ਪ੍ਰਕਾਸ਼ ਪੁਰਬ ਮਨਾਉਣ ਭਾਰਤ ਆਇਆ ਪਾਕਿਸਤਾਨੀ ਜਥਾ

ਅਟਾਰੀ: ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪ੍ਰੀਤਮ ਸਿੰਘ ਦੀ ਅਗਵਾਈ ਹੇਠ 48 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਪੁੱਜਿਆ।

ਭਾਰਤ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਫਾਰਸ਼ ‘ਤੇ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਸਨ, ਜਿਨ੍ਹਾਂ ‘ਚੋਂ 48 ਸ਼ਰਧਾਲੂ ਭਾਰਤ ਪੁੱਜੇ। ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਵਿਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ‘ਚ ਸ਼ਾਮਲ ਹੋਣਗੇ।
ਇਸ ਮੌਕੇ ਉਨ੍ਹਾਂ ਦੋਵਾਂ ਸਰਕਾਰਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਸਿੱਖ ਵੀ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਇਸ ਕਰਕੇ ਭਾਰਤ ਸਰਕਾਰ ਨੂੰ ਪਾਕਿਸਤਾਨੀ ਸਿੱਖਾਂ ਨੂੰ ਵੀ ਵੱਧ ਤੋਂ ਵੱਧ ਵੀਜ਼ੇ ਜਾਰੀ ਕਰਨੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਇਹ ਜਥਾ 15 ਦਿਨਾਂ ਲਈ ਭਾਰਤ ਆਇਆ ਹੈ, ਜੋ ਪਹਿਲਾਂ ਦਿੱਲੀ ਜਾਵੇਗਾ ਤੇ ਫਿਰ ਦਿੱਲੀ ਤੋਂ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ 6 ਮਈ ਨੂੰ ਪਾਕਿਸਤਾਨ ਵਾਪਸ ਜਾਵੇਗਾ। ਪੰਜਾਬ ਸਰਕਾਰ ਦੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਸ਼ਰਧਾਲੂਆਂ ਦੇ ਕਰੋਨਾ ਟੈਸਟ ਕੀਤੇ ਗਏ ਹਨ ਅਤੇ ਸਾਰਿਆਂ ਦੇ ਟੈਸਟ ਨੈਗੇਟਿਵ ਆਏ ਹਨ।