ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਲਾਂਭੇ ਕਰਨ ਲਈ ਪੰਥਕ ਧਿਰਾਂ ਨੂੰ ਏਕੇ ਦਾ ਸੱਦਾ

ਧੂਰੀ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜ਼ਮੀਨਾਂ ਬਾਦਲਾਂ ਨੇ ਆਪਣੇ ਚਹੇਤਿਆਂ ਨੂੰ ਦੇ ਕੇ ਗੁਰੂ ਘਰਾਂ ਦਾ ਨੁਕਸਾਨ ਕੀਤਾ ਹੈ।

ਇਨ੍ਹਾਂ ਜ਼ਮੀਨਾਂ ਦੀ ਨਿਲਾਮੀ ਸਰਕਾਰੀ ਭਾਅ ‘ਤੇ ਲੋਕਾਂ ਦੇ ਸਾਹਮਣੇ ਹੋਣੀ ਚਾਹੀਦੀ ਹੈ।
ਉਨ੍ਹਾਂ ਸ਼੍ਰੋਮਣੀ ਕਮੇਟੀ ਤਰਫੋਂ ਸਿਰੋਪਿਆਂ ਉੱਪਰ 18 ਕਰੋੜ ਰੁਪਏ ਖਰਚ ਕਰਨ ਦੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਪ੍ਰਚਾਰ ‘ਤੇ ਸੁਆਲ ਖੜ੍ਹੇ ਕਰਦਿਆਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਦੇ ਗੁਰੂ ਘਰਾਂ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ‘ਆਪ‘ ਵੱਲੋਂ ਰਾਜ ਸਭਾ ਵਿਚ ਭੇਜੇ ਪੰਜ ਮੈਂਬਰ ਆਮ ਨਹੀਂ, ਖਾਸ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੁੱਧੀਜੀਵੀਆਂ ਦੀ ਘਾਟ ਨਹੀਂ ਹੈ, ਗੈਰ ਪੰਜਾਬੀਆਂ ਨੂੰ ਰਾਜ ਸਭਾ ਮੈਂਬਰ ਬਣਾਉਣ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਸਰਕਾਰ ਵੀ ਦਿੱਲੀ ਤੋਂ ਚੱਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ, ਪੰਜਾਬ ਦੇ ਪਾਣੀਆਂ, ਕੇਂਦਰੀ ਪੂਲ ਵਿਚੋਂ ਪੰਜਾਬ ਲਈ ਬਿਜਲੀ ਦੀ ਕਟੌਤੀ ਕਰਨ ਤੇ ਹੋਰ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਬੇਲੋੜੀ ਦਖਲਅੰਦਾਜ਼ੀ ਪੰਜਾਬ ਤੋਂ ਇਲਾਵਾ ਦੇਸ ਦੀਆਂ ਘੱਟ ਗਿਣਤੀ ਕੌਮਾਂ ਲਈ ਖਤਰਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕੇਂਦਰ ਵੱਲੋਂ ਲਏ ਜਾ ਰਹੇ ਪੰਜਾਬ ਵਿਰੋਧੀ ਫੈਸਲਿਆਂ ਦਾ ਸੂਬੇ ਦੇ ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ ਸਖਤ ਵਿਰੋਧ ਕਰਨਾ ਚਾਹੀਦਾ ਹੈ।