ਸੰਘਰਸ਼ਾਂ ਦਾ ਗੜ੍ਹ ਬਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ

ਸੰਗਰੂਰ: ਮੁੱਖ ਮੰਤਰੀ ਦਾ ਸ਼ਹਿਰ ਸੰਗਰੂਰ ਬੇਰੁਜ਼ਗਾਰ ਜਥੇਬੰਦੀਆਂ ਦੇ ਸੰਘਰਸ਼ਾਂ ਦਾ ਗੜ੍ਹ ਬਣ ਗਿਆ ਹੈ। ਲਗਭਗ ਅੱਧੀ ਦਰਜਨ ਜਥੇਬੰਦੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਅੱਗੇ ਪੱਕੇ ਮੋਰਚੇ ਆਏ ਹੋਏ ਹਨ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕੀਤੀ ਜਾ ਰਹੀ ਹੈ।

ਸਰਕਾਰ ਬਣਾਉਣ ਵੇਲੇ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰੀ ਦੂਰ ਕੀਤੀ ਜਾਵੇਗੀ ਤੇ ਮੱਖ ਮੰਤਰੀ ਬਣਨ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਹਰੇ ਪੈੱਨ ਦੀ ਵਰਤੋਂ ਅਸਾਮੀਆਂ ਕੱਢਣ ਲਈ ਕਰਨਗੇ, ਜਿਸ ਦੀ ਉਡੀਕ ਵਿਚ ਵੱਡੀ ਗਿਣਤੀ ਬੇਰੁਜ਼ਗਾਰ ਹੁਣ ਮੁੱਖ ਮੰਤਰੀ ਦੇ ਦਰਾਂ ‘ਤੇ ਆ ਕੇ ਬੈਠ ਗਏ ਹਨ।
ਮੁੱਖ ਮੰਤਰੀ ਦੀ ਕੋਠੀ ਅੱਗੇ ਕਰੋਨਾ ਯੋਧੇ ਨਰਸਾਂ, ਕਲਰਕ ਟੈਸਟ ਪਾਸ ਉਮੀਦਵਾਰ, ਪੰਜਾਬ ਪੁਲਿਸ ਭਰਤੀ ਉਮੀਦਵਾਰ, ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ, ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਨੌਕਰੀਓ ਹਟਾਏ ਵਰਕਰਾਂ ਦੇ ਕੁੱਲ ਪੰਜ ਪੱਕੇ ਰੋਸ ਧਰਨੇ ਜਾਰੀ ਹਨ, ਜਦਕਿ ਪਿਛਲੇ ਕਈ ਦਿਨਾਂ ਤੋਂ ਕੱਚੇ ਅਧਿਆਪਕ ਸਥਾਨਕ ਸਿਵਲ ਹਸਪਤਾਲ ਦੀ ਸੌ ਫੁੱਟ ਉੱਚੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਹੋਏ ਹਨ। ਕੱਚੇ ਅਧਿਆਪਕ ਯੂਨੀਅਨ ਦੀ ਸੂਬਾ ਆਗੂ ਕਿਰਨ ਕੌਰ ਢਿੱਲੋਂ ਨੇ ਕਿਹਾ ਕਿ ਉਹ ਪਿਛਲੇ 15/20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸਕੂਲਾਂ ਵਿਚ ਪੜ੍ਹਾ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ, ਸਗੋਂ ਢਾਈ ਮਹੀਨਿਆਂ ਤੋਂ ਮੀਟਿੰਗ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ।
ਉਧਰ, ਕਰੋਨਾ ਯੋਧਾ ਨਰਸਾਂ ਸੇਵਾਵਾਂ ਬਹਾਲ ਕਰਾਉਣ ਲਈ ਪਿਛਲੇ 35 ਦਿਨਾਂ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਾ ਕੇ ਬੈਠੀਆਂ ਹਨ। ਪੰਜਾਬ ਪੁਲਿਸ ਭਰਤੀ-2016 ਦੇ ਉਮੀਦਵਾਰ ਵੀ ਕਈ ਦਿਨਾਂ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਡਟੇ ਹੋਏ ਹਨ। ਦੋ ਵਾਰ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੀ ਹਾਲੇ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਕਲਰਕ ਟੈਸਟ ਪਾਸ ਉਮੀਦਵਾਰ-2016 ਵੀ ਇਥੇ ਧਰਨਾ ਦੇ ਰਹੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਮੈਰਿਟ ਸੂਚੀ ਵਿਚ ਸ਼ਾਮਲ ਹੋਣ ਦੇ ਬਾਵਜੂਦ ਹਾਲੇ ਤੱਕ ਉਨ੍ਹਾਂ ਦੀ ਨਿਯੁਕਤੀ ਨਹੀਂ ਹੋਈ। ਇਸ ਦੇ ਨਾਲ ਹੀ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਵੀ ਪੰਜਾਬ ਸਰਕਾਰ ਤੋਂ ਨੌਕਰੀ ਦੀ ਮੰਗ ਕਰ ਰਹੀਆਂ ਹਨ ਤੇ ਖ਼ਫ਼ਾ ਹਨ ਕਿ ਸਿਹਤ ਵਿਭਾਗ ਵੱਲੋਂ 2964 ਅਸਾਮੀਆਂ ਕੱਢਣ ਦੇ ਬਾਵਜੂਦ ਉਨ੍ਹਾਂ ਦੀ ਇੱਕ ਵੀ ਅਸਾਮੀ ਨਹੀਂ ਕੱਢੀ ਗਈ।
ਸੰਗਰੂਰ ਵਿਚ ਮਜ਼ਦੂਰਾਂ ਵੱਲੋਂ ਚਿਤਾਵਨੀ ਰੈਲੀ
ਸੰਗਰੂਰ: ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਵੱਡੀ ਗਿਣਤੀ ਮਜ਼ਦੂਰਾਂ ਨੇ ਇਥੇ ਸੂਬਾ ਪੱਧਰੀ ਚਿਤਾਵਨੀ ਰੈਲੀ ਕੀਤੀ। ਕਹਿਰ ਦੀ ਗਰਮੀ ਦੇ ਬਾਵਜੂਦ ਮਜ਼ਦੂਰਾਂ ਨੇ ਰੈਲੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਬੁਲਾਰਿਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸਰਕਾਰ ਵੱਲੋਂ ਕਈ ਮੰਗਾਂ ਪ੍ਰਵਾਨ ਕਰ ਲਈਆਂ ਗਈਆਂ ਹਨ, ਜਿਨ੍ਹਾਂ ਨੂੰ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਮੰਨੀਆਂ ਜਾਣ।
ਕਿਸਾਨਾਂ ਨੇ ਕੌਮੀ ਮਾਰਗ `ਤੇ ਮੋਰਚਾ ਲਾਇਆ
ਮੁਕੇਰੀਆਂ: ਕਿਸਾਨ ਜਥੇਬੰਦੀਆਂ ਨੇ ਖੰਡ ਮਿੱਲ ਮੁਕੇਰੀਆਂ ਵੱਲ ਖੜ੍ਹੇ ਕਰੀਬ 90 ਕਰੋੜ ਤੋਂ ਵੱਧ ਦੇ ਬਕਾਏ ਦੀ ਅਦਾਇਗੀ ਲਈ ਮੁਕੇਰੀਆਂ-ਜਲੰਧਰ ਕੌਮੀ ਮਾਰਗ ‘ਤੇ ਸਥਿਤ ਮਿੱਲ ਦੇ ਗੇਟ ਸਾਹਮਣੇ ਧਰਨਾ ਲਗਾਇਆ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 2021-22 ਦੀ ਬਕਾਇਆ ਖੜ੍ਹੀ 90 ਕਰੋੜ ਰੁਪਏ ਦੀ ਰਾਸ਼ੀ ਦੀ ਅਦਾਇਗੀ ਨਹੀਂ ਹੋਈ ਹੈ ਤੇ ਸਰਕਾਰ ਵੱਲੋਂ ਮਿਲਣ ਵਾਲੀ 35 ਰੁਪਏ ਪ੍ਰਤੀ ਕੁਇੰਟਲ ਦੀ ਰਕਮ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਖੰਡ ਮਿੱਲ ਦੇ ਮੁੱਖ ਗੰਨਾ ਅਧਿਕਾਰੀ ਸੰਜੇ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਹੋਈ ਮੀਟਿੰਗ ਵਿਚ ਉਨ੍ਹਾਂ ਮਿੱਲ ਵੱਲੋਂ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕੁਲ 85 ਕਰੋੜ ਰਕਮ ਬਕਾਇਆ ਹੈ ਤੇ ਉਹ ਰੋਜ਼ਾਨਾ ਇਕ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਰਹਿੰਦੀ ਰਕਮ ਵੀ 85 ਦਿਨਾਂ ਅੰਦਰ ਪਾ ਦਿੱਤੀ ਜਾਵੇਗੀ।