ਬੰਦੀ ਸਿੱਖਾਂ ਦੀ ਰਿਹਾਈ ਲਈ ਨੌਂ ਮੈਂਬਰੀ ਸਾਂਝੀ ਕਮੇਟੀ ਕਾਇਮ

ਅੰਮ੍ਰਿਤਸਰ: ਲੰਮੇ ਸਮੇਂ ਤੋਂ ਸਜਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਨੌਂ ਮੈਂਬਰੀ ਕਮੇਟੀ ਕਾਇਮ ਕੀਤੀ ਹੈ।

ਬੰਦੀ ਸਿੱਖਾਂ ਦੀ ਰਿਹਾਈ ਲਈ ਸਾਂਝੇ ਤੌਰ ‘ਤੇ ਚਾਰਾਜੋਈ ਕਰਨ ਵਾਸਤੇ ਬਣਾਈ ਗਈ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਵਿੱਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਨਾਂ ਸ਼ਾਮਲ ਕੀਤੇ ਗਏ ਹਨ। ਸ੍ਰੀ ਧਾਮੀ ਨੇ ਦੱਸਿਆ ਕਿ ਇਹ ਕਮੇਟੀ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਸੰਸਥਾਵਾਂ ਤੇ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕੰਮ ਕਰੇਗੀ।