ਸ਼੍ਰੋਮਣੀ ਕਮੇਟੀ ਅਫਗਾਨ ਸਿੱਖਾਂ ਨੂੰ ਭਾਰਤ ਲਿਆਉਣ ਦਾ ਖਰਚਾ ਚੁੱਕੇਗੀ

ਅੰਮ੍ਰਿਤਸਰ: ਅਫਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੇ ਹਵਾਈ ਖਰਚ ਦਾ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ। ਅਫਗਾਨਿਸਤਾਨ ‘ਚ ਫਸੇ ਸਿੱਖ ਅਫਗਾਨਿਸਤਾਨ ਛੱਡ ਕੇ ਭਾਰਤ ਆਉਣ ਦੇ ਇੱਛੁਕ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਮੌਜੂਦਾ ਹਾਲਾਤ ਦੇ ਚੱਲਦਿਆਂ ਜਿਹੜੇ ਸਿੱਖ ਅਫਗਾਨਿਸਤਾਨ ਤੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਦੀਆਂ ਹਵਾਈ ਟਿਕਟਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧੀ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਹਿ ਰਹੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਤੁਰਤ ਮਨਜ਼ੂਰੀ ਦੇਵੇ ਤਾਂ ਕਿ ਉਹ ਡਰ ਭਰੇ ਮਾਹੌਲ ‘ਚੋਂ ਨਿਕਲ ਸਕਣ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ‘ਚ ਜਿਹੜੇ ਸਿੱਖਾਂ ਕੋਲ ਆਵਾਜਾਈ ਖਰਚਿਆਂ ਲਈ ਰਾਸ਼ੀ ਨਹੀਂ ਹੈ, ਉਨ੍ਹਾਂ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੀਤੇ ਦਿਨੀਂ ਦਿੱਲੀ ਵਿਚ ਅਫਗਾਨੀ ਸਿੱਖਾਂ ਨਾਲ ਗੱਲਬਾਤ ਹੋਈ ਸੀ ਜਿਨ੍ਹਾਂ ਨੇ ਅਫਗਾਨਿਸਤਾਨ ‘ਚ ਰਹਿ ਰਹੇ ਸਿੱਖਾਂ ਬਾਰੇ ਜਾਣੂ ਕਰਵਾਇਆ। ਅਫਗਾਨ ਸਿੱਖ ਡਰੇ ਹੋਏ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ ਜਿਸ ਕਾਰਨ ਸਿੱਖ ਕੌਮ ਚਿੰਤਤ ਹੈ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਨਿਸਤਾਨ ‘ਚ ਹਰ ਸਿੱਖ ਦੀ ਸੁਰੱਖਿਆ ਲਈ ਸੰਜੀਦਾ ਯਤਨ ਕਰੇ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਦੇਵੇ। ਅਫਗਾਨਿਸਤਾਨ ਵਿਚ ਤਾਲਿਬਾਨ ਦੀ ਸੱਤਾ ਆਉਣ ਤੋਂ ਬਾਅਦ ਹੁਣ ਤਕ ਉਥੇ 167 ਸਿੱਖ ਅਤੇ ਹਿੰਦੂ ਹੀ ਰਹਿ ਗਏ ਹਨ ਜਿਨ੍ਹਾਂ ਵਿਚੋਂ ਪੰਜ ਕੋਲ ਪਾਸਪੋਰਟ ਨਹੀਂ ਹੈ।