ਸਿੱਖ ਮਸਲਿਆਂ ਦੇ ਹੱਲ `ਚ ਵੀ ਦਿਲਚਸਪੀ ਦਿਖਾਉਣ ਮੋਦੀ ਤੇ ਸ਼ਾਹ: ਜਥੇਦਾਰ

ਅੰਮ੍ਰਿਤਸਰ: ਦਿੱਲੀ ਦੇ ਲਾਲ ਕਿਲੇ ਵਿਚ ਕੇਂਦਰ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਕਰਵਾਉਣ ਦੀ ਸ਼ਲਾਘਾ ਕਰਦਿਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਖਿਆ ਕਿ ਉਹ ਸਿੱਖਾਂ ਦੇ ਹੋਰ ਮਸਲੇ ਹੱਲ ਕਰਨ ‘ਚ ਵੀ ਨਿੱਜੀ ਦਿਲਚਸਪੀ ਦਿਖਾਉਣ।

ਇਸ ਸਬੰਧੀ ਜਾਰੀ ਕੀਤੇ ਇਕ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਬੰਦੀ ਸਿੱਖਾਂ ਦੀ ਰਿਹਾਈ ਲਈ ਉਚੇਚਾ ਯਤਨ ਕਰੇ। ਉਨ੍ਹਾਂ ਕਿਹਾ ਕਿ ਦੇਸ਼ ਵੰਡ ਮਗਰੋਂ ਆਈਆਂ ਸਰਕਾਰਾਂ ਨੇ ਸਿੱਖਾਂ ਦੇ ਪਿੰਡੇ ‘ਤੇ ਵੱਡੇ ਜ਼ਖਮ ਦਿੱਤੇ ਹਨ, ਜਿਨ੍ਹਾਂ ਦੀ ਪੀੜ ਅੱਜ ਵੀ ਸਿੱਖ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਮੌਜੂਦਾ ਸਰਕਾਰ ਕੋਲੋਂ ਇਹ ਉਮੀਦ ਕਰਦਾ ਹੈ ਕਿ ਉਹ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣਗੇ।
ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਕੇਂਦਰ ਦੀ ਮੌਜੂਦਾ ਸਰਕਾਰ ਨਾਲ ਮਿਲ ਕੇ ਚੱਲਣਾ ਚਾਹੁੰਦਾ ਹੈ ਅਤੇ ਸੁਹਿਰਦਤਾ ਨਾਲ ਕਦਮ ਵਧਾਉਣਾ ਚਾਹੁੰਦਾ ਹੈ ਪਰ ਇਸ ਲਈ ਮੋਦੀ ਸਰਕਾਰ ਵੀ ਸਿੱਖ ਭਾਈਚਾਰੇ ਵੱਲ ਸੁਹਿਰਦਤਾ ਨਾਲ ਕਦਮ ਵਧਾਏ।
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅੰਮ੍ਰਿਤਸਰ ਦੌਰੇ ਸਮੇਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਆਏ ਸਨ ਅਤੇ ਉਨ੍ਹਾਂ ਨੇ ਮੁਲਾਕਾਤ ਵੀ ਕੀਤੀ ਸੀ। ਇਸ ਮੁਲਾਕਾਤ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੂੰ ਸਿੱਖ ਮਸਲਿਆਂ ਬਾਰੇ ਜਾਣੂ ਕਰਵਾਇਆ ਸੀ, ਜਿਸ ‘ਤੇ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਸਿੱਖ ਮਸਲੇ ਹੱਲ ਕੀਤੇ ਜਾਣਗੇ ਅਤੇ ਇਨ੍ਹਾਂ ਮਸਲਿਆਂ ਵਿਚ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਕਈ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦਾ ਐਲਾਨ ਕੀਤਾ ਸੀ ਪਰ ਹੁਣ ਤਕ ਸਿੱਖ ਬੰਦੀਆਂ ਵਿਚ ਸ਼ਾਮਲ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ, ਜਗਤਾਰ ਸਿੰਘ ਹਵਾਰਾ ਤੇ ਹੋਰਨਾਂ ਦੀ ਰਿਹਾਈ ਲਈ ਕੁਝ ਨਹੀਂ ਹੋਇਆ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦਾ ਮਾਮਲਾ ਵੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੀਤੇ ਐਲਾਨ ਮੁਤਾਬਕ ਬੰਦੀ ਸਿੱਖਾਂ ਦੀ ਰਿਹਾਈ ਕਰਵਾਏ। ਗੁਰੂ ਤੇਗ ਬਹਾਦਰ ਨੂੰ ਸਮਰਪਿਤ ਡਾਕ ਟਿਕਟ ਅਤੇ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਪ੍ਰਗਟਾਇਆ ਹੈ।
ਸਿੱਖਾਂ ਨੂੰ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼
ਅੰਮ੍ਰਿਤਸਰ: ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਮੁੱਚੀ ਸਿੱਖ ਕੌਮ ਸਾਬਤ ਸੂਰਤ ਤੇ ਅੰਮ੍ਰਿਤਧਾਰੀ ਬਣੇ। ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਨੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਦੱਸਿਆ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਉਪਦੇਸ਼ਾਂ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ।