ਕੇਂਦਰ ਵੱਲੋਂ ਜਥੇਦਾਰ ਨੂੰ ਜ਼ੈੱਡ ਸੁਰੱਖਿਆ ਦੀ ਪੇਸ਼ਕਸ਼

ਨਵੀਂ ਦਿੱਲੀ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ‘ਜੈੱਡ` ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰਦਿਆਂ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਆਪਣਾ ਇਹ ਫੈਸਲਾ ਵਾਪਸ ਲੈ ਲਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਬਾਰੇ ਜਾਣਕਾਰੀ ਮੀਡੀਆ ਰਾਹੀਂ ਹੀ ਮਿਲੀ ਹੈ।

ਉਨ੍ਹਾਂ ਬਤੌਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਕੇਂਦਰ ਸਰਕਾਰ ਵੱਲੋਂ ਇਹ ਸੁਰੱਖਿਆ ਛੱਤਰੀ ਮੁਹੱਈਆ ਕਰਨ `ਤੇ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਨਾਲ ਹੀ ‘ਜੈੱਡ` ਸੁਰੱਖਿਆ ਲੈਣ ਮਗਰੋਂ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਖੁਲਾਸਾ ਕੀਤਾ ਹੈ।
ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦਾ ਕਾਰਜ ਖੇਤਰ ਧਰਮ ਪ੍ਰਚਾਰ ਨਾਲ ਜੁੜਿਆ ਹੋਇਆ ਹੈ, ਜਿਸ ਲਈ ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਵੱਖ-ਵੱਖ ਥਾਵਾਂ ‘ਤੇ ਜਾਣਾ ਪੈਂਦਾ ਹੈ। ਇਸ ਦੌਰਾਨ ਸੰਗਤ ਨੂੰ ਵੀ ਮਿਲਣਾ ਹੁੰਦਾ ਹੈ ਅਤੇ ਕਈ ਵਾਰ ਗੁਰਸਿੱਖਾਂ ਦੇ ਘਰਾਂ ਵਿਚ ਰਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਅਜਿਹੇ ਵਿਚ ਜੈੱਡ ਸੁਰੱਖਿਆ ਕਾਰਨ ਉਨ੍ਹਾਂ ਨੂੰ ਕਈ ਔਕੜਾਂ ਪੇਸ਼ ਆਉਣਗੀਆਂ। ਉਨ੍ਹਾਂ ਕੇਂਦਰ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਕਿਹਾ।
ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ‘ਜੈੱਡ` ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਆਗੂ ਲਈ ਸੰਭਾਵੀ ਖਤਰਾ ਵਧਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ ਤੇ ਉਨ੍ਹਾਂ ਨੂੰ ਮੁਲਕ ਦੀ ਦੂਜੀ ਸਭ ਤੋਂ ਅਹਿਮ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਲਿਆ ਸੀ।
ਇਕ ਅਧਿਕਾਰੀ ਨੇ ਕਿਹਾ ਕਿ ਜਥੇਦਾਰ ਨੂੰ ਮਿਲਣ ਵਾਲੀ ਜੈੱਡ ਵਰਗ ਦੀ ਸੁਰੱਖਿਆ ਦੀ ਕਮਾਨ ਸੀ.ਆਰ.ਪੀ.ਐਫ. ਕਮਾਂਡੋਜ ਕੋਲ ਹੋਵੇਗੀ। ਜ਼ਿਕਰਯੋਗ ਹੈ ਕਿ ਅਕਾਲ ਤਖਤ ਦੇ ਜਥੇਦਾਰ ਉਨ੍ਹਾਂ 400 ਤੋਂ ਵੱਧ ਹਸਤੀਆਂ ਵਿਚੋਂ ਇਕ ਸਨ ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਵਿਚ ਪੰਜਾਬ ਦੀ ਨਵੀਂ ਬਣੀ ‘ਆਪ` ਸਰਕਾਰ ਨੇ ਵਾਪਸ ਲੈ ਲਈ ਸੀ। ਹਾਲਾਂਕਿ ਜਥੇਦਾਰ ਦੀ ਸੁਰੱਖਿਆ ਮਗਰੋਂ ਬਹਾਲ ਕਰ ਦਿੱਤੀ ਗਈ ਸੀ ਪਰ ਉਨ੍ਹਾਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਜਥੇਦਾਰਾਂ ਦੀ ਸੁਰੱਖਿਆ ਕਰਨ ਦੇ ਸਮਰੱਥ: ਧਾਮੀ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਦੀ ਜੈੱਡ ਸੁਰੱਖਿਆ ਨਾ ਲੈਣ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਉਹ ਜਥੇਦਾਰਾਂ ਅਤੇ ਹੋਰ ਸਿੰਘ ਸਾਹਿਬਾਨਾਂ ਦੀ ਸੁਰੱਖਿਆ ਦਾ ਪ੍ਰਬੰਧ ਖੁਦ ਕਰਨ ਦੇ ਸਮਰੱਥ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾਈ ਤੇ ਕੇਂਦਰੀ ਸੁਰੱਖਿਆ ਛਤਰੀ ਲੈਣ ਤੋਂ ਇਨਕਾਰ ਕਰਕੇ ਪੰਥਕ ਰਵਾਇਤਾਂ ਅਨੁਸਾਰ ਇਕ ਸਹੀ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਘੱਲੂਘਾਰਾ ਦਿਵਸ ਦੇ ਨਾਂ ਹੇਠ ਅੰਮ੍ਰਿਤਸਰ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਨ ਦੀ ਵੀ ਨਿਖੇਧੀ ਕੀਤੀ।