ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬਹੁਗਿਣਤੀ ਵੋਟਾਂ ਦੀ ਰਾਜਨੀਤੀ ਕਾਰਨ ਸਰਕਾਰਾਂ ਜੇਲ੍ਹਾਂ ਵਿਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀਆਂ। ਉਨ੍ਹਾਂ ਇਸ ਮਾਮਲੇ ਵਿਚ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਇਥੇ ਸ੍ਰੀ ਅਕਾਲ ਤਖਤ ‘ਤੇ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਸੰਬੋਧਨ ਕਰ ਰਹੇ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸ੍ਰੀ ਅਕਾਲ ਤਖਤ ਵਿਖੇ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਇਸ ਸਮਾਗਮ ਵਿਚ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੀ ਹਾਜਰ ਸਨ।
ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਗੁਰੂ ਨੇ ਗਵਾਲੀਅਰ ਦੇ ਕਿਲ੍ਹੇ ‘ਚੋਂ ਰਿਹਾਈ ਸਮੇਂ 52 ਹਿੰਦੂ ਰਾਜਿਆਂ ਨੂੰ ਵੀ ਆਪਣੇ ਨਾਲ ਰਿਹਾਅ ਕਰਵਾਇਆ ਸੀ, ਇਸੇ ਕਰ ਕੇ ਗੁਰੂ ਸਾਹਿਬ ਨੂੰ ਬੰਦੀ ਛੋੜ ਦਾਤਾ ਕਿਹਾ ਜਾਂਦਾ ਹੈ, ਪਰ ਅੱਜ ਉਸੇ ਗੁਰੂ ਦੇ ਸਿੰਘਾਂ ਨੂੰ ਸਜਾਵਾਂ ਪੂਰੀਆਂ ਹੋਣ ‘ਤੇ ਵੀ ਜੇਲ੍ਹਾਂ ‘ਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਬਹੁਗਿਣਤੀਆਂ ਨੂੰ ਖੁਸ਼ ਕਰਨ ਕਰ ਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਕੌਮ ਨੂੰ ਇਕੱਠਿਆਂ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਕੱਲੇ ਇਕੱਲੇ ਰਹਾਂਗੇ, ਤਾਂ ਸਿੱਖ ਮਸਲਿਆਂ ਦਾ ਹੱਲ ਕਰਨਾ ਔਖਾ ਹੋਵੇਗਾ। ਉਨ੍ਹਾਂ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਦੱਸੇ ਰਾਹ ‘ਤੇ ਚੱਲਣ ਲਈ ਪ੍ਰੇਰਿਆ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ।
ਇਥੇ ਦੱਸਣਯੋਗ ਹੈ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਕੀਤੀ ਪਹਿਲਕਦਮੀ ਮਗਰੋਂ ਸ਼੍ਰੋਮਣੀ ਕਮੇਟੀ ਨੇ 11 ਮੈਂਬਰੀ ਸਾਂਝੀ ਕਮੇਟੀ ਬਣਾਈ ਸੀ, ਜਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਵਾਸਤੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ, ਪਰ ਹਾਲੇ ਤੱਕ ਉਨ੍ਹਾਂ ਨੂੰ ਕਿਸੇ ਵੱਲੋਂ ਵੀ ਉਤਰ ਨਹੀਂ ਮਿਲਿਆ ਹੈ।
ਸੁਖਬੀਰ ਨੂੰ ਹਮਦਰਦੀ ਹੈ ਤਾਂ ਬੰਦੀ ਸਿੰਘਾਂ ਨੂੰ ਪ੍ਰਧਾਨਗੀ ਸੌਂਪਣ: ਸਿਮਰਨਜੀਤ ਮਾਨ
ਲਹਿਰਾਗਾਗਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੰਦੀ ਸਿੰਘਾਂ ਨਾਲ ਹਮਦਰਦੀ ਹੈ ਤਾਂ ਉਹ ਪ੍ਰਧਾਨਗੀ ਕਿਸੇ ਬੰਦੀ ਸਿੰਘ ਨੂੰ ਦੇਣ, ਦਮਦਮੀ ਟਕਸਾਲ ਦਾ ਮੁਖੀ ਵੀ ਕਿਸੇ ਬੰਦੀ ਸਿੰਘ ਨੂੰ ਬਣਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨਗੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪਣ। ਉਨ੍ਹਾਂ ਬਾਦਲ ਪਰਿਵਾਰ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਪੰਥ ਦੇ ਨਾਮ ਉਪਰ ਰਾਜਨੀਤੀ ਕੀਤੀ ਅਤੇ ਪੰਥ ਦਾ ਵੱਡਾ ਨੁਕਸਾਨ ਕੀਤਾ ਹੈ।