ਕਿਸਾਨਾਂ ਵੱਲੋਂ ਹੁਣ ਕੇਂਦਰ ਦੀ ਮੁੜ ਘੇਰਾਬੰਦੀ ਦੀ ਤਿਆਰੀ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਕਾਨੂੰਨ ਬਣਾਉਣ ਸਣੇ ਹੋਰ ਵਾਅਦਿਆਂ ਤੋਂ ਪਾਸਾ ਵੱਟਣ ਪਿੱਛੋਂ ਕਿਸਾਨ ਜਥੇਬੰਦੀਆਂ ਵਿਚ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਵੱਡੇ ਪੱਧਰ ਉਤੇ ਸੰਘਰਸ਼ ਵਿੱਢਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਬਾਰੇ ਵੀ ਰਣਨੀਤੀ ਬਣਾਈ ਜਾ ਰਹੀ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ 31 ਜੁਲਾਈ ਨੂੰ ਸਮੁੱਚੇ ਦੇਸ਼ ਵਿਚ ਚਾਰ ਘੰਟੇ ਲਈ ਰੇਲ ਗੱਡੀਆਂ ਦਾ ਚੱਕਾ ਜਾਮ ਕਰਨਗੇ ਜੋ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਹੋਵੇਗਾ। ਇਸੇ ਤਰ੍ਹਾਂ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿਚ 75 ਘੰਟੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਮਾਹੌਲ ਬਣਿਆ ਤਾਂ ਉਹ ਕਿਸਾਨੀ ਘੋਲ ਦੀਆਂ ਬਕਾਇਆ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਵੀ ਕੂਚ ਕਰ ਸਕਦੇ ਹਨ।
ਉਧਰ, ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਗੈਰ-ਸਿਆਸੀ ਧਿਰਾਂ ਨੇ ਮੀਟਿੰਗ ਕਰ ਕੇ ਕਿਸਾਨੀ ਮਸਲਿਆਂ ਸਬੰਧੀ 22 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਦਾ ਇਕੱਠ ਕਰਨ ਦਾ ਐਲਾਨ ਕੀਤਾ ਹੈ ਤਾਂ ਜੋ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਲਈ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ ਯਕੀਨੀ ਬਣਾਉਣ ਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸ ਰੱਦ ਕਰਵਾਏ ਜਾ ਸਕਣ।
ਆਗੂਆਂ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਮੋਰਚੇ ਦਾ ਪ੍ਰਸਤਾਵ ਨਾ ਮੰਨਿਆ ਤਾਂ 23 ਅਗਸਤ ਨੂੰ ਅਗਲੀ ਕਾਰਵਾਈ ਲਈ ਸਿੰਘੂ ਬਾਰਡਰ ‘ਤੇ ਹੰਗਾਮੀ ਮੀਟਿੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਆਖਿਆ ਹੈ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਤੋਂ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਦੇ ਰੋਸ ਵਜੋਂ 3 ਅਗਸਤ ਨੂੰ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿਚ ਤਿੰਨ ਥਾਵਾਂ ‘ਤੇ ਕੌਮੀ ਮਾਰਗਾਂ ਉਤੇ ਅਣਮਿਥੇ ਸਮੇਂ ਲਈ ਧਰਨੇ ਦੇਣ ਦਾ ਐਲਾਨ ਕੀਤਾ ਗਿਆ।