ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਹਾਈ ਕੋਰਟ ਅਤੇ ਫਰੀਦਕੋਟ ਸੈਸ਼ਨ ਕੋਰਟ ਵਿਚ ਚੱਲ ਰਹੇ ਮਾਮਲਿਆਂ ਦੀ ਠੀਕ ਢੰਗ ਨਾਲ ਪੈਰਵੀ ਕੀਤੀ ਜਾਵੇ।
ਉਨ੍ਹਾਂ ਇਸ ਮਾਮਲੇ ਵਿਚ ਪੈਰਵੀ ਠੀਕ ਨਾ ਹੋਣ ਦਾ ਦੋਸ਼ ਲਾਉਂਦਿਆਂ ਅਸਿੱਧੇ ਢੰਗ ਨਾਲ ਆਪਣੀ ਹੀ ਸਰਕਾਰ ਨਾਲ ਨਾਰਾਜ਼ਗੀ ਵੀ ਪ੍ਰਗਟਾਈ ਹੈ। ਵਿਧਾਇਕ ਨੇ ਇਹ ਪੱਤਰ ਸਿਰਫ ਮੁੱਖ ਮੰਤਰੀ ਨੂੰ ਹੀ ਨਹੀਂ ਸਗੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੂੰ ਵੀ ਭੇਜੇ ਹਨ। ਇਸ ਦਾ ਉਤਾਰਾ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਵੀ ਭੇਜਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਲਿਖਿਆ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਨਾਲ ਸਬੰਧਤ ਕੇਸ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿਚ ਬਕਾਇਆ ਪਏ ਹਨ ਅਤੇ ਇਨ੍ਹਾਂ ਦੀ ਠੀਕ ਢੰਗ ਨਾਲ ਪੈਰਵੀ ਨਹੀਂ ਕੀਤੀ ਜਾ ਰਹੀ ਹੈ।
ਉਨ੍ਹਾਂ ਮੁਤਾਬਕ ਫਰੀਦਕੋਟ ਦੀ ਸੈਸ਼ਨ ਅਦਾਲਤ ਵਿਚ ਵੀ ਇਹ ਮਾਮਲਾ ਲਾਵਾਰਸਾਂ ਵਾਂਗ ਪਿਆ ਹੈ। 9 ਅਪਰੈਲ, 2021 ਨੂੰ ਕਾਂਗਰਸ ਸਰਕਾਰ ਵੇਲੇ ਆਈ.ਜੀ. ਦਾ ਅਹੁਦਾ ਅਤੇ ਨੌਕਰੀ ਇਸੇ ਲਈ ਛੱਡੀ ਸੀ ਕਿਉਂਕਿ ਵੇਲੇ ਦੀ ਸਰਕਾਰ ਅਤੇ ਕੁਝ ਪ੍ਰਭਾਵਸ਼ਾਲੀ ਲੋਕਾਂ ਵਿਚਾਲੇ ਮਿਲੀਭੁਗਤ ਹੋ ਚੁੱਕੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਦੋੋਸ਼ੀ ਫਰੀਦਕੋਟ ਸੈਸ਼ਨ ਕੋਰਟ ਵਿਚ ਚੱਲ ਰਹੀ ਕਾਰਵਾਈ ਨੂੰ ਰੱਦ ਕਰਵਾ ਕੇ ਬਹਿਬਲ ਕਲਾਂ ਕੇਸ ਵਿਚੋਂ ਬਰੀ ਹੋਣਾ ਚਾਹੁੰਦੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਇਕ ਨਵੀਂ ਜਾਂਚ ਕਮੇਟੀ ਬਣਾਈ ਗਈ ਸੀ ਪਰ ਉਸ ਨੇ ਹੁਣ ਤਕ ਕੁਝ ਵੀ ਠੋਸ ਕੰਮ ਨਹੀਂ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਾਈ ਕੋਰਟ ਅਤੇ ਫਰੀਦਕੋਟ ਦੀ ਸੈਸ਼ਨ ਅਦਾਲਤ ਵਿਚ ਚੱਲ ਰਹੇ ਇਸ ਸਬੰਧੀ ਕੇਸਾਂ ਦੀ ਠੀਕ ਢੰਗ ਨਾਲ ਪੈਰਵੀ ਕਰਾਉਣ ਦਾ ਪ੍ਰਬੰਧ ਕਰਨ।
2015 ਵਿਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਪੰਥ ਵੱਲੋਂ ਨਿਰੰਤਰ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਦੇ ਆਧਾਰ ‘ਤੇ ਹੀ ਪਿਛਲੀ ਕਾਂਗਰਸ ਸਰਕਾਰ ਸੱਤਾ ਵਿਚ ਆਈ ਸੀ ਅਤੇ ਹੁਣ ‘ਆਪ’ ਸਰਕਾਰ ਵੀ ਇਸ ਮਾਮਲੇ ਵਿਚ ਲੋਕਾਂ ਨੂੰ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਹੈ। ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ, ਜਿਨ੍ਹਾਂ ਇਸ ਮਾਮਲੇ ਦੀ ਜਾਂਚ ਕੀਤੀ ਸੀ, ਉਹ ਪਿਛਲੇ ਵਰ੍ਹੇ ਤੋਂ ਹੀ ਦੁਹਾਈ ਦੇ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਸੱਤਾਧਾਰੀਆਂ ਦੀ ਮਦਦ ਨਾਲ ਇਸ ਕੇਸ ਨੂੰ ਦਬਾਉਣ ਦਾ ਯਤਨ ਕਰ ਰਹੇ ਹਨ। ਇਸੇ ਕਰਕੇ ਹੀ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਨੂੰ ਕਿਸੇ ਤਨ-ਪੱਤਣ ਨਹੀਂ ਲੱਗਣ ਦਿੱਤਾ ਗਿਆ ਸੀ। ਉਨ੍ਹਾਂ ਰੋਸ ਵਜੋਂ ਪੰਜਾਬ ਪੁਲਿਸ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਸੀ ਪਰ ਹੁਣ ਆਪਣੀ ਸਰਕਾਰ ਬਣਨ ਤੋਂ ਬਾਅਦ ਇਸ ਮਾਮਲੇ ਦੀ ਚੱਲ ਰਹੀ ਜਾਂਚ ਤੋਂ ਉਹ ਸੰਤੁਸ਼ਟ ਨਹੀਂ ਹਨ।
ਗੁਰਦੁਆਰਾ ਬੇਰ ਸਾਹਿਬ ਵਿਚ ਬੇਅਦਬੀ
ਚੇਤਨਪੁਰਾ: ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਦੋਂ ਗ੍ਰੰਥੀ ਸਿੰਘ ਪਾਠ ਕਰਨ ਲਈ ਗੁਰਦੁਆਰੇ ਆਇਆ ਤਾਂ ਰੁਮਾਲੇ ਹੇਠਾਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ ਹੋਏ ਸਨ। ਗੁਰਦੁਆਰੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਤੋਂ ਪਤਾ ਲੱਗਾ ਕਿ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਨੇ ਚਾਕੂ ਨਾਲ ਗੁਰੂ ਗ੍ਰੰਥ ਸਾਹਿਬ ਦੇ 39 ਅੰਗ ਪਾੜ ਦਿੱਤੇ ਹਨ। ਇਹ ਵਿਅਕਤੀ ਰੋਜ਼ਾਨਾ ਦੁਪਹਿਰ ਵੇਲੇ ਗੁਰਦੁਆਰੇ ਵਿਚ ਆਉਂਦਾ ਸੀ। ਉਧਰ, ਗੁਰਦੁਆਰੇ ਦੀ ਕਮੇਟੀ ਵੱਲੋਂ ਘਟਨਾ ਦੀ ਸੂਚਨਾ ਥਾਣਾ ਭਿੰਡੀ ਸੈਦਾ ਵਿਚ ਦਿੱਤੀ ਗਈ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ।