ਕੇਜਰੀਵਾਲ ਵੱਲੋਂ ਪੰਜਾਬ ਦੀ ਅਫਸਰਸ਼ਾਹੀ ਨਾਲ ਮੀਟਿੰਗਾਂ ਦਾ ਮਾਮਲਾ ਭਖਿਆ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਦੇ ਚੇਅਰਮੈਨ ਨਾਲ ਮੀਟਿੰਗਾਂ ਦਾ ਮਾਮਲਾ ਭਖ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵਿਚ ਕੇਜਰੀਵਾਲ ਸੂਬੇ ਦੇ ਅਫਸਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਵਿਰੋਧੀ ਧਿਰਾਂ ਨੇ ਇਸ ਮੁੱਦੇ ਉਤੇ ਆਮ ਆਦਮੀ ਪਾਰਟੀ ਨੂੰ ਘੇਰ ਲਿਆ ਹੈ ਤੇ ਸਵਾਲ ਕੀਤੇ ਹਨ ਕਿ ਕੇਜਰੀਵਾਲ ਕਿਸ ਹੈਸੀਅਤ ਨਾਲ ਪੰਜਾਬ ਦੀ ਅਫਸਰਸ਼ਾਹੀ ਨਾਲ ਮੀਟਿੰਗਾਂ ਕਰ ਰਹੇ ਹਨ।

ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੁੱਖ ਸਕੱਤਰ ਸਮੇਤ ਸਾਰੇ ਉਨ੍ਹਾਂ ਅਫਸਰਾਂ ਦੀ ਜਵਾਬ ਤਲਬੀ ਕਰਨ ਦੀ ਮੰਗ ਕੀਤੀ ਹੈ, ਜਿਹੜੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਦੀ ਮੀਟਿੰਗ ਵਿਚ ਸ਼ਾਮਲ ਹੋਏ ਹਨ। ਸ੍ਰੀ ਕਾਲੀਆ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਦੇ ਅਫਸਰਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਸੱਦਿਆ ਜਾਣਾ ਸੰਵਿਧਾਨਕ ਤੌਰ ‘ਤੇ ਗਲਤ ਹੈ।
ਕਾਂਗਰਸ ਦੇ ਸੀਨੀਅਰ ਆਗੂ ਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ‘ਆਪ’ ਆਗੂ ਹੁਣ ਸਿੱਧੂ ਮੂਸੇਵਾਲਾ ਦੇ ਗੀਤ ਪਿੱਛੇ ਨਾ ਲੁਕਣ। ਇਕ ਗੀਤ ਨੂੰ ਮੁੱਦਾ ਬਣਾਉਣ ਦੀ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਤੁਰਤ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸ ਸਮਰੱਥਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਸੀ। ਇਸ ਦੀ ਤੁਰਤ ਕਾਨੂੰਨੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲਗਾਮ ਦਿੱਲੀ ਦਰਬਾਰ ਦੇ ਹੱਥ ਹੋਣ ਦੇ ਪ੍ਰਭਾਵ ‘ਤੇ ਚਿੰਤਾ ਪ੍ਰਗਟਾਈ ਹੈ। ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਤੇ ਇਹ ਯਕੀਨੀ ਬਣਾਉਣ ਕਿ ਸੂਬੇ ਨੂੰ ਦਿੱਲੀ ਸਰਕਾਰ ਵੱਲੋਂ ਨਾ ਚਲਾਇਆ ਜਾਵੇ ਤੇ ਨਾ ਹੀ ਇਸ ਨੂੰ ਕੇਂਦਰ ਆਪਣੇ ਅਧੀਨ ਲਵੇ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਦੇ ਚੇਅਰਮੈਨ ਨਾਲ ਮੀਟਿੰਗਾਂ ਇਤਰਾਜ਼ਯੋਗ ਹਨ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬੀਆਂ ਦਾ ਡਰ ਸੱਚਾ ਹੈ ਕਿਉਂਕਿ ਦਰਿਆਈ ਪਾਣੀਆਂ ਵਰਗੇ ਅਹਿਮ ਮੁੱਦਿਆਂ ‘ਤੇ ਸੂਬੇ ਕੋਲੋਂ ਇਸ ਦੇ ਅਧਿਕਾਰ ਖੋਹਣ ਲਈ ਅਧਿਕਾਰੀਆਂ ਨੂੰ ਦਬਕਾ ਕੇ ਹਸਤਾਖਰ ਵੀ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਹਨ ਤੇ ਸਿਰਫ ਉਹ ਹੀ ਅਜਿਹੀਆਂ ਮੀਟਿੰਗਾਂ ਕਰ ਸਕਦੇ ਹਨ।