ਮੂਸੇਵਾਲਾ ਦੇ ਪਿਤਾ ਵੱਲੋਂ ਸਰਕਾਰ ਨੂੰ ਕਾਰਵਾਈ ਲਈ ਹਫਤੇ ਦਾ ਅਲਟੀਮੇਟਮ

ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਪੁਲਿਸ ਨੇ ਭਾਵੇਂ 6 ਵਿਚੋਂ 5 ਸ਼ੂਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਹਾਲੇ ਤੱਕ ਇਨਸਾਫ ਨਾ ਮਿਲਣ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਇਕ ਹਫਤੇ ਦੀ ਮੋਹਲਤ ਦਿੱਤੀ ਹੈ ਅਤੇ ਇਸ ਮਗਰੋਂ ਇਨਸਾਫ ਖਾਤਰ ਸੜਕਾਂ ‘ਤੇ ਉਤਰਨ ਦਾ ਐਲਾਨ ਕੀਤਾ ਹੈ।

ਪਿੰਡ ਮੂਸਾ ਵਿਚ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਤੋਂ ਇਨਸਾਫ ਦੀ ਉਮੀਦ ਕਰਦਿਆਂ ਬਹੁਤ ਸਮਾਂ ਬੀਤ ਗਿਆ ਪਰ ਹੁਣ ਪੁੱਤ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਲੋਕਾਂ ਦੇ ਸਹਿਯੋਗ ਨਾਲ ਸੜਕਾਂ ‘ਤੇ ਉੱਤਰਨਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਹੀ ਦੋਸ਼ੀ ਨਹੀਂ ਹਨ ਸਗੋਂ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਵੀ ਕਤਲ ਕਾਂਡ ਲਈ ਬਰਾਬਰ ਜ਼ਿੰਮੇਵਾਰ ਹਨ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਨੂੰ ਮਾਰਨ ਲਈ ਵਰਤੇ ਹਥਿਆਰ ਖਰੀਦ ਕੇ ਦੇਣ ਵਾਲਿਆਂ ਅਤੇ ਕਾਤਲਾਂ ਨੂੰ ਪੈਸੇ ਦੇਣ ਵਾਲਿਆਂ ਖਿਲਾਫ ਵੀ ਕੇਸ ਦਰਜ ਹੋਣਾ ਜਰੂੁਰੀ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਲਈ ਗੈਂਗਸਟਰ ਸ਼ਬਦ ਨਾ ਵਰਤਿਆ ਜਾਵੇ ਬਲਕਿ ਉਨ੍ਹਾਂ ਨੂੰ ਗੁੰਡੇ ਜਾਂ ਬਦਮਾਸ਼ ਕਿਹਾ ਜਾਵੇ ਕਿਉਂਕਿ ਉਹ ਜਿਹੋ-ਜਿਹਾ ਕੰਮ ਕਰਦੇ ਹਨ, ਉਹੋ ਜਿਹਾ ਹੀ ਨਾਂ ਦੇਣਾ ਚਾਹੀਦਾ ਹੈ।
ਇਸ ਦੌਰਾਨ ਸੰਬੋਧਨ ਕਰਦਿਆਂ ਮਾਤਾ ਚਰਨ ਕੌਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਹ ਚੁੱਪ ਨਹੀਂ ਬੈਠਣਗੇ। ਉਨ੍ਹਾਂ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਹਰੇਕ ਪਿੰਡ ਵਿਚ ਮੋਮਬੱਤੀ ਮਾਰਚ ਕਰਨ ਦੀ ਅਪੀਲ ਕੀਤੀ। ਮਾਤਾ ਚਰਨ ਕੌਰ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦਾ ਪੁੱਤ ਮਹਾਨ ਸੀ, ਜਿਸ ਨੇ ਕੋਈ ਵੀ ਗੁਨਾਹ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲ ਦੇ ਕਾਤਲ ਡਰਪੋਕ ਸਨ, ਜਿਨ੍ਹਾਂ ਨੇ ਸਿੱਧੂ ਨੂੰ ਘੇਰ ਕੇ ਮਾਰਿਆ ਹੈ। ਉਨ੍ਹਾਂ ਦੇ ਪੁੱਤ ਨੂੰ ਅਜਿਹੀ ਮੌਤ ਦੇਣ ਵਾਲਿਆਂ ਨੂੰ ਉਹ ਬਦ-ਦੁਆ ਦਿੰਦੀ ਹੈ। ਉਨ੍ਹਾਂ ਸਰਕਾਰ ‘ਤੇ ਰੋਸ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਕੋਈ ਉਮੀਦ ਨਹੀਂ ਪਰ ਉਹ ਹਰ ਕੀਮਤ ‘ਤੇ ਇਨਸਾਫ ਲੈ ਕੇ ਹੀ ਰਹੇਗੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ ਨਵਾਂ ਕੇਸ ਦਰਜ
ਮੁਹਾਲੀ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਪੰਜਾਬ ਪੁਲਿਸ ਦੇ ਸਟੇਟ ਕਰਾਈਮ ਵਿੰਗ ਨੇ ਮੁਹਾਲੀ ਵਿਚ ਵੱਖ-ਵੱਖ ਧਾਰਾਵਾਂ ਤਹਿਤ ਨਵਾਂ ਅਪਰਾਧਿਕ ਕੇਸ ਦਰਜ ਕੀਤਾ ਹੈ। ਲਾਰੈਂਸ ‘ਤੇ ਆਪਣੇ ਦੋ ਭਰਾਵਾਂ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਦੋਸ਼ ਹੈ। ਪੁਲਿਸ ਨੇ ਇਸ ਮਾਮਲੇ ਵਿਚ ਗੈਂਗਸਟਰ ਦੇ ਦੋਵੇਂ ਭਰਾਵਾਂ ਅਤੇ ਉਨ੍ਹਾਂ ਨੂੰ ਜਾਅਲੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਵੀ ਨਾਮਜ਼ਦ ਕੀਤਾ ਹੈ।
ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਡੂੰਘਾਈ ਨਾਲ ਕੇਸ ਦੀ ਪੜਤਾਲ ਕਰ ਰਹੀ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਕਈ ਵੱਡੇ ਗੈਂਗਸਟਰਾਂ ਨੂੰ ਪੰਜਾਬ ਵਿਚ ਲਿਆ ਕੇ ਪੜਤਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਕਤਲ ਮਾਮਲੇ ‘ਚ ਸ਼ਾਮਲ ਜ਼ਿਆਦਾਤਰ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦੋਂਕਿ ਰਹਿੰਦਿਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਕਾਤਲਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ।