ਪਾਕਿ `ਚ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਮੁੜ ਉਭਰਿਆ

ਚੰਡੀਗੜ੍ਹ: ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਵੱਡੇ ਸ਼ਹਿਰ ਪਿਸ਼ਾਵਰ ਵਿਚ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੰਵਲਜੀਤ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਨੇ ਇਕ ਵਾਰ ਫਿਰ ਘੱਟ ਗਿਣਤੀਆਂ ਦੀ ਸੁਰੱਖਿਆ ਉਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਖੁਰਾਸਾਨ ਨਾਂ ਦੀ ਅਤਿਵਾਦੀ ਜਥੇਬੰਦੀ ਵੱਲੋਂ ਲਈ ਗਈ ਹੈ। ਇਸ ਹਮਲੇ ਪਿੱਛੋਂ ਸਿੱਖ ਭਾਈਚਾਰੇ ਵਿਚ ਸਹਿਮ ਦਾ ਮਾਹੌਲ ਹੈ।

ਇਸ ਘਟਨਾ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸਖਤ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਾਕਿਸਤਾਨ ਵਿਚ ਵਸਦੇ ਘੱਟ ਗਿਣਤੀ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਦੋਹਾਂ ਸਿੱਖਾਂ ਦੀਆਂ ਪਿਸ਼ਾਵਰ ਤੋਂ ਕਰੀਬ 17 ਕਿਲੋਮੀਟਰ ਸਰਬੰਦ ਦੇ ਬਾਟਾਤਾਲ ਬਾਜ਼ਾਰ ‘ਚ ਕਰਿਆਨੇ ਅਤੇ ਮਸਾਲਿਆਂ ਆਦਿ ਦੀਆਂ ਦੁਕਾਨਾਂ ਸਨ।
ਪਿਸ਼ਾਵਰ ‘ਚ ਕਰੀਬ 15 ਹਜ਼ਾਰ ਸਿੱਖ ਰਹਿੰਦੇ ਹਨ ਅਤੇ ਇਨ੍ਹਾਂ ‘ਚੋਂ ਜ਼ਿਆਦਾਤਰ ਸਿੱਖ ਆਪਣਾ ਕਾਰੋਬਾਰ ਕਰਦੇ ਹਨ ਅਤੇ ਕੁਝ ਦੀਆਂ ਫਾਰਮੇਸੀਆਂ ਵੀ ਹਨ। ਸਾਲ 2020 ‘ਚ ਨਿਊਜ਼ ਚੈਨਲ ਦੇ ਐਂਕਰ ਰਵਿੰਦਰ ਸਿੰਘ ਦੀ ਸ਼ਹਿਰ ‘ਚ ਹੱਤਿਆ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ 2018 ‘ਚ ਚਰਨਜੀਤ ਸਿੰਘ ਅਤੇ 2016 ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੈਸ਼ਨਲ ਅਸੈਂਬਲੀ ‘ਚ ਮੈਂਬਰ ਸੋਰੇਨ ਸਿੰਘ ਦੀ ਪਿਸ਼ਾਵਰ ‘ਚ ਹੱਤਿਆ ਕਰ ਦਿੱਤੀ ਗਈ ਸੀ।
ਪਿਸ਼ਾਵਰ ‘ਚ ਦੋ ਸਿੱਖ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਪਾਕਿਸਤਾਨ ਅਤੇ ਖੈਬਰ ਪਖਤੂਨਖਵਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰਤ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਧਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਪਿਸ਼ਾਵਰ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ‘ਤੇ ਭੂ-ਮਾਫੀਆ ਵਲੋਂ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਵਿਚ ਡਰ ਦੀ ਭਾਵਨਾ ਵਧ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।