ਲੋਕ ਸਭਾ ਹਲਕੇ ਸੰਗਰੂਰ ਦੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ

ਸੰਗਰੂਰ: ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਤੋਂ ਬਾਅਦ ਆਖਰੀ ਦਿਨ ਤਿੰਨ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਇਥੇ ਚੋਣ ਰਿਟਰਨਿੰਗ ਅਫਸਰ ਦੇ ਦਫਤਰ ਪੁੱਜ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿਚ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਉਮੀਦਵਾਰ ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ, ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਸ਼ਾਮਲ ਹਨ।

ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਐਲਾਨਿਆ ਹੈ। ਗੁਰਮੇਲ ਸਿੰਘ ਸਾਲ 2013 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਭਾਜਪਾ ਨੇ ਇਸੇ ਹਫਤੇ ਕਾਂਗਰਸ ਛੱਡ ਕੇ ਭਗਵਾ ਪਾਰਟੀ ਵਿਚ ਸ਼ਾਮਲ ਹੋਏ ਕੇਵਲ ਢਿੱਲੋਂ ਨੂੰ ਮੈਦਾਨ ਵਿਚ ਉਤਾਰਿਆ ਹੈ। ਕਾਂਗਰਸ ਆਖਰੀ ਦਿਨ ਤੱਕ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿਚੋਂ ਕਿਸੇ ਨੂੰ ਟਿਕਟ ਦੇਣ ਲਈ ਚਾਰਾਜੋਈ ਕਰਦੀ ਰਹੀ ਪਰ ਆਖਰ ਕਿਸੇ ਪਾਸੇ ਦਾਲ ਨਾ ਗਲਦੀ ਵੇਖ ਪਾਰਟੀ ਨੇ ਦਲਵੀਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾ ਦਿੱਤਾ। ਅਕਾਲੀ ਦਲ ਬਾਦਲ ਇਸ ਵਾਰ ਪੰਥਕ ਹਮਦਰਦੀ ਆਸਰੇ ਮੈਦਾਨ ਫ਼ਤਿਹ ਕਰਨ ਦੀ ਤਿਆਰੀ ਵਿਚ ਹੈ। ਅਕਾਲੀ ਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਉਮੀਦਵਾਰ ਬਣਾਇਆ ਹੈ ਤੇ ਪੰਥਕ ਏਕਤਾ ਦਾ ਵਾਸਤਾ ਪਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।
ਬੀਬੀ ਕਮਲਦੀਪ ਕੌਰ ਰਾਜੋਆਣਾ ਦਾ ਕਹਿਣਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਵਾਂਗ ਕਈ ਹੋਰ ਸਿੰਘ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ, ਜਿਨ੍ਹਾਂ ਦੀ ਰਿਹਾਈ ਕਰਾਉਣ ਦੇ ਉਦੇਸ਼ ਨਾਲ ਹੀ ਉਹ ਸਿਆਸੀ ਮੈਦਾਨ ਵਿਚ ਉਤਰੇ ਹਨ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੇ ਯਤਨਾਂ ਵਿਚ ਸਹਾਇਕ ਬਣਨ। ਬੀਬੀ ਰਾਜੋਆਣਾ ਨੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਵਾਸਤੇ ਮੈਦਾਨ ਵਿਚ ਨਿੱਤਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦਿੰਦਿਆਂ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਕੌਮ ਦੇ ਬਜ਼ੁਰਗ ਆਗੂ ਹਨ ਅਤੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ, ਇਸ ਲਈ ਉਹ ਵੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੇ ਸੰਘਰਸ਼ ਵਿਚ ਸਹਿਯੋਗ ਦੇਣ।
ਲੋਕ ਮੁੜ ਸਾਡੇ `ਤੇ ਭਰੋਸਾ ਕਰਨਗੇ: ਭਗਵੰਤ ਮਾਨ
ਸੰਗਰੂਰ: ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜਰੀ ਵਿਚ ਇਥੇ ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਹਲਕਾ ਦੀ ਜਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਚੋਣ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਦੇ ਦਫਤਰ ਪੁੱਜ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਵੀ ਮੌਜੂਦ ਸਨ। ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ ਲਈ ਟਿਕਟ ਦੇ ਕੇ ਨਿਵਾਜਿਆ ਜਾਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਿਵੇਂ ਪਹਿਲਾਂ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਨੇ ਦੋ ਵਾਰ ‘ਆਪ` ਦੇ ਹੱਕ ਵਿਚ ਫਤਵਾ ਦਿੱਤਾ ਹੈ, ਇਸ ਵਾਰ ਵੀ ਲੋਕ ਸਾਡੇ `ਤੇ ਭਰੋਸਾ ਕਰਦਿਆਂ ਗੁਰਮੇਲ ਸਿੰਘ ਘਰਾਚੋਂ ਨੂੰ ਜਿਤਾਉਣਗੇ।