ਸਿਆਸੀ ਆਗੂਆਂ, ਜਥੇਦਾਰਾਂ ਤੇ ਅਫਸਰਾਂ ਦੀ ਸੁਰੱਖਿਆ ਛਤਰੀ ਛਾਂਗੀ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੂਬੇ ਦੇ ਸਿਆਸਤਦਾਨਾਂ, ਡੇਰੇਦਾਰਾਂ, ਸੇਵਾਮੁਕਤ ਸਿਵਲ ਅਤੇ ਪੁਲਿਸ ਅਫਸਰਾਂ ਸਮੇਤ ਤਖਤਾਂ ਦੇ ਜਥੇਦਾਰਾਂ ਦੀ ਸੁਰੱਖਿਆ ‘ਚ ਵੱਡੀ ਕਟੌਤੀ ਕੀਤੀ ਹੈ। ਕਈ ਹਸਤੀਆਂ ਦੀ ਸੁਰੱਖਿਆ ਵਾਪਸ ਵੀ ਲੈ ਲਈ ਗਈ ਹੈ। ਸਰਕਾਰ ਦੇ ਨਿਰਦੇਸ਼ਾਂ ‘ਤੇ ਪੁਲਿਸ ਵੱਲੋਂ 424 ਵਿਅਕਤੀਆਂ ਦੀ ਸੁਰੱਖਿਆ ਘਟਾਈ ਜਾਂ ਵਾਪਸ ਲਈ ਗਈ ਹੈ।
ਸੁਰੱਖਿਆ ਲਈ ਤਾਇਨਾਤ 500 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਪੁਲਿਸ ਦੀ ਡਿਊਟੀ ‘ਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਧੀਕ ਡੀ.ਜੀ.ਪੀ. (ਸੁਰੱਖਿਆ) ਵੱਲੋਂ ਜਾਰੀ ਪੱਤਰ ਮੁਤਾਬਕ ਜਿਨ੍ਹਾਂ ਵਿਸ਼ੇਸ਼ ਵਿਅਕਤੀਆਂ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਸੱਦਿਆ ਗਿਆ ਹੈ, ਉਨ੍ਹਾਂ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਹੋਰ ਆਗੂ ਸ਼ਾਮਲ ਹਨ। ਡੇਰਾ ਰਾਧਾ ਸੁਆਮੀ ਬਿਆਸ ਦੀ ਸੁਰੱਖਿਆ ‘ਚ ਤਾਇਨਾਤ 10 ਪੁਲਿਸ ਕਰਮਚਾਰੀ ਵਾਪਸ ਬੁਲਾ ਲਏ ਹਨ। ਦੁਆਬੇ ਦੇ ਮਸ਼ਹੂਰ ਡੇਰਾ ਬੱਲਾਂ, ਦਿਵਿਆ ਜੋਤੀ ਜਾਗਰਣ ਸੰਸਥਾਨ ਡੇਰਾ ਨੂਰਮਹਿਲ, ਬਾਬਾ ਸੁਖਦੇਵ ਸਿੰਘ ਡੇਰਾ ਰੂਮੀ ਭੁੱਚੋ, ਡੇਰਾ ਭੈਣੀ ਸਾਹਿਬ ਨਾਲ ਸਬੰਧਤ ਨਾਮਧਾਰੀ ਆਗੂ, ਨਾਨਕਸਰ ਕਲੇਰਾਂ ਸਮੇਤ ਕਈ ਧਾਰਮਿਕ ਆਗੂਆਂ ਦੀ ਸੁਰੱਖਿਆ ‘ਚ ਵੱਡੀ ਕਟੌਤੀ ਕੀਤੀ ਗਈ ਹੈ। ਜਿਨ੍ਹਾਂ ਸਿਆਸਤਦਾਨਾਂ ਦੀ ਸੁਰੱਖਿਆ ਘਟਾਈ ਗਈ ਹੈ, ਉਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਧੀ ਪ੍ਰਨੀਤ ਕੌਰ ਕੈਰੋਂ, ਸ਼ਮਸ਼ੇਰ ਸਿੰਘ ਦੂਲੋ, ਅਕਾਲੀ ਵਿਧਾਇਕਾ ਗਨੀਵ ਮਜੀਠੀਆ, ਨਵੀਂ ਦਿੱਲੀ ‘ਚ ਸਰਗਰਮ ਕਾਂਗਰਸ ਆਗੂ ਰਾਜੀਵ ਸ਼ੁਕਲਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ, ਕਾਂਗਰਸ ਆਗੂ ਤੇ ਡੇਰਾ ਸਿਰਸਾ ਮੁਖੀ ਦੇ ਕਰੀਬੀ ਰਿਸ਼ਤੇਦਾਰ ਹਰਮਿੰਦਰ ਸਿੰਘ ਜੱਸੀ, ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਭਾਜਪਾ ਆਗੂ ਤੀਕਸ਼ਣ ਸੂਦ, ਸਾਬਕਾ ਮੰਤਰੀ ਪਰਗਟ ਸਿੰਘ, ਬਾਬਾ ਕਸ਼ਮੀਰਾ ਸਿੰਘ ਜਲੰਧਰ, ਵਿਵਾਦਾਂ ‘ਚ ਰਹਿਣ ਵਾਲੇ ਸਾਬਕਾ ਪੁਲਿਸ ਇੰਸਪੈਕਟਰ ਗੁਰਮੀਤ ਸਿੰਘ ਪਿੰਕੀ ਆਦਿ ਪ੍ਰਮੁੱਖ ਹਨ। ਕੁਝ ਮੌਜੂਦਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ‘ਚ ਵੀ ਕਟੌਤੀ ਕੀਤੀ ਗਈ ਹੈ। ਸੱਤਾਧਾਰੀ ਪਾਰਟੀ ਦੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ‘ਚ ਕਟੌਤੀ ਨਹੀਂ ਕੀਤੀ ਗਈ ਹੈ। ਇਸ ਸੂਚੀ ਵਿਚ ‘ਆਪ‘ ਦਾ ਇਕੋ ਵਿਧਾਇਕ ਮਦਨ ਲਾਲ ਬੱਗਾ ਸ਼ਾਮਲ ਹੈ ਜਿਸ ਨਾਲ ਤਾਇਨਾਤ ਪੁਲਿਸ ਕਰਮਚਾਰੀਆਂ ਵਿਚੋਂ ਇਕ ਦੀ ਵਾਪਸੀ ਕੀਤੀ ਗਈ ਹੈ। ਪੰਜਾਬ ਵਿਚ ‘ਆਪ‘ ਦੀ ਸਰਕਾਰ ਦੇ ਗਠਨ ਤੋਂ ਬਾਅਦ ਸੁਰੱਖਿਆ ਵਾਪਸੀ ਦਾ ਇਹ ਤੀਜਾ ਝਟਕਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ, ਸੁਨੀਲ ਜਾਖੜ, ਰਾਜਿੰਦਰ ਕੌਰ ਭੱਠਲ ਅਤੇ ਹੋਰ ਕਈ ਆਗੂਆਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ। ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਹੁਣ ਤੱਕ ਇਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੂੰ ਸਿਆਸਤਦਾਨਾਂ ਦੀ ਸੁਰੱਖਿਆ ਤੋਂ ਵਾਪਸ ਬੁਲਾ ਕੇ ਪੁਲਿਸ ਦੀ ਡਿਊਟੀ ‘ਤੇ ਤਾਇਨਾਤ ਕੀਤਾ ਜਾ ਚੁੱਕਾ ਹੈ। ਪੰਜਾਬ ਵਿਚ ਪੁਲਿਸ ਦੀ ਕੁੱਲ ਨਫਰੀ 80 ਹਜ਼ਾਰ ਦੇ ਕਰੀਬ ਹੈ। 10 ਹਜ਼ਾਰ ਦੇ ਕਰੀਬ ਮੁਲਾਜ਼ਮ ਸਿਰਫ਼ ਸੁਰੱਖਿਆ ਲਈ ਹੀ ਤਾਇਨਾਤ ਕੀਤੇ ਹੋਏ ਹਨ।
ਅਕਾਲ ਤਖਤ ਦੇ ਜਥੇਦਾਰ ਵੱਲੋਂ ਸੁਰੱਖਿਆ ਲੈਣ ਤੋਂ ਨਾਂਹ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਸੁਰੱਖਿਆ ਛਤਰੀ ਵਿਚੋਂ ਕੁਝ ਸੁਰੱਖਿਆ ਕਰਮਚਾਰੀ ਵਾਪਸ ਲੈਣ ਮਗਰੋਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਸਾਰੇ ਸੁਰੱਖਿਆ ਕਰਮਚਾਰੀ ਅਤੇ ਵਾਹਨ ਵਾਪਸ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਟਾਸਕ ਫੋਰਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਵਲੋਂ ਕੌਮ ਦੇ ਨਾਂ ਵਧਾਈ ਸੰਦੇਸ਼ ਦੌਰਾਨ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਸਲਾਹ ਦਿੱਤੀ ਗਈ ਸੀ।
ਗਿਆਨੀ ਰਘਬੀਰ ਸਿੰਘ ਨੇ ਵੀ ਸੁਰੱਖਿਆ ਵਾਪਸ ਕੀਤੀ
ਸ੍ਰੀ ਅਨੰਦਪੁਰ ਸਾਹਿਬ: ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਆਪੋ-ਆਪਣੇ ਹੈੱਡ ਕੁਆਰਟਰਾਂ ‘ਤੇ ਜਾਣ ਲਈ ਕਹਿ ਦਿੱਤਾ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।