ਗੁਰਬਾਣੀ ਪ੍ਰਸਾਰਨ: ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਦੀ ਪੇਸ਼ਕਸ਼ ਠੁਕਰਾਈ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹੁਕਮ ਮੰਨਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਪਹਿਲਾਂ ਯੂ-ਟਿਊਬ ਚੈਨਲ ਲਾਂਚ ਕੀਤਾ ਜਾਵੇਗਾ ਅਤੇ ਮਗਰੋਂ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ ਪ੍ਰਵਾਨਗੀ ਲੈ ਕੇ ਜਲਦੀ ਹੀ ਸੈਟੇਲਾਈਟ ਚੈਨਲ ਵੀ ਸ਼ੁਰੂ ਕਰ ਦਿੱਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਕੀਤੇ ਦਾਅਵੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖਤ ਪ੍ਰਤੀਕਰਮ ਦਿੱਤਾ ਤੇ ਇਸ ਨੂੰ ਗੁਰੂ ਘਰ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਪਣੇ ਕੰਮ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕੰਮ ਵੱਖਰਾ ਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧਿਆਨ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਦੇ ਸੁੰਦਰੀਕਰਨ ਅਤੇ ਉਨ੍ਹਾਂ ਨੂੰ ਖੁੱਲ੍ਹਾ ਕਰਨ ਵੱਲ ਦਿਵਾਇਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿੱਤੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ. ਸਕਾਲਰਸ਼ਿਪ ਦੀ ਦਿੱਤੀ ਜਾਣ ਵਾਲੀ ਕਰੋੜਾਂ ਰੁਪਏ ਦੀ ਰਕਮ ਰੁਕੀ ਹੋਈ ਹੈ, ਜਿਸ ਨੂੰ ਜਾਰੀ ਕੀਤਾ ਜਾਵੇ।
ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆਂ ਤੱਕ ਕਰਵਾਉਣ ਲਈ ਕੀਤੇ ਐਲਾਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਸੀ। ਇਸ ਪੱਤਰ ਵਿਚ ਸ੍ਰੀ ਮਾਨ ਨੇ ਸ਼੍ਰੋਮਣੀ ਕਮੇਟੀ ਨੂੰ ਬੇਨਤੀ ਕੀਤੀ ਹੈ ਕਿ ‘ਸਰਬਸਾਂਝੀ ਗੁਰਬਾਣੀ` ਦੇ ਦੁਨੀਆਂ ਭਰ ਵਿਚ ਪ੍ਰਚਾਰ ਤੇ ਪਸਾਰ ਲਈ ਪੰਜਾਬ ਸਰਕਾਰ ਤਿਆਰ ਹੈ।
ਇਸ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਆਧੁਨਿਕ ਸੰਚਾਰ ਤਕਨੀਕਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਰਾਹੀਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ ਤੇ ਤਕਨਾਲੋਜੀ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ ਹੈ, ਜਿਸ ਵਿਚ ਨਵੀਨਤਮ ਕੈਮਰੇ ਅਤੇ ਪ੍ਰਸਾਰਨ ਉਪਕਰਨ ਸ਼ਾਮਲ ਹਨ। ਇਨ੍ਹਾਂ ਤਕਨੀਕਾਂ ਨਾਲ ਗੁਰਬਾਣੀ ਦਾ ਪ੍ਰਸਾਰਨ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਹੋਰਨਾਂ ਚਾਹਵਾਨ ਚੈਨਲਾਂ ਰਾਹੀਂ ਕੀਤਾ ਜਾ ਸਕੇਗਾ।
ਢੀਂਡਸਾ ਵੱਲੋਂ ਐਸ.ਜੀ.ਪੀ.ਸੀ. ਚੋਣਾਂ ਲੜਨ ਦਾ ਐਲਾਨ
ਹੰਡਿਆਇਆ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ‘ਚ ਐਸ.ਜੀ.ਪੀ.ਸੀ. ਦੀਆਂ ਆ ਰਹੀਆਂ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਕੋਲੋਂ ਆਜ਼ਾਦ ਕਰਵਾਉਣ ਲਈ ਉਹ ਮੁਹਿੰਮ ਵਿੱਢਣ ਜਾ ਰਹੇ ਹਨ, ਜਿਸ ਤਹਿਤ ਹਮਖਿਆਲੀ ਜਥੇਬੰਦੀਆਂ ਨੂੰ ਨਾਲ ਲੈ ਕੇ ਚੋਣਾਂ ਲੜੀਆਂ ਜਾਣਗੀਆਂ।