ਢੀਂਡਸਾ ਵੱਲੋਂ ਬਾਦਲਾਂ ਨੂੰ ਸਿਆਸਤ ਤੋਂ ਲਾਂਭੇ ਹੋਣ ਦੀ ਸਲਾਹ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਪੰਥ ਤੇ ਪੰਜਾਬ ਦੀ ਭਲਾਈ ਲਈ ਸਿਆਸਤ ਤੋਂ ਲਾਂਭੇ ਹੋ ਜਾਣ। ਸ੍ਰੀ ਢੀਂਡਸਾ ਨੇ ਕਿਹਾ ਕਿ ਲੋਕਾਂ ਵਿਚ ਅਕਾਲੀ ਦਲ ਦੇ ਘਟੇ ਆਧਾਰ ਲਈ ਸਿਰਫ ਬਾਦਲ ਪਰਿਵਾਰ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਪੰਥ ਅਤੇ ਪੰਜਾਬ ਨੇ ਬਾਦਲ ਪਰਿਵਾਰ ਖਾਸ ਕਰ ਕੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਬਹੁਤ ਮਾਣ ਸਤਿਕਾਰ ਦਿੱਤਾ ਸੀ, ਪਰ ਅਫਸੋਸ ਦੀ ਗੱਲ ਹੈ ਕਿ ਸੱਤਾ ਦੇ ਨਸ਼ੇ ਵਿਚ ਇਹ ਪਰਿਵਾਰ ਲੋਕਾਂ ਦੀਆਂ ਆਸਾਂ `ਤੇ ਖਰਾ ਨਹੀਂ ਉਤਰ ਸਕਿਆ। ਸ੍ਰੀ ਢੀਂਡਸਾ ਨੇ ਕਿਹਾ ਕਿ ਲੰਘੀਆਂ ਚੋਣਾਂ ਦੌਰਾਨ ਬਾਦਲਾਂ ਦੀ ਅਗਵਾਈ ਨੂੰ ਪੰਜਾਬੀਆਂ ਅਤੇ ਸਿੱਖਾਂ ਨੇ ਮੁੱਢੋਂ ਨਕਾਰ ਦਿੱਤਾ ਹੈ, ਇਸ ਲਈ ਹੁਣ ਬਾਦਲ ਪਰਿਵਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿਆਸਤ ਵਿਚ ਉਨ੍ਹਾਂ ਦਾ ਦੌਰ ਖਤਮ ਹੋ ਚੁੱਕਿਆ ਹੈ।
ਸ੍ਰੀ ਢੀਂਡਸਾ ਨੇ ਇਸ ਮੌਕੇ ਸਮੁੱਚੇ ਸਿੱਖ ਪੰਥ ਨੂੰ ਕੌਮ ਤੇ ਸਮਾਜ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਇਸ ਮਹਾਨ ਜਥੇਬੰਦੀ ਨੂੰ ਮਜ਼ਬੂਤੀ ਬਖਸ਼ਣ ਵਿਚ ਮਦਦ ਕਰਨ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਅਪੀਲ ਕੀਤੀ ਕਿ ਉਹ ਕੌਮ ਦੇ ਬਿਹਤਰੀ ਲਈ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਣ।