ਜਲੰਧਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 18 ਸਾਲਾਂ ਤੋਂ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ ਇਥੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ। ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ਦਾ ਵੇਰਵਾ ਆਪਣੇ ਸਾਥੀਆਂ ਨਾਲ ਸਾਂਝਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਕੱਚੇ ਅਧਿਆਪਕਾਂ ਨਾਲ ਮੁਹਾਲੀ ਧਰਨੇ ਦੌਰਾਨ ਵਾਅਦਾ ਕੀਤਾ ਸੀ ਕਿ ਸੱਤਾ ਵਿਚ ਆਉਣ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ 18 ਸਾਲਾਂ ਤੋਂ ਮਾਨਸਿਕ ਅਤੇ ਆਰਥਿਕ ਪਰੇਸ਼ਾਨੀਆਂ ਝੱਲਦੇ ਹੋਏ ਆਪਣੀਆਂ ਸੇਵਾਵਾਂ ਨਿਭਾਅ ਰਹੇ 13 ਹਜ਼ਾਰ ਕੱਚੇ ਅਧਿਆਪਕਾਂ ਨੂੰ ਜਲਦੀ ਪੱਕਾ ਕਰ ਕੇ ਉਨ੍ਹਾਂ ਨੂੰ ਰਾਹਤ ਦੀ ਖ਼ਬਰ ਦਿੱਤੀ ਜਾਵੇ। ਅਧਿਆਪਕਾਂ ਦੀ ਗੱਲ ਸੁਣਨ ਮਗਰੋਂ ਮੁੱਖ ਮੰਤਰੀ ਪੰਜਾਬ ਨੇ ਉਸੇ ਵੇਲੇ ਮੌਜੂਦ ਅਫਸਰਾਂ ਨੂੰ ਹਦਾਇਤ ਕੀਤੀ ਕਿ ਕੱਚੇ ਅਧਿਆਪਕਾਂ ਦਾ ਮੁੱਦਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਸ਼ਾਮਲ ਕੀਤਾ ਜਾਵੇ।
ਜਾਣਕਾਰੀ ਅਨੁਸਾਰ ਯੂਨੀਅਨ ਆਗੂਆਂ ਨੇ ਦੱਸਿਆ ਕਿ ਮੁਹਾਲੀ ਧਰਨੇ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਦੇਸ਼ ਭਗਤ ਯਾਦਗਾਰ ਹਾਲ ਵਿਚ ਸੂਬੇ ਭਰ ਵਿਚੋਂ ਕੱਚੇ ਅਧਿਆਪਕ ਇਕੱਠੇ ਹੋਏ ਸਨ। ਇਸ ਮੌਕੇ ਕੀਤੀ ਗਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਸੀ ਕਿ ਮੁੱਖ ਮੰਤਰੀ ਦੇ ਸਮਾਗਮ ਵਿਚ ਸ਼ਾਮਲ ਹੋ ਕੇ ਉਨ੍ਹਾਂ ਸਾਹਮਣੇ ਗੱਲ ਰਹੀ ਜਾਵੇਗੀ। ਜਲੰਧਰ ਪ੍ਰਸ਼ਾਸਨ ਨਾਲ ਜਥੇਬੰਦੀ ਦੇ ਆਗੂਆਂ ਦੀ ਪਹਿਲਾਂ ਤੋਂ ਚੱਲ ਰਹੀ ਗੱਲਬਾਤ ਦੌਰਾਨ ਪ੍ਰਸ਼ਾਸਨ ਨੇ ਯੂਨੀਅਨ ਆਗੂ ਅਜਮੇਰ ਔਲਖ ਤੇ ਮਨਪ੍ਰੀਤ ਸਿੰਘ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ ਸੀ।
ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਭਰੋਸਾ
ਚੰਡੀਗੜ੍ਹ: ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ। ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਵਫ਼ਦ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪੰਜਾਬ ਦੇ ਲਗਭਗ ਦੋ ਲੱਖ ਕਰਮਚਾਰੀ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਕਰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਮੰਗ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਪੰਜਾਬ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਮੁੱਦਾ ਜਲਦ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿਚ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤੀ ਗਈ ਹੈ, ਪੰਜਾਬ ਸਰਕਾਰ ਉਨ੍ਹਾਂ ਸੂਬਿਆਂ ਨਾਲ ਤਾਲਮੇਲ ਕਰ ਕੇ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਰਹੀ ਹੈ।