ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਸਬੰਧੀ ਵੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਹੱਕ ਵਿਚ ਖੜ੍ਹਨ ਅਤੇ ਲੋਕ ਰੋਹ ਜਾਗਣ ਤੋਂ ਬਾਅਦ ਵਿਰੋਧ ‘ਚ ਖੜ੍ਹਨ ਨੇ ਵੀ ਅਕਾਲੀ ਦਲ ਦਾ ਨੁਕਸਾਨ ਕੀਤਾ ਹੈ।