ਗੁਰਬਾਣੀ ਪ੍ਰਸਾਰਨ ਲਈ ਚੈਨਲ ਚਲਾਏਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਨ ਕਰਨ ਵਾਲੇ ਇਕ ਨਿੱਜੀ ਚੈਨਲ ਦੇ ਪ੍ਰਬੰਧਕਾਂ ਖਿਲਾਫ ਲੱਗੇ ਗੰਭੀਰ ਦੋਸ਼ਾਂ ਦਾ ਮਾਮਲਾ ਇਥੇ ਬਜਟ ਇਜਲਾਸ ਦੌਰਾਨ ਭਖਿਆ ਰਿਹਾ। ਮੈਂਬਰਾਂ ਨੇ ਗੁਰਬਾਣੀ ਦੇ ਪ੍ਰਸਾਰਨ ਲਈ ਆਪਣਾ ਨਿੱਜੀ ਚੈਨਲ ਬਣਾਉਣ ਦੀ ਮੰਗ ਕੀਤੀ।

ਜਥੇਦਾਰ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਨਿੱਜੀ ਟੀਵੀ ਚੈਨਲ ਖਿਲਾਫ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ। ਭਾਵੇਂ ਉਨ੍ਹਾਂ ਸ਼ਿਕਾਇਤਾਂ ਅਤੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ ਪਰ ਉਨ੍ਹਾਂ ਮੈਂਬਰਾਂ ਦੀ ਮੰਗ ਕਬੂਲਦਿਆਂ ਸ਼੍ਰੋਮਣੀ ਕਮੇਟੀ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਆਪਣਾ ਨਿੱਜੀ ਚੈਨਲ ਬਣਾਉਣ ਦੇ ਹੁਕਮ ਕਰ ਦਿੱਤੇ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਗੁਰਬਾਣੀ ਦੇ ਪ੍ਰਸਾਰਨ ਲਈ ਨਿੱਜੀ ਚੈਨਲ ਸਥਾਪਤ ਕਰਨ ਵਾਸਤੇ ਲਗਭਗ 200 ਕਰੋੜ ਰੁਪਏ ਦੀ ਲੋੜ ਹੈ ਜਦੋਂਕਿ ਸ਼੍ਰੋਮਣੀ ਕਮੇਟੀ ਇਸ ਵੇਲੇ ਵਿੱਤੀ ਸੰਕਟ ‘ਚੋਂ ਲੰਘ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਕੋਈ ਆਦੇਸ਼ ਦਿੱਤਾ ਗਿਆ ਹੈ ਤਾਂ ਕਮੇਟੀ ਉਹ ਆਦੇਸ਼ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਇਸ ਨਿੱਜੀ ਚੈਨਲ ਦੇ ਪ੍ਰਬੰਧਕਾਂ ਖਿਲਾਫ ਇਕ ਕੇਸ ਦਰਜ ਹੋਇਆ ਹੈ, ਜਿਸ ਵਿਚ ਗੰਭੀਰ ਦੋਸ਼ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ, ਉਨ੍ਹਾਂ ਵਿਚ ਉਹ ਵਿਅਕਤੀ ਵੀ ਸ਼ਾਮਲ ਹੈ, ਜਿਸ ਨੇ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਸਬੰਧੀ ਸਮਝੌਤੇ ‘ਤੇ ਦਸਤਖਤ ਕੀਤੇ ਹੋਏ ਹਨ। ਉਨ੍ਹਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਜਦੋਂ ਤਕ ਇਸ ਨਿੱਜੀ ਚੈਨਲ ਖਿਲਾਫ ਦਰਜ ਕੇਸ ਦਾ ਫੈਸਲਾ ਨਹੀਂ ਹੁੰਦਾ, ਇਸ ਨਿੱਜੀ ਚੈਨਲ ‘ਤੇ ਗੁਰਬਾਣੀ ਦਾ ਪ੍ਰਸਾਰਨ ਬੰਦ ਕੀਤਾ ਜਾਵੇ। ਇਸੇ ਤਰ੍ਹਾਂ ਇਜਲਾਸ ਦੌਰਾਨ ਬਲਵਿੰਦਰ ਸਿੰਘ ਬੈਂਸ ਨੇ ਵੀ ਮੰਗ ਰੱਖੀ ਕਿ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਕਿਸੇ ਵਿਸ਼ੇਸ਼ ਚੈਨਲ ਦੀ ਥਾਂ ਇਸ ਸਬੰਧੀ ਸ਼ਰਤਾਂ ਪੂਰੀਆਂ ਕਰਦੇ ਹੋਰ ਚੈਨਲਾਂ ਨੂੰ ਵੀ ਦਿੱਤੇ ਜਾਣ।