ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਬਣਨ ਦੀ ਦੌੜ ਵਿਚ ਸ਼ਾਮਲ ਹਨ। ਸੂਤਰਾਂ ਮੁਤਾਬਕ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗੱਠਜੋੜ (ਐਨ.ਡੀ.ਏ.) ਸਾਬਕਾ ਮੁੱਖ ਮੰਤਰੀ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਲੰਡਨ ਤੋਂ ਪਰਤਦਿਆਂ ਹੀ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ` ਦਾ ਭਾਜਪਾ ਵਿਚ ਰਲੇਵਾਂ ਕਰ ਲੈਣਗੇ।
ਭਾਜਪਾ ਅੰਦਰਲੇ ਸੂਤਰਾਂ ਨੇ ਕਿਹਾ, ‘’ਇਸ ਵੇਲੇ ਕਈ ਨਾਵਾਂ `ਤੇ ਵਿਚਾਰ ਚਰਚਾ ਚੱਲ ਰਹੀ ਹੈ, ਜਿਨ੍ਹਾਂ ਵਿਚ ਅਮਰਿੰਦਰ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਦੇ ਨਾਂ ਪ੍ਰਮੁੱਖ ਹਨ। ਉਪ ਰਾਸ਼ਟਰਪਤੀ ਉਮੀਦਵਾਰ ਦਾ ਨਾਂ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਤੇ ਸੰਸਦੀ ਬੋਰਡ ਵੱਲੋਂ ਫਾਈਨਲ ਕੀਤਾ ਜਾਵੇਗਾ। ਅਮਰਿੰਦਰ ਸਿੰਘ ਅੱਜਕੱਲ੍ਹ ਲੰਡਨ ਵਿਚ ਹਨ, ਜਿੱਥੇ ਉਹ ਪਿੱਠ ਦੇ ਅਪਰੇਸ਼ਨ ਮਗਰੋਂ ਸਿਹਤਯਾਬ ਹੇ ਰਹੇ ਹਨ। ਉਧਰ, ਅਮਰਿੰਦਰ ਨੇੜਲੇ ਸੂਤਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਸਿੰਘ ਦਾ ਨਾਮ ਐਨ.ਡੀ.ਏ. ਉਮੀਦਵਾਰ ਵਜੋਂ ਤਜਵੀਜ਼ ਕੀਤੇ ਜਾਣ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਉਂਜ ਸਿਆਸੀ ਹਲਕਿਆਂ ਵਿਚ ਇਹ ਚਰਚਾ ਵੀ ਹੈ ਕਿ ਉਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਨੂੰ ਇਕ ਹੋਰ ਕਾਰਜਕਾਲ ਮਿਲ ਸਕਦਾ ਹੈ। ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਲਈ ਤਜਵੀਜ਼ਤ ਹੈ।