ਭਾਜਪਾ ਦੇ ਢੇਸੀ ਖਿਲਾਫ ਪ੍ਰਚਾਰ ਵਿਰੁੱਧ ਨਿੱਤਰੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ: ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵਿਰੁੱਧ ਭਾਜਪਾ ਵੱਲੋਂ ਵਿੱਢੀ ਪ੍ਰਚਾਰ ਮੁਹਿੰਮ ਖਿਲਾਫ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਇਕਜੁਟ ਹੁੰਦਿਆਂ ਆਖਿਆ ਕਿ ਭਾਜਪਾ ਸਾਰੇ ਦੇਸ਼ ਵਿਚ ਪ੍ਰਚਾਰ ਕਰਕੇ ਰਾਜਸੀ ਰੋਟੀਆਂ ਸੇਕਣ ਦਾ ਕੋਝਾ ਯਤਨ ਕਰ ਰਹੀ ਹੈ।

ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਭਾਜਪਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਡਟਣ ਵਾਲੇ ਕੌਮਾਂਤਰੀ ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਖਿਲਾਫ ਵਿੱਢੀ ਮੁਹਿੰਮ ਨਾ ਰੋਕੀ ਤਾਂ ਇਸ ਦੇ ਗੰਭੀਰ ਨਤੀਜੇ ਨਿਕਲਣਗੇ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਉਪ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਅਤੇ ਬੀ.ਕੇ.ਯੂ. (ਏਕਤਾ) ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਨੇ ਆਖਿਆ ਕਿ ਸ੍ਰੀ ਢੇਸੀ ਨੇ ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮੁੱਦੇ ਨੂੰ ਬੜੀ ਗੰਭੀਰਤਾ ਨਾਲ ਕੌਮਾਂਤਰੀ ਮੰਚ ‘ਤੇ ਉਠਾਇਆ ਸੀ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਿਦੇਸ਼ਾਂ ਵਿਚ ਪੰਜਾਬ ਅਤੇ ਦੇਸ਼ ਦਾ ਨਾਮ ਉੱਚਾ ਕਰਨ ਵਾਲੇ ਸਿੱਖ ਭਾਈਚਾਰੇ ਦੇ ਆਗੂਆਂ ਨੂੰ ਇਸ ਕਰਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਨ੍ਹਾਂ ਕਿਸਾਨ ਅੰਦੋਲਨ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ। ਜ਼ਿਕਰਯੋਗ ਹੈ ਕਿ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਭਾਰਤੀ ਜਨਤਾ ਯੁਵਾ ਮੋਰਚੇ ਦੇ ਆਗੂ ਕੇਂਦਰ ਸਰਕਾਰ ਤੋਂ ਮੰਗ ਕਰ ਚੁੱਕੇ ਹਨ ਕਿ ਤਨਮਨਜੀਤ ਸਿੰਘ ਢੇਸੀ ਤੇ ਉਨ੍ਹਾਂ ਦੇ ਪਰਿਵਾਰ ਦਾ ਓ.ਸੀ.ਆਈ. ਕਾਰਡ ਰੱਦ ਕੀਤਾ ਜਾਵੇ।
ਮਨੁੱਖੀ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ: ਢੇਸੀ
ਚੰਡੀਗੜ੍ਹ: ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਖਿਲਾਫ ਬਹੁਤ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਦੁਨੀਆ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਆਵਾਜ਼ ਬੁਲੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਰੁੱਧ ਉਹ ਧਿਰਾਂ ਹੀ ਕੂੜ ਪ੍ਰਚਾਰ ਕਰ ਰਹੀਆਂ ਹਨ, ਜਿਨ੍ਹਾਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕੀਤੇ ਜਾਣ ਤੋਂ ਤਕਲੀਫ ਹੋ ਰਹੀ ਸੀ।