ਕਰਤਾਰਪੁਰ ਸਾਹਿਬ ਲਈ ਪਾਸਪੋਰਟ ਸ਼ਰਤ ਖਤਮ ਕਰਨ ਦਾ ਮਤਾ ਪਾਸ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਇਕ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ।

ਕਮੇਟੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਨੂੰ ਸਿੱਖ ਵਿਰਾਸਤੀ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇ। ਬਜਟ ਇਜਲਾਸ ਦੌਰਾਨ ਲਗਭਗ 12 ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਇਨ੍ਹਾਂ ਮਤਿਆਂ ਨੂੰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਛਾਪਣ ਦੀ ਨਿੰਦਾ ਕੀਤੀ ਗਈ। ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਇਸ ਮਾਮਲੇ ‘ਤੇ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੋਬਾਈਲ ਐਪਸ ਅਤੇ ਵੈੱਬਸਾਈਟਾਂ ‘ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਬਾਣੀਆਂ ਨੂੰ ਅਪਲੋਡ ਕਰਨਾ ਇਤਰਾਜ਼ਯੋਗ ਹੈ। ਇਕ ਮਤੇ ਰਾਹੀਂ ਗੁਰੂ ਅੰਗਦ ਦੇਵ ਦੇ ਗੁਰਿਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।
ਜਨਰਲ ਇਜਲਾਸ ਵੱਲੋਂ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਨ ਅਤੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ।
ਇਜਲਾਸ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਲਈ ਵਧੇਰੇ ਵੀਜ਼ੇ ਦਿੱਤੇ ਜਾਣ। ਇਹ ਸ਼ਤਾਬਦੀ 30 ਅਕਤੂਬਰ ਨੂੰ ਮਨਾਈ ਜਾਣੀ ਹੈ। ਇੱਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਖਿਲਾਫ ਕੂੜ ਪ੍ਰਚਾਰ ਕਰਨ ਵਾਲੇ ਲੋਕਾਂ ਦੀ ਨਿਖੇਧੀ ਕੀਤੀ ਗਈ। ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ।
ਇਕ ਮਤੇ ਰਾਹੀਂ ਗੁਰੂ ਨਾਨਕ ਦੇਵ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਦੇ ਮਸਲੇ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ।
ਗੁਰਸਿੱਖ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਦਾ ਫੈਸਲਾ
ਅੰਮ੍ਰਿਤਸਰ: ਇਕ ਮਤੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ, ਰਿਹਾਇਸ਼ ਅਤੇ ਖਾਣਾ ਦੇਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ।