ਕਰੋਨਾ: ਪੰਜਾਬ ਵਿਚ ਜਨਤਕ ਥਾਵਾਂ ਉਤੇ ਪਾਉਣਾ ਪਵੇਗਾ ਮਾਸਕ

ਚੰਡੀਗੜ੍ਹ: ਪੰਜਾਬ ਵਿਚ ਕਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਗ੍ਰਹਿ ਵਿਭਾਗ ਨੇ ਲੋਕਾਂ ਨੂੰ ਮੁੜ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਸੂਬੇ ਦੇ ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ ਜਿਸ ਕਾਰਨ ਲੋਕਾਂ ਨੂੰ ਮਹਾਮਾਰੀ ਦੀ ਲਾਗ ਤੋਂ ਬਚਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।

ਗ੍ਰਹਿ ਵਿਭਾਗ ਵੱਲੋਂ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਹਦਾਇਤਾਂ ਲਾਗੂ ਕਰਾਉਣ ਲਈ ਗ੍ਰਹਿ ਵਿਭਾਗ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਤੇ ਵਧੀਕ ਡੀ.ਜੀ.ਪੀ. (ਕਾਨੂੰਨ ਵਿਵਸਥਾ) ਨੂੰ ਵੀ ਪੱਤਰ ਲਿਖਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁਝ ਦਿਨ ਪਹਿਲਾਂ ਹੀ ਜਨਤਕ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਕਰੋਨਾ ਦੀ ਤੀਜੀ ਲਹਿਰ ਦੇ ਤਕਰੀਬਨ ਦਮ ਤੋੜਨ ਤੋਂ ਬਾਅਦ ਪੰਜਾਬ ਵਿਚ ਵੀ ਪਿਛਲੇ ਚਾਰ ਕੁ ਦਿਨਾਂ ਤੋਂ ਲਾਗ ਦੇ ਮਾਮਲਿਆਂ ਵਿਚ ਵਾਧਾ ਹੋ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਸੂਬੇ ਵਿਚ ਚੌਥੀ ਲਹਿਰ ਨੇ ਇਕ ਤਰ੍ਹਾਂ ਨਾਲ ਦਸਤਕ ਦੇ ਦਿੱਤੀ ਹੈ ਤੇ ਸਮੁੱਚੇ ਸਿਹਤ ਅਮਲੇ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।