ਵਿਸਾਖੀ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ

ਅਟਾਰੀ: ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਪੁੱਜ ਗਿਆ।

ਵਿਸਾਖੀ ਪੁਰਬ ਮਨਾਉਣ ਉਪਰੰਤ 15 ਅਪਰੈਲ ਨੂੰ ਜਥਾ ਨਨਕਾਣਾ ਸਾਹਿਬ ਪਹੁੰਚੇਗਾ। 16 ਅਪਰੈਲ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰਕੇ ਸ਼ਾਮ ਨੂੰ ਮੁੜ ਨਨਕਾਣਾ ਸਾਹਿਬ ਪਰਤ ਆਵੇਗਾ। 17 ਅਪਰੈਲ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। 18 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਠਹਿਰੇਗਾ। 19 ਅਪਰੈਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸਿੱਖ ਜਥਾ ਵਾਪਸ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਰਤ ਆਵੇਗਾ। 20 ਅਪਰੈਲ ਨੂੰ ਸਿੱਖ ਜਥਾ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਲਾਹੌਰ ਪਰਤੇਗਾ। 21 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੋਂ ਸਵੇਰੇ ਵਾਹਗਾ-ਅਟਾਰੀ ਸਰਹੱਦ ਰਸਤੇ ਵਾਪਸ ਵਤਨ ਪਰਤ ਆਵੇਗਾ।