ਅਮਰੀਕਾ `ਚ ਬਿਨਾਂ ਆਗਿਆ ਸਰੂਪ ਛਾਪਣ ਦਾ ਅਕਾਲ ਤਖਤ ਵੱਲੋਂ ਨੋਟਿਸ

ਅੰਮ੍ਰਿਤਸਰ: ਅਮਰੀਕਾ ਸੰਸਥਾ ‘ਸਿੱਖ ਬੁੱਕ ਕਲੱਬ` ਵੱਲੋਂ ਬਿਨਾਂ ਆਗਿਆ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ, ਗੁਰਬਾਣੀ ਨਾਲ ਛੇੜ-ਛਾੜ ਕਰਨ ਅਤੇ ਉਸ ਦੀ ਪੀ.ਡੀ.ਐਫ. ਬਣਾ ਕੇ ਵੈੱਬਸਾਈਟ `ਤੇ ਪਾਉਣ ਦਾ ਅਕਾਲ ਤਖਤ ਦੇ ਜਥੇਦਾਰ ਨੇ ਸਖਤ ਨੋਟਿਸ ਲਿਆ ਹੈ।

ਉਨ੍ਹਾਂ ਇਸ ਮਾਮਲੇ ਵਿਚ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਹੈ, ਜੋ ਪੜਤਾਲ ਕਰ ਕੇ ਇਕ ਹਫਤੇ ਅੰਦਰ ਰਿਪੋਰਟ ਪੇਸ਼ ਕਰੇਗੀ। ਜਥੇਦਾਰ ਨੇ ਕਿਹਾ ਕਿ ਇਸ ਸਬੰਧੀ ਅਕਾਲ ਤਖਤ ‘ਤੇ ਸ਼ਿਕਾਇਤਾਂ ਪੁੱਜੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਬੁੱਕ ਕਲੱਬ ਦੇ ਪ੍ਰਕਾਸ਼ਕ ਥਮਿੰਦਰ ਸਿੰਘ ਅਨੰਦ ਵੱਲੋਂ ਅਮਰੀਕਾ ਵਿਚ ਬਿਨਾਂ ਪ੍ਰਵਾਨਗੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਿਸੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕੰਮ ਹੈ। ਥਮਿੰਦਰ ਨੇ ਕੁਝ ਸਾਲ ਪਹਿਲਾਂ ਵੀ ਚੀਨ ਵਿਚ ਸਰੂਪ ਛਪਵਾ ਕੇ ਅਮਰੀਕਾ ਭੇਜਣ ਦਾ ਯਤਨ ਕੀਤਾ ਸੀ। ਉਸ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਥਾਣਾ ਈ-ਡਿਵੀਜਨ ਵਿਚ ਕੇਸ ਦਰਜ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖ ਵਿਦਵਾਨਾਂ ਦੀ ਇਕ ਕਮੇਟੀ ਬਣਾਈ ਗਈ ਹੈ, ਜੋ ਇਕ ਹਫਤੇ ਵਿਚ ਰਿਪੋਰਟ ਤਿਆਰ ਕਰ ਕੇ ਭੇਜੇਗੀ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਪ੍ਰਕਾਸ਼ਕ ਖਿਲਾਫ ਵੱਡੀ ਪੱਧਰ ‘ਤੇ ਮੁਹਿੰਮ ਆਰੰਭੀ ਜਾਵੇ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਹੀ ਓਅੰਕਾਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਵੀ ਲਿਪੀ ਅੰਤਰਨ ਅਧੀਨ ਗੁਰਬਾਣੀ ਨਾਲ ਛੇੜਛਾੜ ਕੀਤੇ ਜਾਣ ਦੀ ਸ਼ਿਕਾਇਤ ਅਕਾਲ ਤਖ਼ਤ ਕੋਲ ਪਹੁੰਚੀ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ‘ਤੇ ਵੀ ਰੋਕ ਲਾਈ ਗਈ ਸੀ, ਪਰ ਪਤਾ ਲੱਗਾ ਹੈ ਕਿ ਇਸ ਵਿਅਕਤੀ ਨੇ ਹਾਲੇ ਤੱਕ ਇਹ ਕੰਮ ਬੰਦ ਨਹੀਂ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਥਮਿੰਦਰ ਸਿੰਘ ਅਨੰਦ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਵੱਲੋਂ ਤਿਆਰ ਕੀਤੀ ਗਈ ਪੀ.ਡੀ.ਐੱਫ ਵਿਚ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਾਈਆਂ ਗਈਆਂ ਹਨ।
ਗੁਰਬਾਣੀ ਨਾਲ ਛੇੜਛਾੜ ਦਾ ਮਾਮਲਾ ਕਮਿਸ਼ਨ ਕੋਲ
ਅੰਮ੍ਰਿਤਸਰ: ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਭੇਜ ਕੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਦੀ ਅਪੀਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਬਾਣੀ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਅਕਾਲ ਤਖ਼ਤ ਤੋਂ ਆਦੇਸ਼ ਵੀ ਜਾਰੀ ਹੋ ਚੁੱਕਾ ਹੈ। ਪਾਵਨ ਸਰੂਪ ਛਾਪਣ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਕੋਲ ਹੈ। ਜੇ ਕਿਸੇ ਨੇ ਸਰੂਪ ਛਾਪਣਾ ਹੋਵੇ ਤਾਂ ਉਸ ਸਬੰਧੀ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ।