ਅੰਮ੍ਰਿਤਸਰ: ਹਾਸਰਸ ਕਲਾਕਾਰ ਭਾਰਤੀ ਸਿੰਘ ਵੱਲੋਂ ਸਿੱਖਾਂ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ‘ਤੇ ਸੰਸਥਾ ਦੇ ਸਕੱਤਰ ਵੱਲੋਂ ਦਰਜ ਕਰਾਈ ਗਈ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਇਕ ਵਫ਼ਦ ਨੇ ਪੁਲਿਸ ਦੇ ਡਿਪਟੀ ਕਮਿਸ਼ਨਰ ਕੋਲ ਇਹ ਸ਼ਿਕਾਇਤ ਪੱਤਰ ਦਿੱਤਾ ਹੈ। ਸ਼ਿਕਾਇਤ ਪੱਤਰ ਵਿਚ ਅਦਾਕਾਰਾ ਭਾਰਤੀ ਸਿੰਘ ਵੱਲੋਂ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਉਸ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਾਰਤੀ ਸਿੰਘ ਵੱਲੋਂ ਸਿੱਖਾਂ ਦੀ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ। ਭਾਵੇਂ ਉਸ ਨੇ ਸੋਸ਼ਲ ਮੀਡੀਆ ‘ਤੇ ਜਨਤਕ ਤੌਰ ‘ਤੇ ਸਿੱਖ ਭਾਈਚਾਰੇ ਕੋਲੋਂ ਮੁਆਫੀ ਮੰਗ ਲਈ ਹੈ ਪਰ ਸਿੱਖ ਜਥੇਬੰਦੀਆਂ ਵੱਲੋਂ ਉਸ ਦੀ ਇਸ ਟਿੱਪਣੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਇਸਤਰੀ ਅਕਾਲੀ ਦਲ ਵੱਲੋਂ ਭਾਰਤੀ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਰੋਸ ਵਿਖਾਵਾ ਵੀ ਕੀਤਾ ਗਿਆ।