ਜਥੇਦਾਰ ਦੇ ਬਿਆਨ `ਤੇ ਫਿਰ ਵਿਵਾਦ

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਕਾ ਨੀਲਾ ਤਾਰਾ ਦੇ ਵਰ੍ਹੇਗੰਢ ਸਮਾਗਮ ਮੌਕੇ ਕੌਮ ਦੇ ਨਾਮ ਆਪਣੇ ਸੰਦੇਸ਼ ਵਿਚ ਸਿੱਖ ਨੌਜਵਾਨਾਂ ਨੂੰ ਆਧੁਨਿਕ ਅਥਿਆਰਾਂ ਦੀ ਸਿਖਲਾਈ ਬਾਰੇ ਆਪਣੇ ਬਿਆਨ ਨੂੰ ਮੁੜ ਦੁਹਰਾਇਆ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵਿਰਸੇ ਵਿਚ ਮਿਲੀ ਸਿੱਖ ਸ਼ਸਤਰ ਕਲਾ ਵਿਚ ਵੀ ਨਿਪੁੰਨ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਿੱਖ ਜਥੇਬੰਦੀਆਂ ਤੇ ਸੰਗਤ ਨੂੰ ਹਦਾਇਤ ਕੀਤੀ ਕਿ ਸਿੱਖ ਨੌਜਵਾਨਾਂ ਲਈ ਗਤਕਾ ਅਖਾੜਿਆਂ ਤੇ ਅਕੈਡਮੀਆਂ ਅਤੇ ਆਧੁਨਿਕ ਹਥਿਆਰਾਂ ਦੇ ਅਭਿਆਸ ਲਈ ਸ਼ੂਟਿੰਗ ਰੇਂਜਾਂ ਸਥਾਪਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਤੌਰ ਉਤੇ ਮਜ਼ਬੂਤ ਹੋਣ ਦੀ ਜ਼ਰੂਰਤ ਹੈ। ਕੁਝ ਦੂਜੇ ਲੋਕ ਲੁਕ-ਛਿਪ ਕੇ ਆਪਣੇ ਲੋਕਾਂ ਨੂੰ ਹਥਿਆਰਾਂ ਦੀ ਸਿਖਲਾਈ ਦੇ ਰਹੇ ਹਨ ਪਰ ਅਸੀਂ ਆਪਣੇ ਨੌਜਵਾਨਾਂ ਨੂੰ ਸ਼ਰੇਆਮ ਸ਼ਸਤਰ ਸਿਖਲਾਈ ਦੇਵਾਂਗੇ। ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਸਿੱਖੀ ਪ੍ਰਚਾਰ ਦੀ ਲੋੜ ਉਤੇ ਜ਼ੋਰ ਦਿੱਤਾ। ਉਧਰ, ਸਿਆਸੀ ਧਿਰਾਂ ਨੇ ਜਥੇਦਾਰ ਦੇ ਬਿਆਨ ਉਤੇ ਸਵਾਲ ਵੀ ਚੁੱਕੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰੂ ਘਰਾਂ ਵਿਚ ਆਧੁਨਿਕ ਹਥਿਆਰਾਂ ਦੀ ਸਿਖਲਾਈ ਦਿੱਤੇ ਜਾਣ ਦੇ ਸੱਦੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਥੇਦਾਰ ਦੁਨੀਆਂ ਅਤੇ ਖਾਸ ਕਰਕੇ ਖਾਸ ਕਰਕੇ ਸਿੱਖ ਕੌਮ ਨੂੰ ਕੀ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ। ਰਾਜਾ ਵੜਿੰਗ ਨੇ ਜਥੇਦਾਰ ਨੂੰ ਸੁਆਲ ਕੀਤਾ, “ਕੀ ਤੁਸੀਂ ਸਾਰਿਆਂ ਜਾਂ ਸਿਰਫ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ਅਤੇ ਕੀ ਇਸ ਨਾਲ ਦੂਜਿਆਂ ਵਿਚ ਅਸੁਰੱਖਿਆ ਅਤੇ ਅਵਿਸ਼ਵਾਸ ਦੀ ਭਾਵਨਾ ਪੈਦਾ ਨਹੀਂ ਹੋਵੇਗੀ।” ਉਨ੍ਹਾਂ ਅਪੀਲ ਕੀਤੀ ਕਿ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੀ ਥਾਂ ਜਥੇਦਾਰ ਸ਼ਾਂਤੀ ਦਾ ਸੰਦੇਸ਼ ਫੈਲਾਉਣ।