ਪਟਿਆਲਾ ਹਿੰਸਾ ਮਾਮਲੇ `ਤੇ ਪੰਜਾਬ ਦੀਆਂ ਸਿਆਸੀ ਧਿਰਾਂ ਆਹਮੋ-ਸਾਹਮਣੇ

ਚੰਡੀਗੜ੍ਹ: ਪਟਿਆਲਾ ਵਿਚ ਖਾਲਿਸਤਾਨ ਦੇ ਮੁੱਦੇ ‘ਤੇ ਹਿੰਦੂ ਤੇ ਸਿੱਖ ਜਥੇਬੰਦੀਆਂ ਵਿਚ ਹੋਏ ਟਕਰਾਅ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿਥੇ ਇਸ ਲਈ ਅਕਾਲੀ ਦਲ ਤੇ ਭਾਜਪਾ ਨੂੰ ਜਿੰਮੇਵਾਰ ਦੱਸਿਆ ਹੈ, ਉਥੇ ਦੋਵਾਂ ਧਿਰਾਂ ਨੇ ਆਪ ਸਰਕਾਰ ਨੂੰ ਘੇਰ ਲਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਕਤ ਘਟਨਾ ਪਿੱਛੇ ਵਿਰੋਧੀ ਪਾਰਟੀਆਂ ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਸੀ। ‘ਆਪ` ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸਰਕਾਰ ਦੀ ਪਿੱਠ ਥਾਪੜਦਿਆਂ ਉਸ ਵੱਲੋਂ 48 ਘੰਟਿਆਂ ਵਿਚ ਘਟਨਾ ਦੇ ਮੁੱਖ ਸਾਜ਼ਿਸ਼ਕਾਰ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਆਖੀ ਹੈ। ਉਧਰ, ਭਾਜਪਾ ਇਸ ਮਾਮਲੇ ਲਈ ਸਿੱਧੇ ਤੌਰ `ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ ਅਤੇ ਦੋਸ਼ ਲਾਇਆ ਕਿ ਉਸ ਨੇ ਖ਼ੁਫੀਆ ਵਿੰਗ ਦੀਆਂ ਰਿਪੋਰਟਾਂ ਦੇ ਬਾਵਜੂਦ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਸਨ।
ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ‘ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਠੀਕ ਕਰਨ ਦੀ ਥਾਂ ਵਿਰੋਧੀਆਂ ‘ਤੇ ਦੋਸ਼ ਲਗਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦੀ ਘਟਨਾ ਤੋਂ ਬਾਅਦ ਆਈ.ਜੀ, ਡੀ.ਆਈ.ਜੀ. ਅਤੇ ਐਸ.ਐਸ.ਪੀ. ਨੂੰ ਬਦਲ ਦਿੱਤਾ ਗਿਆ, ਜਦਕਿ ਇਸ ਦੀ ਜ਼ਿੰਮੇਵਾਰੀ ਭਗਵੰਤ ਸਿੰਘ ਮਾਨ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਵਿਚ ਵਾਪਰੀਆਂ ਹਿੰਸਕ ਘਟਨਾਵਾਂ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾਵਾਂ ਸਿੱਧੇ ਤੌਰ ‘ਤੇ ਪ੍ਰਸ਼ਾਸਨਿਕ ਅਵੇਸਲਾਪਣ ਅਤੇ ਗੈਰ-ਜਿੰਮੇਵਾਰਾਨਾ ਸਿਆਸਤ ਦਾ ਨਤੀਜਾ ਹਨ, ਜੋ ‘ਆਪ‘ ਸਰਕਾਰ ਦੀ ਕਾਰਜਸ਼ੈੱਲੀ ਦੀ ਪਛਾਣ ਬਣ ਚੁੱਕੇ ਹਨ।
ਉਨ੍ਹਾਂ ਕਿਹਾ, ‘ਪੰਜਾਬ ਵਿਚ ਕੁਰਬਾਨੀਆਂ ਦੇ ਕੇ ਕਾਇਮ ਕੀਤੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ‘ਆਪ‘ ਸਰਕਾਰ ਨੇ ਪਿਛਲੇ ਕੁਝ ਹਫਤਿਆਂ ਦੌਰਾਨ ਹੀ ਗੰਭੀਰ ਖਤਰੇ ਪੈਦਾ ਕਰ ਦਿੱਤੇ ਗਏ ਹਨ।‘ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਏਕਤਾ, ਅਮਨ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਹਰ ਸਾਰਥਕ ਪਹਿਲਕਦਮੀ ਦਾ ਪੂਰਾ ਸਮਰਥਨ ਕਰੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਟਿਆਲਾ ਹਿੰਸਾ ਲਈ ‘ਆਪ` ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ। ਚੰਦੂਮਾਜਰਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਟਿਆਲਾ ਵਿਚ ਤਣਾਅ ਦੀ ਸੰਭਾਵਨਾ ਬਾਰੇ ਖੁਫੀਆ ਸੂਚਨਾਵਾਂ ਦੇ ਬਾਵਜੂਦ ਪੁਲਿਸ ਅਤੇ ਪੰਜਾਬ ਸਰਕਾਰ ਇਸ ਸਬੰਧੀ ਕਾਰਵਾਈ ਕਰਨ ਵਿਚ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੁਫੀਆ ਸੂਚਨਾਵਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਣਕਾਰੀ ਵਿਚ ਸਨ ਪਰ ਬਿਜਲੀ ਸੰਕਟ, ਕਣਕ ਦਾ ਘੱਟ ਝਾੜ ਅਤੇ ਹੋਰ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਪਟਿਆਲਾ ਵਿਚ ਟਕਰਾਅ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ: ਕੇਜਰੀਵਾਲ
ਨਵੀਂ ਦਿੱਲੀ: ਪਟਿਆਲਾ ਵਿਚ ਦੋ ਧੜਿਆਂ ਵਿਚ ਹੋਈਆਂ ਝੜਪਾਂ ਤੋਂ ਇਕ ਦਿਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਥੇ ਮੁੱਖ ਮੰਤਰੀਆਂ ਅਤੇ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਸਾਂਝੀ ਕਾਨਫਰੰਸ ਤੋਂ ਇਕਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਟਕਰਾਅ ਸੁਰੱਖਿਆ ਏਜੰਸੀਆਂ ਦੀ ਨਾਕਾਮੀ: ਸਿਮਰਨਜੀਤ
ਜਲੰਧਰ: ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਟਿਆਲਾ ਵਿਚ ਹੋਏ ਟਕਰਾਅ ਨੂੰ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਸ਼ਿਵ ਸੈਨਾ ਨਾਲ ਨਹੀਂ ਸਗੋਂ ਕੇਂਦਰ ਨਾਲ ਟਕਰਾਅ ਹੈ, ਜਿਹੜਾ ਪੰਥਕ ਮਸਲੇ ਹੱਲ ਨਹੀਂ ਕਰ ਰਿਹਾ। ਮਾਨ ਨੇ ਕਿਹਾ ਕਿ ਦੇਸ਼ ਦੀਆਂ ਸੂਹੀਆ ਏਜੰਸੀਆਂ ‘ਆਈਬੀ` ਤੇ ‘ਰਾਅ` ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀਆਂ ਹਨ। ਇਨ੍ਹਾਂ ਕੋਲ ਕਿਸੇ ਮਾਮਲੇ ਵਿਚ ਅਗਾਊਂ ਸੂਚਨਾ ਨਹੀਂ ਹੁੰਦੀ, ਭਾਵੇਂ ਉਹ ਘਰੇਲੂ ਮਸਲੇ ਹੋਣ ਜਾਂ ਕੌਮਾਂਤਰੀ ਪੱਧਰ ਦੇ।