ਹੁਣ ਸ਼ਹੀਦ ਭਗਤ ਸਿੰਘ ਦੇ ਨਾਂ `ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ

ਚੰਡੀਗੜ੍ਹ: ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਵਾਂ ਨਾਮ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹੋਵੇਗਾ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਵਿਚਾਲੇ ਸਹਿਮਤੀ ਬਣ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨਾਲ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਚਰਚਾ ਹੋਈ।

ਦੋਵਾਂ ਵਿਚਕਾਰ ਲੰਬਾ ਸਮਾਂ ਮੀਟਿੰਗ ਚੱਲਣ ਉਪਰੰਤ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸਹਿਮਤੀ ਦਿੱਤੀ ਗਈ। ਹੁਣ, ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਣ ਲਈ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਭੇਜਣਗੀਆਂ। ਇਸ ਤੋਂ ਬਾਅਦ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲਿਆ ਜਾ ਸਕਦਾ ਹੈ। ਗੌਰਤਲਬ ਹੈ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਕਾਫੀ ਸਮੇਂ ਤੋਂ ਮੰਗ ਉੱਠ ਰਹੀ ਹੈ। ਇਸ ਮਾਮਲੇ ‘ਤੇ ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਸਹਿਮਤੀ ਮੰਗੀ ਸੀ।
ਸਰਕਾਰ ਨੇ ਪਹਿਲਾਂ ਹੀ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕਰ ਦਿੱਤਾ ਸੀ ਜਦਕਿ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹਵਾਈ ਅੱਡੇ ਦਾ ਨਾਮ ਸਾਬਕਾ ਉਪ ਮੁੱਖ ਮੰਤਰੀ ਮੰਗਲ ਸੈਨ ਦੇ ਨਾਂ ‘ਤੇ ਰੱਖਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਨੇ ਵੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਮਤਾ ਪਾਸ ਕਰ ਦਿੱਤਾ ਸੀ, ਪਰ ਇਸ ਦੇ ਬਾਵਜੂਦ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲਿਆ ਨਹੀਂ ਜਾ ਸਕਿਆ। ਦੱਸਣਯੋਗ ਹੈ ਕਿ ਮੁਹਾਲੀ ‘ਚ 307 ਏਕੜ ਜ਼ਮੀਨ ‘ਤੇ ਤਿਆਰ ਹਵਾਈ ਅੱਡੇ ‘ਤੇ ਕੇਂਦਰ, ਪੰਜਾਬ ਤੇ ਹਰਿਆਣਾ ਦਾ ਅਧਿਕਾਰ ਹੈ।
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਕਿਹਾ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਬਾਰੇ ਪੰਜਾਬ ਅਤੇ ਹਰਿਆਣਾ ਵਿਚਕਾਰ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਏਅਰਪੋਰਟ ਦੀ ਉਸਾਰੀ ਵਿਚ ਪੰਜਾਬ ਅਤੇ ਹਰਿਆਣਾ ਬਰਾਬਰ ਦੇ ਹਿੱਸੇਦਾਰ ਹਨ, ਇਸ ਲਈ ਕੌਮਾਂਤਰੀ ਹਵਾਈ ਅੱਡੇ ਦੇ ਨਾਮ ਦੇ ਨਾਲ ਪੰਚਕੂਲਾ ਸ਼ਹਿਰ ਦਾ ਨਾਮ ਜੋੜਿਆ ਜਾਣਾ ਚਾਹੀਦਾ ਹੈ। ਸ੍ਰੀ ਚੌਟਾਲਾ ਨੇ ਕਿਹਾ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੰਗ ਰੱਖੀ ਗਈ ਹੈ ਤੇ ਹੁਣ ਕੇਂਦਰ ਸਰਕਾਰ ਕੋਲ ਵੀ ਮੰਗ ਰੱਖੀ ਜਾਵੇਗੀ।