ਮੂਸੇਵਾਲਾ ਦੇ ਪਰਿਵਾਰ ਦਾ ਕਾਂਗਰਸ ਨੂੰ ਝਟਕਾ

ਮਾਨਸਾ: ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਝਟਕਾ ਦਿੰਦਿਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਸਭ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਮ ਨੂੰ ਰਾਜਨੀਤਿਕ ਹਿੱਤਾਂ ਲਈ ਨਾ ਵਰਤਿਆ ਜਾਵੇ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਗੀਤ ਜਾਰੀ ਕੀਤਾ ਗਿਆ ਸੀ, ਜਿਸ ਵਿਚ ਸਿੱਧੂ ਮੂਸੇਵਾਲਾ ਦੀ ਦੇਹ ਅਤੇ ਉਸ ਦੀ ਯਾਦਗਾਰ (ਸਮਾਧ) ਦੀਆਂ ਤਸਵੀਰਾਂ ਨੂੰ ਵਿਖਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਮ ਨੂੰ ਰਾਜਨੀਤਕ ਹਿੱਤਾਂ ਲਈ ਨਾ ਵਰਤਿਆ ਜਾਵੇ।

ਪਰਿਵਾਰ ਵੱਲੋਂ ਇਹ ਅਪੀਲ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਉਤੇ ਕੀਤੀ ਗਈ ਹੈ। ਬੇਸ਼ੱਕ ਅਪੀਲ ਵਿਚ ਕਿਸੇ ਵਿਸ਼ੇਸ਼ ਵਿਅਕਤੀ ਜਾਂ ਪਾਰਟੀ ਦਾ ਨਾਮ ਨਹੀਂ ਲਿਆ ਗਿਆ ਹੈ ਪਰ ਫਿਰ ਵੀ ਇਸ ਨੂੰ ਕਾਂਗਰਸ ਪਾਰਟੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਕਿਉਂਕਿ ਪਾਰਟੀ ਨੇ 12 ਜੂਨ ਨੂੰ ਸੰਗਰੂਰ ਲੋਕ ਸਭਾ ਚੋਣ ਲਈ ਦਲਬੀਰ ਸਿੰਘ ਗੋਲਡੀ ਦੀ ਚੋਣ ਮੁਹਿੰਮ ਭਖਾਉਣ ਸਬੰਧੀ ਗਾਣਾ ਰਿਲੀਜ਼ ਕੀਤਾ ਸੀ, ਜਿਸ ਵਿਚ ਮੂਸੇਵਾਲੇ ਦੀ ਤਸਵੀਰ ਨੂੰ ਵਿਸ਼ੇਸ਼ ਤੌਰ ਉਤੇ ਉਭਾਰਿਆ ਗਿਆ ਸੀ। ਕਾਂਗਰਸ ਪਾਰਟੀ ਵੱਲੋਂ ਇਸ ਵਾਰ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਹਲਕੇ ਤੋਂ ਸਿੱਧੂ ਮੂਸੇਵਾਲਾ ਨੂੰ ਪਾਰਟੀ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਗਿਆ ਸੀ ਅਤੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਪਾਸੋਂ 63000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।